ਆਪ ਦੀ ਨਸ਼ਾ ਵਿਰੋਧੀ ਮੁਹਿੰਮ ਬੁਰੀ ਤਰ੍ਹਾਂ ਹੋਈ ਫਲਾਪ : ਸੰਧੂ ਆਪ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਬੁਰੀ ਤਰ੍ਹਾਂ ਨਾਲ ਹੋਈ ਫਲਾਪ-ਸੰਧੂ
Publish Date: Tue, 13 Oct 2026 06:43 PM (IST)
Updated Date: Tue, 13 Oct 2026 06:44 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ: ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਅਤੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਮਿੰਦਰ ਸਿੰਘ ਝੋਟੇ ਦੀ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਜਿੱਥੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਤੇ ਇੱਕ ਸਵਾਲੀਆ ਚਿੰਨ ਹੈ ਅਤੇ ਪੰਜਾਬ ਵਿਚ ਜੰਗਲ ਦਾ ਰਾਜ ਹੋਣ ਦਾ ਸਪਸ਼ਟ ਸਬੂਤ ਹੈ, ਉੱਥੇ ਹੀ ਇਹ ਹੱਤਿਆ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੀ ਪੋਲ ਵੀ ਖੋਲ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਪਰਮਿੰਦਰ ਸਿੰਘ ਝੋਟਾ ਮੈਡੀਕਲ ਸਟੋਰ ਵਿਚ ਦਾਖਲ ਹੋ ਕੇ ਨਸ਼ੀਲੀਆਂ ਗੋਲੀਆਂ ਜਾਂ ਸਿੰਥੈਟਿਕ ਨਸ਼ਿਆਂ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਬਾਰੇ ਸਵਾਲ ਕਰ ਰਿਹਾ ਸੀ। ਇਸ ਦੌਰਾਨ ਦੁਕਾਨ ਮਾਲਕ ਨਾਲ ਹੋਈ ਬਹਿਸ ਦੌਰਾਨ ਦੁਕਾਨਦਾਰ ਵੱਲੋਂ ਕਥਿਤ ਤੌਰ ’ਤੇ ਪਿਸਤੌਲ ਕੱਢ ਕੇ ਝੋਟੇ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜਦੋਂ ਗੰਭੀਰ ਜ਼ਖਮੀ ਹਾਲਤ ਵਿਚ ਉਸ ਨੂੰ ਮਾਨਸਾ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਦਾ ਦਾਅਵਾ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਰਹੀ ਹੈ, ਉਸੇ ਸਰਕਾਰ ਦੇ ਸਮੇਂ ਨਿੱਤ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਨ੍ਹਾਂ ਨੇ ਆਮ ਲੋਕਾਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਨਸ਼ਾ ਮਾਫ਼ੀਆ ਦੇ ਹੌਸਲੇ ਵੱਧ ਰਹੇ ਹਨ ਅਤੇ ਲੋਕਾਂ ਵਿਚ ਉਨ੍ਹਾਂ ਤੋਂ ਡਰ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਆਵਾਜ਼ ਉਠਾਉਣ ਵਾਲੇ ਵਿਅਕਤੀ ਦੀ ਸ਼ਰੇਆਮ ਹੱਤਿਆ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਗੰਭੀਰ ਰੂਪ ਵਿਚ ਚਿੰਤਾਜਨਕ ਹੈ।