- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ ਦੀ ਅਗਵਾਈ ਹੇਠ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ, ਮਾਰਕੀਟਾਂ ਦੇ ਸੁਚੱਜੇ ਵਿਕਾਸ, ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਤੇ ਵਪਾਰੀ ਵਰਗ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕਤਾ ਤੇ ਵਿਕਾਸ ਦੀ ਅਹਿਮ ਕੜੀ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਜਾਇਜ਼ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਤੁਰੰਤ ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀ ਵਰਗ ਨਾਲ ਸਬੰਧਤ ਮਾਮਲਿਆਂ ’ਚ ਬੇਲੋੜੀ ਦੇਰੀ ਨਾ ਕੀਤੀ ਜਾਵੇ ਤੇ ਹਰੇਕ ਜਾਇਜ਼ ਸਮੱਸਿਆ ਦਾ ਢੁੱਕਵਾਂ ਹੱਲ ਕੱਢਣ ਲਈ ਜ਼ਿੰਮੇਵਾਰੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨਾਲ ਨਿਰੰਤਰ ਸੰਪਰਕ ਤੇ ਸੰਵਾਦ ਬਣਾਈ ਰੱਖਣ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਚਲਾਉਣ ’ਚ ਕਿਸੇ ਕਿਸਮ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀ ਭਲਾਈ ਤੇ ਮਾਰਕੀਟਾਂ ’ਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਮੁਹੱਈਆ ਕਰਵਾਏ ਗਏ ਫੰਡਾਂ ਦੀ ਸੁਚੱਜੀ ਤੇ ਪਾਰਦਰਸ਼ੀ ਵਰਤੋਂ ਬਾਰੇ ਵੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਮਾਰਕੀਟਾਂ ’ਚ ਵਪਾਰੀਆਂ ਤੇ ਆਮ ਲੋਕਾਂ ਦੀ ਸਹੂਲਤ ਲਈ ਬਾਥਰੂਮਾਂ ਤੇ ਪਖਾਨਿਆਂ ਦੀ ਉਸਾਰੀ, ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ, ਆਵਾਜਾਈ ਦੀ ਵਿਵਸਥਾ ਸੁਚਾਰੂ ਕਰਨ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਸਹਾਇਕ ਕਮਿਸ਼ਨਰ (ਜ) ਨੇ ਕਿਹਾ ਕਿ ਮਾਰਕੀਟਾਂ ਦਾ ਵਿਕਾਸ ਸਿਰਫ਼ ਵਪਾਰੀਆਂ ਦੀ ਸਹੂਲਤ ਤੱਕ ਸੀਮਤ ਨਹੀਂ, ਸਗੋਂ ਇਸ ਨਾਲ ਆਮ ਲੋਕਾਂ ਨੂੰ ਵੀ ਬਿਹਤਰ ਵਪਾਰਕ ਤੇ ਨਾਗਰਿਕ ਸਹੂਲਤਾਂ ਮਿਲਦੀਆਂ ਹਨ। ਇਸ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਮਾਰਕੀਟਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਤੇ ਉਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ। ਉਨ੍ਹਾਂ ਵਪਾਰੀ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਮਾਰਕੀਟਾਂ ਨੂੰ ਸਾਫ਼-ਸੁਥਰਾ, ਸੁਚੱਜਾ ਤੇ ਸੁਵਿਧਾਜਨਕ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਤੇ ਆਪਣੇ ਸੁਝਾਵਾਂ ਰਾਹੀਂ ਵਿਕਾਸ ਕਾਰਜਾਂ ’ਚ ਸਰਗਰਮ ਭੂਮਿਕਾ ਨਿਭਾਉਣ।
ਇਸ ਮੌਕੇ ਐੱਸਡੀਐੱਮ. ਮੋਰਿੰਡਾ ਲਿੰਧਿਆ ਐਲਐਨ., ਐੱਸਡੀਐੱਮ ਨੰਗਲ ਸ਼ਿਵਾਂਸ਼ ਰਾਠੀ, ਵਪਾਰੀ ਵਰਗ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ, ਹਲਕਾ ਚੇਅਰਮੈਨ ਰੂਪਨਗਰ ਅਮਨਦੀਪ ਸਿੰਘ ਸੋਨੀ, ਹਲਕਾ ਚੇਅਰਮੈਨ ਸ੍ਰੀ ਚਮਕੌਰ ਸਾਹਿਬ ਲਖਵਿੰਦਰ ਸਿੰਘ ਕਾਕਾ ਤੇ ਹਲਕਾ ਚੇਅਰਮੈਨ ਸ੍ਰੀ ਅਨੰਦਪੁਰ ਸਾਹਿਬ ਗੁਰਪ੍ਰੀਤ ਸਿੰਘ ਅਰੋੜਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਕਾਰਜ ਸਾਧਕ ਅਫ਼ਸਰ ਹਾਜ਼ਰ ਸਨ।