ਜ਼ਿਲ੍ਹਾ ਐਪਰੋਪ੍ਰੀਏਟ ਅਥਾਰਟੀ ਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀਆਂ ਵਿਚਾਰਾਂ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਟੀ ਅਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ
Publish Date: Sat, 31 Oct 2026 03:56 PM (IST)
Updated Date: Sat, 31 Oct 2026 03:59 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਰੂਪਨਗਰ ’ਚ ਪੀਸੀਪੀਐੱਨਡੀਟੀ ਐਕਟ 1994 ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਭਰੂਣ ਦੇ ਲਿੰਗ ਦੀ ਜਾਂਚ ਤੇ ਲਿੰਗ ਚੋਣ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਟੀ ਅਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਐਕਟ ਦੀ ਪ੍ਰਭਾਵਸ਼ਾਲੀ ਪਾਲਣਾ ਯਕੀਨੀ ਬਣਾਉਣ, ਅਲਟਰਾਸਾਊਂਡ ਸੈਂਟਰਾਂ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕਰਨ ਅਤੇ ਜ਼ਿਲ੍ਹੇ ’ਚ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹੇ ’ਚ ਪੀਸੀਪੀਐੱਨਡੀਟੀ. ਐਕਟ ਤਹਿਤ ਪਿਛਲੇ ਮਹੀਨਿਆਂ ਦੌਰਾਨ ਕੀਤੀਆਂ ਗਈਆਂ ਜਾਂਚਾਂ, ਅਲਟਰਾਸਾਊਂਡ ਸੈਂਟਰਾਂ ਦੀ ਰਜਿਸਟ੍ਰੇਸ਼ਨ ਅਤੇ ਰਜਿਸਟ੍ਰੇਸ਼ਨ ਦੇ ਨਵੀਨੀਕਰਨ ਸਬੰਧੀ ਕਾਰਵਾਈ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਸਿਹਤ ਸੰਸਥਾਵਾਂ ਅਤੇ ਅਲਟਰਾਸਾਊਂਡ ਸੈਂਟਰਾਂ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ, ਮਰੀਜ਼ਾਂ ਦੇ ਰਿਕਾਰਡ ਦੀ ਸਹੀ ਸਾਂਭ-ਸੰਭਾਲ ਅਤੇ ਲਾਜ਼ਮੀ ਦਸਤਾਵੇਜ਼ਾਂ ਦੀ ਉਪਲਬਧਤਾ ਸਬੰਧੀ ਵੀ ਸਮੀਖਿਆ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਪੀਸੀਪੀਐੱਨਡੀਟੀ. ਐਕਟ ਦੀ ਸਖ਼ਤੀ ਨਾਲ ਪਾਲਣਾ ਕਰਵਾਉਣਾ ਸਿਹਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਭਰੂਣ ਦੇ ਲਿੰਗ ਦੀ ਚੋਣ ਅਤੇ ਲਿੰਗ ਨਿਰਧਾਰਨ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਸਮਾਜ ’ਚ ਲੜਕੀਆਂ ਪ੍ਰਤੀ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਅਤੇ ਲੜਕਿਆਂ ਨੂੰ ਬਰਾਬਰ ਦੇ ਅਧਿਕਾਰ ਅਤੇ ਸਨਮਾਨ ਦੇਣਾ ਇੱਕ ਸਿਹਤਮੰਦ ਤੇ ਬਰਾਬਰੀ ਵਾਲੇ ਸਮਾਜ ਦੀ ਨੀਂਹ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਚੱਲ ਰਹੇ ਸਾਰੇ ਰਜਿਸਟਰਡ ਅਲਟਰਾਸਾਊਂਡ ਸੈਂਟਰਾਂ ਦੀ ਨਿਯਮਾਂ ਅਨੁਸਾਰ ਸਮੇਂ-ਸਮੇਂ ’ਤੇ ਜਾਂਚ ਯਕੀਨੀ ਬਣਾਈ ਜਾਵੇ। ਜਾਂਚ ਦੌਰਾਨ ਇਹ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਇਆ ਜਾਵੇ ਕਿ ਸੈਂਟਰਾਂ ਵੱਲੋਂ ਐਕਟ ਅਧੀਨ ਨਿਰਧਾਰਤ ਸ਼ਰਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਮਰੀਜ਼ਾਂ ਦੇ ਰਿਕਾਰਡ ਸਮੇਤ ਲਾਜ਼ਮੀ ਫਾਰਮ ਨਿਯਮਾਂ ਅਨੁਸਾਰ ਭਰੇ ਤੇ ਸੰਭਾਲੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸੈਂਟਰ ਵੱਲੋਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਸਬੰਧਤ ਧਿਰ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਅਲਟਰਾਸਾਊਂਡ ਸੈਂਟਰਾਂ ਦੀ ਰਜਿਸਟ੍ਰੇਸ਼ਨ ਅਤੇ ਨਵੀਨੀਕਰਨ ਨਾਲ ਸਬੰਧਤ ਮਾਮਲਿਆਂ, ਉਨ੍ਹਾਂ ਦੀ ਕਾਰਜਪ੍ਰਣਾਲੀ ਅਤੇ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਕਦਮਾਂ ’ਤੇ ਵਿਚਾਰ ਕੀਤਾ ਗਿਆ। ਕਮੇਟੀ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ’ਚ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਨਿਗਰਾਨੀ ਪ੍ਰਣਾਲੀ ਨੂੰ ਵੀ ਹੋਰ ਮਜ਼ਬੂਤ ਕੀਤਾ ਜਾਵੇ। ਮੀਟਿੰਗ ਦੌਰਾਨ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ, ਲਿੰਗ ਦੱਸਣਾ ਜਾਂ ਲਿੰਗ ਚੋਣ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਹੋਣਾ ਕਾਨੂੰਨ ਅਨੁਸਾਰ ਸਜ਼ਾਯੋਗ ਅਪਰਾਧ ਹੈ। ਇਸ ਲਈ ਆਮ ਲੋਕਾਂ ’ਚ ਵੀ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ, ਤਾਂ ਜੋ ਸਮਾਜ ’ਚ ਲੜਕੀਆਂ ਪ੍ਰਤੀ ਭੇਦਭਾਵ ਨੂੰ ਖ਼ਤਮ ਕਰਨ ਅਤੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਪੀਸੀਪੀਐਨਡੀਟੀ. ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਯਮਤ ਨਿਗਰਾਨੀ, ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਸਿਹਤ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ, ਤਾਂ ਜੋ ਭਰੂਣ ਦੇ ਲਿੰਗ ਦੀ ਜਾਂਚ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਗਾਇਨੀਕੋਲੋਜਿਸਟ ਅਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਚੇਅਰਪਰਸਨ ਡਾ. ਨੀਰਜ, ਡਾ. ਗੁਰਸੇਵਕ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਰਵਿੰਦਰ ਸਿੰਘ, ਰੋਟਰੀ ਕਲੱਬ ਰੂਪਨਗਰ ਦੀ ਪ੍ਰਧਾਨ ਗਗਨ ਸੈਣੀ, ਰਾਜੇਸ਼ ਸਹਿਗਲ, ਏਡੀਏ. ਲਵਪ੍ਰੀਤ ਕੌਰ ਅਤੇ ਜ਼ਿਲ੍ਹਾ ਬੀਸੀਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਸਮੇਤ ਹੋਰ ਸਬੰਧਤ ਅਧਿਕਾਰੀ ਤੇ ਮੈਂਬਰ ਹਾਜ਼ਰ ਸਨ।