ਆਪ ਸਰਕਾਰ ਵਾਅਦੇ ਪੂਰੇ ਕਰਨ ‘ਚ ਨਾਕਾਮ : ਐਡਵੋਕੇਟ ਅਰਵਿੰਦ ਮਿੱਤਲ
ਆਪ ਸਰਕਾਰ ਵਾਅਦੇ ਪੂਰੇ ਕਰਨ ‘ਚ ਨਾਕਾਮ: ਐਡਵੋਕੇਟ ਅਰਵਿੰਦ ਮਿੱਤਲ
Publish Date: Mon, 13 Apr 2026 04:46 PM (IST)
Updated Date: Mon, 13 Apr 2026 04:49 PM (IST)

ਸੁਖਵਿੰਦਰ ਸੁੱਖੂ , ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਚੋਣੀ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਵੱਡੇ ਬਦਲਾਅ ਅਤੇ ਵਿਕਾਸ ਦੇ ਦਾਅਵੇ ਕੀਤੇ ਗਏ ਸਨ। ਖ਼ਾਸ ਤੌਰ ‘ਤੇ ਨਸ਼ਿਆਂ ਨੂੰ ਚਾਰ ਹਫਤਿਆਂ ਵਿਚ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਵਿੱਚੋਂ ਨਸ਼ੇ ਖਤਮ ਨਹੀਂ ਹੋ ਸਕੇ। ਅਰਵਿੰਦ ਮਿੱਤਲ ਨੇ ਦੋਸ਼ ਲਗਾਇਆ ਕਿ ਅੱਜ ਵੀ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਆਮ ਤੌਰ ‘ਤੇ ਉਪਲਬਧ ਹੈ ਅਤੇ ਨੌਜਵਾਨ ਇਸ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਹਾਲ ਹੀ ਵਿੱਚ ਇਲਾਕੇ ਵਿਚ ਨਸ਼ੇ ਕਾਰਨ ਇੱਕ ਨੌਜਵਾਨ ਦੀ ਮੌਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸਦੀ ਜ਼ਿੰਮੇਵਾਰੀ ਸਰਕਾਰ ‘ਤੇ ਆਉਂਦੀ ਹੈ। ਉਨ੍ਹਾਂ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਦੇ ਦਾਅਵੇ ਕੀਤੇ ਗਏ ਸਨ, ਪਰ ਅਸਲ ਵਿਚ ਮਾਈਨਿੰਗ ਦੇ ਮਾਮਲੇ ਵਧੇ ਹਨ। ਉਨ੍ਹਾਂ ਕਿਹਾ ਕਿ ਐਨ.ਜੀ.ਟੀ. ਅਤੇ ਅਦਾਲਤਾਂ ਦੇ ਹੁਕਮਾਂ ਦੇ ਬਾਵਜੂਦ ਵੀ ਮਾਈਨਿੰਗ ਜਾਰੀ ਹੈ, ਜਿਸ ਨਾਲ ਸਰਕਾਰ ਦੀ ਭੂਮਿਕਾ ‘ਤੇ ਸਵਾਲ ਖੜੇ ਹੋ ਗਏ ਹਨ। ਅਰਵਿੰਦ ਮਿੱਤਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਕਤਲ ਅਤੇ ਅਪਰਾਧ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਪੁਲਿਸ ਪ੍ਰਬੰਧ ਨਾਕਾਮ ਦਿਖਾਈ ਦੇ ਰਿਹਾ ਹੈ। ਐਡਵੋਕੇਟ ਮਿੱਤਲ ਨੇ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਹੜਾ ਕਿ ਅਗਸਤ ਮਹੀਨੇ ਦੇਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੀਆਂ ਔਰਤਾਂ ਨੂੰ ਪਿਛਲੇ ਸਮੇਂ ਦਾ ਬਕਾਇਆ ਕਦੋਂ ਦਿੱਤਾ ਜਾਵੇਗਾ।ਉਨ੍ਹਾਂ ਅੰਤ ਵਿਚ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਲੋਕ ਸਰਕਾਰ ਤੋਂ ਇਨ੍ਹਾਂ ਚੋਣ ਵਾਅਦਿਆਂ ਦਾ ਹਿਸਾਬ ਮੰਗਣਗੇ ਅਤੇ ਆਪਣਾ ਫੈਸਲਾ ਸੁਣਾਉਣਗੇ। ਇਸ ਮੌਕੇ ਉਹਨਾਂ ਦੇ ਨਾਲ ਸੰਜੇ ਸ਼ਰਮਾ ਸਾਬਕਾ ਸਰਪੰਚ ਕੋਟਲਾ ਆਦਿ ਹਾਜ਼ਰ ਸਨ।