ਇਕ ਕਰੋੜ ਦੀ ਲਾਗਤ ਨਾਲ ਸ਼ਹਿਰ ਨੂੰ ਦੇਖੇਗੀ ਤੀਸਰੀ ਅੱਖ
ਇਕ ਕਰੋੜ ਦੀ ਲਾਗਤ ਨਾਲ ਸ਼ਹਿਰ ਨੂੰ ਦੇਖੇਗੀ ਤੀਸਰੀ ਅੱਖ
Publish Date: Tue, 24 Feb 2026 04:45 PM (IST)
Updated Date: Tue, 24 Feb 2026 04:49 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਚੱਪੇ-ਚੱਪੇ ਉੱਤੇ ਨਜ਼ਰ ਰੱਖਣ ਲਈ ਨਗਰ ਕੌਂਸਲ ਵੱਲੋਂ ਲਗਭਗ ਇਕ ਕਰੋੜ ਰੁਪਏ ਦੀ ਲਾਗਤ ਨਾਲ ਉੱਚ ਗੁਣਵੱਤਾ ਵਾਲੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਐਂਟਰੀ ਪੁਆਇੰਟਾਂ ਅਤੇ ਮਹੱਤਵਪੂਰਨ ਸਥਾਨਾਂ ‘ਤੇ ਲਗਾਏ ਜਾ ਰਹੇ ਇਹ ਹਾਈ ਕੁਆਲਿਟੀ ਕੈਮਰੇ ਤੇਜ਼ ਰਫ਼ਤਾਰ ਨਾਲ ਗੁਜ਼ਰ ਰਹੀਆਂ ਗੱਡੀਆਂ ਦੀਆਂ ਨੰਬਰ ਪਲੇਟਾਂ ਨੂੰ ਵੀ ਆਸਾਨੀ ਨਾਲ ਕੈਪਚਰ ਕਰਨ ਲਈ ਸਮਰੱਥ ਹੋਣਗੇ। ਇਸ ਨਾਲ ਨਾ ਸਿਰਫ਼ ਟ੍ਰੈਫਿਕ ਨਿਯੰਤਰਣ ਵਿਚ ਮਦਦ ਮਿਲੇਗੀ, ਸਗੋਂ ਅਪਰਾਧਿਕ ਗਤੀਵਿਧੀਆਂ ‘ਤੇ ਵੀ ਰੋਕ ਲੱਗੇਗੀ। ਇੱਕ ਸਵਾਲ ਦੇ ਜਵਾਬ ਵਿਚ ਕੌਂਸਲ ਪ੍ਰਧਾਨ ਨੇ ਦੱਸਿਆ ਕਿ ਇਨ੍ਹਾਂ ਕੈਮਰਿਆਂ ਦਾ ਸਾਰਾ ਕੰਟਰੋਲ ਪੁਲਿਸ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤਾ ਜਾਵੇਗਾ, ਜਿਥੋਂ 24 ਘੰਟੇ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਵੇਗੀ ਅਤੇ ਗਲਤ ਕੰਮ ਕਰਨ ਵਾਲਿਆਂ ਵਿਚ ਡਰ ਪੈਦਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ, ਵਿਸਾਖੀ ਅਤੇ ਨੈਣਾ ਦੇਵੀ ਦੇ ਮੇਲੇ ਸਮੇਂ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ। ਸਾਲ ਭਰ ਸੰਗਤਾਂ ਦੀ ਆਵਾਜਾਈ ਜਾਰੀ ਰਹਿੰਦੀ ਹੈ। ਇਸ ਲੋੜ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।