- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਨੀ ਸਾਥੀਆਂ ਸਮੇਤ ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ’ਚ ਸ਼ਾਮਲ ਹੋਣ ਲਈ ਚੰਡੀਗੜ੍ਹ ਰਵਾਨਾ

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਮੋਰਿੰਡਾ : ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅੱਜ ਮੋਰਿੰਡਾ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਸਮੇਤ ਕਾਰਾਂ ਦੇ ਕਾਫ਼ਲੇ ਰਾਹੀਂ ਚੰਡੀਗੜ੍ਹ ਪੁੱਜੇ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੇ ਅਹੁਦਾ ਸੰਭਾਲਣ ਸਬੰਧੀ ਸਮਾਗਮ ’ਚ ਸ਼ਾਮਲ ਹੋਏ।
ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੀ ਸਿਆਸਤ ਅਤੇ ਕਾਂਗਰਸ ਪਾਰਟੀ ਲਈ ਅਹਿਮ ਹੈ। ਸਾਬਕਾ ਓਲੰਪੀਅਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਪਾਰਟੀ ਦੀ ਸੂਬਾਈ ਅਗਵਾਈ ਦੀ ਜ਼ਿੰਮੇਵਾਰੀ ਮਿਲਣ ਨਾਲ ਕਾਂਗਰਸ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੌਸਮ ਨੇ ਕਰਵਟ ਲਈ ਹੈ, ਉਸੇ ਤਰ੍ਹਾਂ ਪੰਜਾਬ ਦੀ ਸਿਆਸੀ ਫਿਜ਼ਾ ’ਚ ਵੀ ਬਦਲਾਅ ਆਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਅਤੇ ਵਰਕਰ ਆਪਣੇ ਮਤਭੇਦ ਭੁਲਾ ਕੇ ਇਕਜੁੱਟਤਾ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ’ਚ ਮੁੜ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਪ੍ਰਗਟ ਸਿੰਘ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਖੁਦ ਚੋਣ ਮੁਹਿੰਮ ਕਮੇਟੀ ਦੇ ਚੇਅਰਮੈਨ ਵਜੋਂ ਭਰੋਸਾ ਦਿਵਾਉਂਦੇ ਹਨ ਕਿ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਪੂਰੀ ਤਾਕਤ ਅਤੇ ਇਕਜੁੱਟਤਾ ਨਾਲ ਚੋਣ ਮੈਦਾਨ ’ਚ ਉਤਰੇਗੀ। ਪੰਜਾਬ ਇੰਚਾਰਜ ਸਚਿਨ ਪਾਇਲਟ ਅਤੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਪਾਰਟੀ ਚੋਣਾਂ ਲੜ ਕੇ ਸੂਬੇ ’ਚ ਸਰਕਾਰ ਬਣਾਉਣ ਲਈ ਯਤਨ ਕਰੇਗੀ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ’ਚੋਂ ਬਾਹਰ ਕੱਢਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਸੂਬੇ ਨੂੰ ਨੁਕਸਾਨ ਪਹੁੰਚਾਇਆ ਹੈ।
ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਸੀਨੀਅਰ ਆਗੂ ਹਰਪ੍ਰੀਤ ਸਿੰਘ ਭੰਡਾਰੀ, ਸਿਟੀ ਪ੍ਰਧਾਨ ਰਾਹੁਲ ਸ਼ਰਮਾ, ਯੂਥ ਆਗੂ ਇੰਜੀਨੀਅਰ ਹਰਜੋਤ ਸਿੰਘ, ਕੌਂਸਲਰ ਮਹਿੰਦਰ ਸਿੰਘ ਢਿੱਲੋਂ, ਕੌਂਸਲਰ ਮਨਦੀਪ ਸਿੰਘ ਬਾਜਵਾ, ਡਾਇਰੈਕਟਰ ਬਲਜਿੰਦਰ ਸਿੰਘ ਧਾਲੀਵਾਲ ਅਤੇ ਬਲਵਿੰਦਰ ਸਿੰਘ ਮਾੜੂ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।