ਅਜੈਵੀਰ ਨੇ ਨਸ਼ਿਆਂ ਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਘੇਰੀ 'ਆਪ' ਸਰਕਾਰ ਅਜੈਵੀਰ ਲਾਲਪੁਰਾ ਨੇ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ 'ਆਪ' ਸਰਕਾਰ ਨੂੰ ਘੇਰਿਆ
Publish Date: Fri, 18 Sep 2026 07:09 PM (IST)
Updated Date: Fri, 18 Sep 2026 07:11 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਪੰਜਾਬ ’ਚ ਨਸ਼ਿਆਂ ਦੀ ਗੰਭੀਰ ਸਮੱਸਿਆ ਤੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਆਪ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ’ਚ ਨਸ਼ਾ ਖ਼ਤਮ ਕਰਨ, ਬੇਰੁਜ਼ਗਾਰੀ ਦੂਰ ਕਰਨ ਤੇ ਪੰਜਾਬ ਨੂੰ ਮੁੜ ਮਜ਼ਬੂਤ ਬਣਾਉਣ ਦੀ ਉਮੀਦ ਨਾਲ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਸੀ ਪਰ ਇਹ ਸਰਕਾਰ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ’ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਲਪੁਰਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਤੇ ਇਸ ਦੀ ਉਪਲਬਧਤਾ ਨੂੰ ਲੈ ਕੇ ਲਗਾਤਾਰ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਸਪਲਾਈ ਤੇ ਵੰਡ ਦੇ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਆਉਣ ਵਾਲੀ 23 ਸਤੰਬਰ ਨੂੰ ਰੂਪਨਗਰ ਅਤੇ ਨੂਰਪੁਰ ਬੇਦੀ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਰੈਲੀਆਂ ਆਯੋਜਿਤ ਕੀਤੀਆਂ ਜਾਣਗੀਆਂ। ਇਨ੍ਹਾਂ ਰੈਲੀਆਂ ਰਾਹੀਂ ਨੌਜਵਾਨਾਂ ਅਤੇ ਆਮ ਜਨਤਾ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਅਤੇ ਸਮਾਜ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਸਪੱਸ਼ਟ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਕਿਸੇ ਇੱਕ ਸਿਆਸੀ ਪਾਰਟੀ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਹ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਇਸ ਜਾਗਰੂਕਤਾ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਜਗਦੀਸ਼ ਚੰਦਰ ਕਾਜਲ਼ਾ, ਓਂਕਾਰ ਸਿੰਘ ਅਬਿਆਣਾ, ਜਗਦੀਸ਼ ਸਿੰਘ ਕਟਲੀ ਆਦਿ ਹਾਜ਼ਰ ਸਨ।