- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰਜੀਤ ਸਿੰਘ ਜੀਤਾ, ਜਤਿਨ ਕੌਸ਼ਲ, ਹਰਪਾਲ ਕੌਰ ਅਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ।

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਦੀ 13 ਵਾਰਡਾਂ ਵਾਲੀ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਬੁੱਧਵਾਰ ਨੂੰ ਸਰਬਸੰਮਤੀ ਨਾਲ ਸੰਪੰਨ ਹੋ ਗਈ। ਚੋਣ ਦੌਰਾਨ ਨਗਰ ਕੌਂਸਲ ਦੇ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਰਜੀਤ ਸਿੰਘ ਜੀਤਾ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ। ਇਸ ਦੇ ਨਾਲ ਹੀ ਜਤਿਨ ਕੌਸ਼ਲ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਹਰਪਾਲ ਕੌਰ ਨੂੰ ਮੀਤ ਪ੍ਰਧਾਨ ਵਜੋਂ ਸਰਬਸੰਮਤੀ ਨਾਲ ਚੁਣਿਆ ਗਿਆ।
ਚੋਣ ਪ੍ਰਕਿਰਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ 'ਚ ਨਗਰ ਕੌਂਸਲ ਦਫ਼ਤਰ ਵਿਖੇ ਕਰਵਾਈ ਗਈ। ਇਸ ਮੌਕੇ ਨਗਰ ਕੌਂਸਲ ਦੇ ਸਾਰੇ ਕੌਂਸਲਰਾਂ ਨੇ ਹਿੱਸਾ ਲਿਆ ਤੇ ਨਵੀਂ ਟੀਮ ਦੀ ਚੋਣ ਲਈ ਆਪਣਾ ਸਮਰਥਨ ਪ੍ਰਗਟਾਇਆ। ਚੋਣ ਦੌਰਾਨ ਪੂਰਾ ਮਾਹੌਲ ਉਤਸ਼ਾਹਪੂਰਨ ਰਿਹਾ ਅਤੇ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਵੀ ਜਾਰੀ ਰਿਹਾ।
ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੇ 13 ਵਾਰਡਾਂ 'ਚੋਂ 11 ਵਾਰਡਾਂ ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਜਿੱਤ ਕੇ ਆਏ ਸਨ। ਇਸ ਤੋਂ ਇਲਾਵਾ ਦੋ ਕੌਂਸਲਰ ਆਜ਼ਾਦ ਉਮੀਦਵਾਰਾਂ ਵਜੋਂ ਚੁਣੇ ਗਏ ਸਨ। ਚੋਣ ਮੌਕੇ ਆਜ਼ਾਦ ਕੌਂਸਲਰ ਬੀਟੀ ਸਿੱਧੂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਐਲਾਨ ਤੋਂ ਬਾਅਦ ਨਗਰ ਕੌਂਸਲ 'ਚ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀ ਗਿਣਤੀ 12 ਹੋ ਗਈ ਹੈ ਜਿਸ ਨਾਲ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰਜੀਤ ਸਿੰਘ ਜੀਤਾ, ਜਤਿਨ ਕੌਸ਼ਲ, ਹਰਪਾਲ ਕੌਰ ਅਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ।
ਹਰਜੋਤ ਸਿੰਘ ਬੈਂਸ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਨਾਲ ਜੁੜੇ ਬਾਕੀ ਰਹਿੰਦੇ ਕੰਮ ਵੀ ਜਲਦੀ ਅਤੇ ਸ਼ਾਨਦਾਰ ਢੰਗ ਨਾਲ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਨੂੰ ਹੋਰ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ।
ਨਵੀਂ ਚੁਣੀ ਗਈ ਟੀਮ ਨੇ ਵੀ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਸ਼ਹਿਰ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।