ਪਾਕਿਸਤਾਨੀ ਸਿੱਖ ਜਥੇ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਪਾਕਿਸਤਾਨੀ ਸਿੱਖ ਜਥੇ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
Publish Date: Mon, 26 Oct 2026 03:52 PM (IST)
Updated Date: Mon, 26 Oct 2026 03:55 PM (IST)
49 ਮੈਂਬਰੀ ਜਥੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ: ਭਾਰਤ ਦੇ ਇਤਿਹਾਸਕ ਗੁਰਧਾਮਾਂ ਦੀ ਯਾਤਰਾ ’ਤੇ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਥੇ ਦੇ ਮੈਂਬਰਾਂ ਨੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਿਆਂ ਲਈ ਅਰਦਾਸ ਕੀਤੀ। ਇਹ ਜਥਾ ਬੀਤੀ ਦੇਰ ਰਾਤ ਦਿੱਲੀ ਤੋਂ ਅਨੰਦਪੁਰ ਸਾਹਿਬ ਪਹੁੰਚਿਆ ਸੀ। ਜਥੇ ਦਾ ਸਵਾਗਤ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਰਫੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਅਤੇ ਤਖ਼ਤ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਜਥੇ ਦਾ ਸਵਾਗਤ ਕੀਤਾ। ਜਥੇ ਦੇ ਮੈਂਬਰਾਂ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਵੀ ਦਰਸ਼ਨ ਕੀਤੇ। ਇਸ ਉਪਰੰਤ ਤਖ਼ਤ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਜਥੇ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਦਿਲਜੀਤ ਸਿੰਘ ਭਿੰਡਰ ਅਤੇ ਅਜਮੇਰ ਸਿੰਘ ਖੇੜਾ ਵੀ ਮੌਜੂਦ ਸਨ। ਜਥੇ ਦੇ ਆਗੂ ਪਪਿੰਦਰ ਸਿੰਘ ਨੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਥਾਹ ਸਕੂਨ ਮਿਲਿਆ ਹੈ। ਇਸ ਯਾਤਰਾ ਦੀਆਂ ਯਾਦਾਂ ਉਹ ਹਮੇਸ਼ਾ ਆਪਣੇ ਚੇਤਿਆਂ ’ਚ ਵਸਾ ਕੇ ਰੱਖਣਗੇ। ਇਸ 49 ਮੈਂਬਰੀ ਜਥੇ ’ਚ 31 ਮਰਦ, 17 ਔਰਤਾਂ ਅਤੇ ਇੱਕ ਬੱਚਾ ਸ਼ਾਮਲ ਸੀ। ਜਥਾ 8 ਅਕਤੂਬਰ ਨੂੰ ਪਾਕਿਸਤਾਨ ਤੋਂ ਤਾਸ਼ਕੰਦ ਰਾਹੀਂ ਭਾਰਤ ਪਹੁੰਚਿਆ ਸੀ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਜਥੇ ਨੇ ਦਿੱਲੀ ਦੇ ਗੁਰਧਾਮਾਂ ਦੇ ਦਰਸ਼ਨ ਕੀਤੇ ਅਤੇ ਫਿਰ ਫਤਹਿਗੜ੍ਹ ਸਾਹਿਬ ਤੇ ਚਮਕੌਰ ਸਾਹਿਬ ਹੁੰਦਾ ਹੋਇਆ ਅਨੰਦਪੁਰ ਸਾਹਿਬ ਪਹੁੰਚਿਆ। ਅਨੰਦਪੁਰ ਸਾਹਿਬ ਤੋਂ ਰਵਾਨਾ ਹੋਣ ਉਪਰੰਤ ਜਥੇ ਨੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਕਰਨੇ ਹਨ ਅਤੇ ਇਸ ਤੋਂ ਬਾਅਦ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਾ ਹੈ। ਜਥਾ 30 ਅਕਤੂਬਰ ਨੂੰ ਦਿੱਲੀ ਤੋਂ ਤਾਸ਼ਕੰਦ ਰਾਹੀਂ ਹਵਾਈ ਜਹਾਜ਼ ਰਾਹੀਂ ਪਾਕਿਸਤਾਨ ਵਾਪਸ ਰਵਾਨਾ ਹੋਵੇਗਾ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਉਪ-ਦਫ਼ਤਰ ਤੋਂ ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜ਼ਰ ਸਨ।