ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ’ਤੇ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ : ਮਲਵਿੰਦਰ ਕੰਗ ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ
Publish Date: Mon, 19 Oct 2026 05:02 PM (IST)
Updated Date: Mon, 19 Oct 2026 05:03 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ,ਰੂਪਨਗਰ : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਸੰਸਦੀ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ ਤਾਂ ਜੋ ਪੰਜਾਬ ’ਚ ਪਾਬੰਦ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦਵਾਈ ਵਿਕਰੇਤਾਵਾਂ ’ਤੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੰਦਿਆਂ ਕੰਗ ਨੇ ਨਸ਼ੀਲੀਆਂ, ਗੈਰ-ਕਾਨੂੰਨੀ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ ਪਰ ਇਸ ਦੇ ਬਾਵਜੂਦ ਗੁਆਂਢੀ ਸੂਬਿਆਂ ਤੋਂ ਪੰਜਾਬ ’ਚ ਕੇਵਲ ਅਧਿਕਾਰਿਤ ਮੈਡੀਕਲ ਸਟੋਰਾਂ ’ਤੇ ਮਿਲਣ ਵਾਲੀਆਂ ਦਵਾਈਆਂ ਦੀ ਸਪਲਾਈ ਕੀਤੀ ਜਾ ਰਹੀ ਹੈ। ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਪ੍ਰਣਾਲੀ ਨੂੰ ਯਕੀਨਨ ਲਾਗੂ ਕਰੇਗੀ। ਇਸ ਮੀਟਿੰਗ ਦੌਰਾਨ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਐੱਸ.ਏ.ਐੱਸ. ਨਗਰ ਜ਼ਿਲ੍ਹਿਆਂ ’ਚ ਅਜਿਹੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਸਪਲਾਈ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੀਤੀਆਂ ਗਈਆਂ ਕਾਰਵਾਈਆਂ, ਮੌਜੂਦਾ ਸਥਿਤੀ ਅਤੇ ਅਗਲੀ ਕਾਰਵਾਈ ਬਾਰੇ ਸੁਝਾਅ ਲਏ ਗਏ। ਇਸ ਦੇ ਨਾਲ ਹੀ ਡਰੱਗ ਕੰਟਰੋਲ ਅਫਸਰਾਂ ਤੋਂ ਕੀਤੀ ਜਾਣ ਵਾਲੀਆਂ ਕਾਰਗੁਜ਼ਾਰੀਆਂ ਦਾ ਨਿਰੀਖਣ ਕੀਤਾ ਗਿਆ। ਮਲਵਿੰਦਰ ਸਿੰਘ ਕੰਗ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਦੀ ਸਿਹਤ ਅਤੇ ਸਮਾਜ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਖ਼ਾਸ ਤੌਰ ਉੱਤੇ ਪਿੰਡਾਂ ਅਤੇ ਕਸਬਿਆਂ ’ਚ ਚੱਲ ਰਹੇ ਮੈਡੀਕਲ ਸਟੋਰਾਂ ਉੱਤੇ ਸਖ਼ਤ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਬਿਨਾਂ ਅਧਿਕਾਰ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾਂਦੀ ਵਿਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਲਈ ਸਬੰਧਤ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਨਿਯਮਤ ਜਾਂਚ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਸੰਸਦ ਮੈਂਬਰ ਵੱਲੋਂ ਮੀਟਿੰਗ ਦੌਰਾਨ ਪਿਛਲੇ ਦੋ ਤੋਂ ਤਿੰਨ ਸਾਲਾਂ ’ਚ ਕੀਤੀਆਂ ਗਈਆਂ ਜਾਂਚਾਂ, ਜਬਤ ਕੀਤੀ ਗਈਆਂ ਦਵਾਈਆਂ ਦੀ ਵਿਕਰੀ ਦੇ ਲਾਇਸੈਂਸਾਂ ਵਿਰੁੱਧ ਕੀਤੀ ਕਾਰਵਾਈ ਅਤੇ ਦਰਜ ਕੀਤੇ ਗਏ ਮੁਕੱਦਮਿਆਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਕਰੇਤਾਵਾਂ ਅਤੇ ਅਦਾਰਿਆਂ ਦੀ ਪਛਾਣ, ਪਹਿਲਾਂ ਕੀਤੇ ਗਏ ਉਪਰਾਲਿਆਂ ਦੇ ਨਤੀਜਿਆਂ ਅਤੇ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਲਈ ਹੋਰ ਲੋੜੀਂਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ। ਕੰਗ ਨੇ ਬਕਾਇਆ ਮਾਮਲਿਆਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਉਨ੍ਹਾਂ ਦੇ ਨਿਪਟਾਰੇ ਲਈ ਢੁਕਵੇਂ ਉਪਰਾਲੇ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਾਰਵਾਈ ਸਿਰਫ਼ ਜਾਂਚ ਜਾਂ ਜ਼ਬਤੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਗੈਰ-ਕਾਨੂੰਨੀ ਵਿਕਰੀ ਦੇ ਸਰੋਤਾਂ ਅਤੇ ਸਪਲਾਈ ਲੜੀ ਨੂੰ ਤੋੜਨ ਲਈ ਠੋਸ ਅਤੇ ਨਿਰੰਤਰ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣਾ ਸਮਾਜਿਕ ਜ਼ਿੰਮੇਵਾਰੀ ਦੇ ਨਾਲ-ਨਾਲ ਕਾਨੂੰਨ ਦੀ ਪਾਲਣਾ ਨਾਲ ਜੁੜਿਆ ਅਹਿਮ ਮੁੱਦਾ ਹੈ। ਇਸ ਲਈ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ, ਜਵਾਬਦੇਹੀ ਅਤੇ ਲਗਾਤਾਰ ਨਿਗਰਾਨੀ ਰਾਹੀਂ ਇਸ ਸਮੱਸਿਆ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ। ਇਸ ਮੀਟਿੰਗ ’ਚ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਐੱਸਪੀ ਹਰਸਿਮਰਤ ਸਿੰਘ ਸ਼ੇਤਰਾ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਸਿਵਲ ਹਸਪਤਾਲ ਮੋਹਾਲੀ ਤੋਂ ਡਾ. ਗਿਰੀਸ਼ ਛੋਗਰਾ, ਵਧੀਕ ਸਿਵਲ ਹਸਪਤਾਲ ਰੂਪਨਗਰ ਤੋਂ ਡਾ. ਅੰਜਲੀ ਚੌਧਰੀ, ਡੀਸੀਓ. ਰੂਪਨਗਰ ਹਰਪ੍ਰੀਤ ਕੌਰ, ਡੀਸੀਓ., ਮੋਹਾਲੀ ਜਸਰਮਨ ਕੌਰ, ਡੀਸੀਓ. ਗੁਰਪ੍ਰੀਤ ਸਿੰਘ ਸੋਢੀ , ਡੀਸੀਓ. ਐੱਸਏਐੱਸ. ਨਗਰ ਅਨੁਰਾਗ, ਡੀਸੀਓ. ਸ਼ਹੀਦ ਭਗਤ ਸਿੰਘ ਨਗਰ ਗੁਰਜੀਤ ਸਿੰਘ, ਡੀਸੀਓ. ਹੁਸ਼ਿਆਰਪੁਰ ਮਨਪ੍ਰੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।