‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਮਿਸ਼ਨ ਕਲੀਨ ਪੰਜਾਬ’ ਤਹਿਤ ਬੇਲਾ ਰੋਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ
Publish Date: Sat, 19 Sep 2026 03:46 PM (IST)
Updated Date: Sat, 19 Sep 2026 03:47 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ਸ਼ਹਿਰ ਨੂੰ ਸਾਫ਼-ਸੁਥਰਾ, ਕੂੜਾ-ਮੁਕਤ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਰੂਪਨਗਰ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਇਸੇ ਤਹਿਤ ਬੇਲਾ ਰੋਡ ਤੇ ਵਾਰਡ ਨੰਬਰ 7 ਰੂਪਨਗਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ਦੌਰਾਨ ਸਫ਼ਾਈ ਟੀਮਾਂ ਵੱਲੋਂ ਸੜਕ ਕਿਨਾਰਿਆਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚੋਂ ਕੂੜਾ-ਕਰਕਟ ਤੇ ਮਲਬਾ ਹਟਾਇਆ ਗਿਆ। ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਕਾਇਮ ਰੱਖਣ ਲਈ ਨਗਰ ਕੌਂਸਲ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਲਾਜ਼ਮੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੂੜਾ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟਣ ਅਤੇ ਸਫ਼ਾਈ ਪ੍ਰਬੰਧਾਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਲੋੜ ਪੈਂਦੀ ਹੈ, ਉੱਥੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਂਦੀ ਹੈ। ਉਨ੍ਹਾਂ ਦੁਕਾਨਦਾਰਾਂ ਅਤੇ ਵਸਨੀਕਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖ ਕੇ ਨਗਰ ਕੌਂਸਲ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਨੂੰ ਦੇਣ ਦੀ ਅਪੀਲ ਕੀਤੀ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਫ਼ਾਈ ਟੀਮਾਂ ਵੱਲੋਂ ਬੇਲਾ ਰੋਡ ਸਮੇਤ ਵਾਰਡ ਨੰਬਰ 07 ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਕਾਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਨੂੰ ਸਾਫ਼ ਰੱਖਣ ਦੇ ਨਾਲ-ਨਾਲ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਵੀ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ ਅਤੇ ਰੂਪਨਗਰ ਨੂੰ ਸਾਫ਼-ਸੁਥਰਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਸਫ਼ਾਈ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਅਤੇ ਸਥਾਨਕ ਵਸਨੀਕਾਂ ਤੇ ਦੁਕਾਨਦਾਰਾਂ ਵੱਲੋਂ ਵੀ ਮੁਹਿੰਮ ਨੂੰ ਸਹਿਯੋਗ ਦਿੱਤਾ ਗਿਆ।