ਕੌਮੀ ਸਵੈ-ਇੱਛੁਕ ਖ਼ੂਨਦਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਕੌਮੀ ਸਵੈ-ਇੱਛੁਕ ਖ਼ੂਨਦਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ
Publish Date: Thu, 17 Sep 2026 04:56 PM (IST)
Updated Date: Thu, 17 Sep 2026 04:59 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਪੰਜਾਬ ਵੱਲੋਂ ਕੌਮੀ ਸਵੈ-ਇੱਛੁਕ ਖ਼ੂਨਦਾਨ ਦਿਵਸ-2026 ਤਹਿਤ ਸਰਕਾਰੀ ਬਲੱਡ ਬੈਂਕ ਰੂਪਨਗਰ ’ਚ ਖੂਨਦਾਨੀ ਪਹੁੰਚ ਕੇ ਖੂਨਦਾਨ ਕਰ ਰਹੇ ਹਨ ਉੱਥੇ ਗੁਰਦੁਆਰਾ ਟਿੱਬੀ ਸਾਹਿਬ ਰੂਪਨਗਰ ਵਿਖੇ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ 25 ਖੂਨਦਾਨੀਆਂ ਨੇ ਖੂਨਦਾਨ ਕੀਤਾ। ਕੈਂਪ ਦੇ ਸੁਚੱਜੇ ਪ੍ਰਬੰਧ ਲਾਈਫ ਲਾਈਨ ਬਲੱਡ ਡੋਨਰ ਸੁਸਾਇਟੀ, ਰੂਪਨਗਰ ਵੱਲੋਂ ਕੀਤੇ ਗਏ, ਜਦਕਿ ਖ਼ੂਨ ਇਕੱਤਰ ਕਰਨ ਦੀ ਅਹਿਮ ਅਤੇ ਤਕਨੀਕੀ ਸੇਵਾ ਬਲੱਡ ਸੈਂਟਰ, ਸਿਵਲ ਹਸਪਤਾਲ ਰੂਪਨਗਰ ਦੀ ਮਾਹਿਰ ਡਾਕਟਰੀ ਟੀਮ ਵੱਲੋਂ ਪੂਰੀ ਤਨਦੇਹੀ ਅਤੇ ਸਾਵਧਾਨੀ ਨਾਲ ਨਿਭਾਈ ਗਈ। ਇਸ ਮੌਕੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਆਪਣਾ ਵਡਮੁੱਲਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਖ਼ੂਨਦਾਨ ਮਹਾਨ ਦਾਨ ਹੈ, ਕਿਉਂਕਿ ਸਾਡੇ ਵੱਲੋਂ ਦਾਨ ਕੀਤਾ ਗਿਆ ਖ਼ੂਨ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚਾਉਣ ਵਿਚ ਸਹਾਈ ਹੋ ਸਕਦਾ ਹੈ। ਉਨ੍ਹਾਂ ਨੌਜਵਾਨਾਂ ਸਮੇਤ ਆਮ ਲੋਕਾਂ ਨੂੰ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ, ਤਾਂ ਜੋ ਹਸਪਤਾਲਾਂ ਵਿਚ ਖ਼ੂਨ ਦੀ ਘਾਟ ਕਾਰਨ ਕਿਸੇ ਵੀ ਮਰੀਜ਼ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕੌਮੀ ਸਵੈ-ਇੱਛੁਕ ਖ਼ੂਨਦਾਨ ਦਿਵਸ ਦੀ ਮਹੱਤਤਾਂ ਬਾਰੇ ਵੀ ਚਾਨਣਾ ਪਾਇਆ। ਲਾਈਫ ਲਾਈਨ ਬਲੱਡ ਡੋਨਰ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਖ਼ੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਬੀਟੀਓ ਡਾ ਹਰਲੀਨ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਚਲਾਈ ਜਾ ਰਹੀ ਕੌਮੀ ਸਵੈ-ਇੱਛੁਕ ਖ਼ੂਨਦਾਨ ਮੁਹਿੰਮ ਤਹਿਤ ਵੱਧ ਤੋਂ ਵੱਧ ਲੋਕ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਖ਼ੂਨਦਾਨੀ ਬਲੱਡ ਸੈਂਟਰ, ਸਿਵਲ ਹਸਪਤਾਲ ਰੂਪਨਗਰ ਵਿਖੇ ਪਹੁੰਚ ਕੇ ਜਾਂ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਲਗਾਏ ਜਾ ਰਹੇ ਖ਼ੂਨਦਾਨ ਕੈਂਪਾਂ ਵਿਚ ਆਪਣਾ ਖ਼ੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦਾ ਹੈ।