ਫੁੱਟਬਾਲ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੰਦੇਸ਼ ਘਨੌਲੀ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੰਦੇਸ਼
Publish Date: Sun, 15 Nov 2026 03:04 PM (IST)
Updated Date: Sun, 15 Nov 2026 03:06 PM (IST)
ਪੁਸ਼ਪਿੰਦਰ ਗੋਲੀਆ, ਪੰਜਾਬੀ ਜਾਗਰਣ, ਘਨੌਲੀ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਘਨੌਲੀ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ’ਚ ਖੇਡ ਭਾਵਨਾ ਪੈਦਾ ਕਰਨ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਹ ਉਪਰਾਲਾ ਘਨੌਲੀ ਪੁਲਿਸ ਚੌਂਕੀ ਦੇ ਸਹਿਯੋਗ ਨਾਲ ਨੂੰਹੋਂ ਰਤਨਪੁਰਾ ਵੱਲੋਂ ਕੀਤਾ ਗਿਆ। ਇਸ ਖੇਡ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਐੱਸਐੱਚਓ. ਥਾਣਾ ਸਦਰ ਰੂਪਨਗਰ ਸੰਨੀ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਏਐੱਸਆਈ. ਗੁਰਿੰਦਰ ਸਿੰਘ, ਇੰਚਾਰਜ ਪੁਲਿਸ ਚੌਂਕੀ ਘਨੌਲੀ ਤੇ ਆਮ ਆਦਮੀ ਪਾਰਟੀ ਤੋਂ ਓਮਰਾਓ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਤੇ ਸਮਾਜ ਦੀ ਅਨਮੋਲ ਪੂੰਜੀ ਹੁੰਦੇ ਹਨ ਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਮੁੱਖ ਲੋੜ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਬੱਚਿਆਂ ਤੇ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਸਗੋਂ ਉਨ੍ਹਾਂ ’ਚ ਅਨੁਸ਼ਾਸਨ, ਸਹਿਣਸ਼ੀਲਤਾ, ਟੀਮ ਭਾਵਨਾ, ਆਪਸੀ ਸਹਿਯੋਗ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਕਾਰਾਤਮਕ ਰੁਝਾਨਾਂ ਤੋਂ ਦੂਰ ਰੱਖਣ ’ਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ, ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਤੇ ਸਮਾਜ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਵੀ ਅੱਗੇ ਆਉਣ। ਇਸ ਟੂਰਨਾਮੈਂਟ ਰਾਹੀਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਾ ਮੁਕਤ, ਸਿਹਤਮੰਦ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ ਗਿਆ।