- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਰਿੰਡਾ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਅਗਲੇ ਹਫ਼ਤੇ ਤੋਂ ਕਾਰਵਾਈ, ਸਮਾਨ ਜ਼ਬਤ ਕਰਨ ਦੀਦਿੱਤੀ ਚਿਤਾਵਨੀ

ਨਵੇਂ ਈਓ ਵਿਕਾਸ ਉਪਲ ਨੇ ਸੰਭਾਲਿਆ ਮੋਰਿੰਡਾ ਨਗਰ ਕੌਂਸਲ ਦਾ ਕਾਰਜਭਾਰ
ਸਫ਼ਾਈ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇਣ ਦਾ ਭਰੋਸਾ
ਜੋਲੀ ਸੂਦ, ਪੰਜਾਬੀ ਜਾਗਰਣ, ਮੋਰਿੰਡਾ: ਮੋਰਿੰਡਾ ਨਗਰ ਕੌਂਸਲ ਦੇ ਨਵੇਂ ਕਾਰਜਕਾਰੀ ਅਧਿਕਾਰੀ (ਈਓ) ਵਿਕਾਸ ਉਪਲ ਨੇ ਅੱਜ ਆਪਣਾ ਕਾਰਜਭਾਰ ਸੰਭਾਲਣ ਉਪਰੰਤ ਪ੍ਰੈੱਸ ਕਾਨਫਰੰਸ ਕਰਦਿਆਂ ਸ਼ਹਿਰ ਵਾਸੀਆਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਤੇ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਆਵਾਜਾਈ ’ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਗਰ ਕੌਂਸਲ ਵੱਲੋਂ ਕਬਜ਼ਾਧਾਰੀਆਂ ਨੂੰ ਆਪਣੇ ਕਬਜ਼ੇ ਖੁਦ ਹਟਾਉਣ ਲਈ ਦੋ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ, ਜਦਕਿ ਅਗਲੇ ਹਫ਼ਤੇ ਤੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਈਓ ਵਿਕਾਸ ਉਪਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਨਗਰ ਕੌਂਸਲ ਰਾਏਕੋਟ ਵਿਖੇ ਤਾਇਨਾਤ ਸਨ। ਮੋਰਿੰਡਾ ਵਿਚਕਾਰਜਭਾਰ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਜਾਇਜ਼ ਕਬਜ਼ਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਹੈ।
ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਅਤੇ ਹੋਰ ਲੋਕਾਂ ਵੱਲੋਂ ਸੜਕਾਂ ਤੇ ਜਨਤਕ ਥਾਵਾਂ ਉੱਤੇ ਸਮਾਨ ਰੱਖਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਲੋਕਾਂ ਨੂੰ ਪਹਿਲਾਂ ਆਪਣੇ ਪੱਧਰ ‘ਤੇ ਕਬਜ਼ੇ ਹਟਾਉਣ ਲਈ ਸਮਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਨਾ ਹਟਾਏ ਗਏ ਤਾਂ ਸੋਮਵਾਰ ਤੋਂ ਨਗਰ ਕੌਂਸਲ ਦੀ ਟੀਮ ਕਾਰਵਾਈ ਸ਼ੁਰੂ ਕਰੇਗੀ। ਈਓ ਨੇ ਕਿਹਾ ਕਿ ਜੇਕਰ ਯੈਲੋ ਲਾਈਨ ਮਿਟ ਗਈ ਹੈ ਤਾਂ ਇਸ ਨੂੰ ਦੁਬਾਰਾ ਲਗਾਇਆ ਜਾਵੇਗਾ ਅਤੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾਵੇਗਾ।
ਸਫ਼ਾਈ ਨੂੰ ਦਿੱਤੀ ਜਾਵੇਗੀ ਪਹਿਲ : ਵਿਕਾਸ ਉਪਲ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨਗਰ ਕੌਂਸਲ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਦੇਣ, ਤਾਂ ਜੋ ਕੂੜੇ ਦਾ ਸਹੀ ਨਿਪਟਾਰਾ ਕੀਤਾ ਜਾ ਸਕੇ। ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਸਕਦੀ ਹੈ, ਜਦਕਿ ਸੁੱਕੇ ਕੂੜੇ ਨੂੰ ਰੀਸਾਈਕਲ ਕਰਕੇ ਆਮਦਨ ਵੀ ਪੈਦਾ ਕੀਤੀ ਜਾ ਸਕਦੀ ਹੈ।
ਲੋਕਾਂ ਦੇ ਕੰਮ ਸਮੇਂ ਸਿਰ ਕਰਨ ਦੇ ਨਿਰਦੇਸ਼ : ਈਓ ਨੇ ਕਿਹਾ ਕਿ ਨਗਰ ਕੌਂਸਲ ਵਿੱਚ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣ ਲਈ ਸਾਰੇ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਅਨੁਸਾਰ ਨਕਸ਼ੇ ਪਾਸ ਕਰਨ, ਆਨਲਾਈਨ ਸੇਵਾਵਾਂ ਅਤੇ ਹੋਰ ਲੋਕਾਂ ਨਾਲ ਸਬੰਧਤ ਕੰਮ ਨਿਰਧਾਰਤ ਸਮੇਂ ਅੰਦਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਫ਼ਤਰ ’ਚ ਲੋਕਾਂ ਦੀ ਸਹੂਲਤ ਲਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਉਪਲਬਧ ਰਹਿਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਸਵੈ-ਗਣਨਾ ਰਾਹੀਂ ਲੋਕ ਕਰ ਸਕਣਗੇ ਜਨਗਣਨਾ ਦੀ ਜਾਣਕਾਰੀ ਦਰਜ : ਪ੍ਰੈੱਸ ਕਾਨਫਰੰਸ ਦੌਰਾਨ ਈਓ ਵਿਕਾਸ ਉਪਲ ਨੇ ਜਨਗਣਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਲੋਕ ਆਪਣੇਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ। ਇਸ ਲਈ ਲੋਕਾਂ ਨੂੰ ਇੱਕ ਕੋਡ ਅਤੇ ਲਿੰਕ ਮੁਹੱਈਆ ਕਰਵਾਇਆਜਾਵੇਗਾ, ਜਿਸ ਰਾਹੀਂ ਉਹ ਆਪਣੇ ਪਰਿਵਾਰ ਨਾਲ ਸਬੰਧਤ ਸਵਾਲਾਂ ਦੇ ਜਵਾਬ ਭਰ ਕੇ ਜਾਣਕਾਰੀ ਜਮਾ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਜਦੋਂ ਜਨਗਣਨਾ ਕਰਮਚਾਰੀ ਘਰ ਆਉਣਗੇ ਤਾਂ ਲੋਕਾਂ ਨੂੰ ਸਿਰਫ਼ ਆਪਣਾ ਸਵੈ-ਗਣਨਾ ਕੋਡ ਦੱਸਣਾ ਹੋਵੇਗਾ। ਜੇਕਰ ਕਿਸੇ ਨੂੰ ਇਸ ਪ੍ਰਕਿਰਿਆ ’ਚ ਮੁਸ਼ਕਲ ਆਉਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵੱਲੋਂ ਮਦਦ ਕੀਤੀ ਜਾਵੇਗੀ।