ਅਜੈਵੀਰ ਲਾਲਪੁਰਾ ਵੱਲੋਂ ਅਦਾਕਾਰ ਬਿੰਨੂ ਢਿੱਲੋਂ ਤੇ ਦੇਵ ਖਰੌੜ ਸਮੇਤ ਮਨੋਜ ਤਿਵਾੜੀ ਨਾਲ ਮੁਲਾਕਾਤ ਅਜੈਵੀਰ ਲਾਲਪੁਰਾ ਨੇ ਅਦਾਕਾਰ ਬਿੰਨੂ ਢਿੱਲੋਂ ਅਤੇ ਦੇਵ ਖਰੌੜ ਸਮੇਤ ਮਨੋਜ ਤਿਵਾੜੀ ਨਾਲ ਕੀਤੀ ਮੁਲਾਕਾਤ
Publish Date: Tue, 17 Nov 2026 03:18 PM (IST)
Updated Date: Tue, 17 Nov 2026 03:21 PM (IST)
ਪੰਜਾਬੀ ਸਿਨੇਮਾ ਦੀਆਂ ਚੁਣੌਤੀਆਂ, ਕਲਾਕਾਰਾਂ ਦੇ ਮਸਲਿਆਂ ਤੇ ਪੰਜਾਬੀ ਸੱਭਿਆਚਾਰ ਦੇ ਪ੍ਰਚਾਰ ਪ੍ਰਸਾਰ ਸਬੰਧੀ ਹੋਇਆ ਵਿਚਾਰ-ਵਟਾਂਦਰਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਸੰਸਦ ਮੈਂਬਰ ਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਮਨੋਜ ਤਿਵਾੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬੀ ਫ਼ਿਲਮ ਇੰਡਸਟਰੀ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਤੇ ਪ੍ਰਸਿੱਧ ਅਦਾਕਾਰ ਬਿੰਨੂ ਢਿੱਲੋਂ ਤੇ ਦੇਵ ਖਰੌੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮਲਾਕਾਤ ਦੌਰਾਨ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਵੱਖ-ਵੱਖ ਮੁੱਦਿਆਂ, ਕਲਾਕਾਰਾਂ ਨੂੰ ਪੇਸ਼ ਆ ਰਹੀਆਂ ਚੁਣੌਤੀਆਂ, ਫ਼ਿਲਮ ਨਿਰਮਾਣ ਨਾਲ ਸਬੰਧਤ ਸਮੱਸਿਆਵਾਂ ਤੇ ਪੰਜਾਬੀ ਸਿਨੇਮਾ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਅਜੈਵੀਰ ਸਿੰਘ ਲਾਲਪੁਰਾ ਨੇ ਮਨੋਜ ਤਿਵਾੜੀ ਵੱਲੋਂ ਪੰਜਾਬੀ ਫ਼ਿਲਮ ਇੰਡਸਟਰੀ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਤੇ ਸੰਵੇਦਨਸ਼ੀਲਤਾ ਨਾਲ ਸੁਣਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਸਿਨੇਮਾ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਪੰਜਾਬ ਦੀ ਅਮੀਰ ਵਿਰਾਸਤ, ਇਤਿਹਾਸ, ਮਾਂ ਬੋਲੀ ਤੇ ਸੱਭਿਆਚਾਰ ਨੂੰ ਦੁਨੀਆ ਭਰ ’ਚ ਪਹੁੰਚਾਉਣ ਦਾ ਇੱਕ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਲਾਕਾਰਾਂ ਨੇ ਆਪਣੀ ਕਲਾ ਤੇ ਮਿਹਨਤ ਨਾਲ ਦੇਸ਼-ਵਿਦੇਸ਼ ’ਚ ਪੰਜਾਬ ਦੀ ਵਿਲੱਖਣ ਪਛਾਣ ਸਥਾਪਿਤ ਕੀਤੀ ਹੈ। ਪੰਜਾਬੀ ਸਿਨੇਮਾ ਦੀ ਮਜ਼ਬੂਤੀ ਲਈ ਉਦਯੋਗ ਨਾਲ ਜੁੜੇ ਲੋਕਾਂ ਦੇ ਮਸਲਿਆਂ ਨੂੰ ਸੁਣਨਾ ਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਮੰਚਾਂ ’ਤੇ ਗੱਲਬਾਤ ਕਰਨਾ ਸਮੇਂ ਦੀ ਲੋੜ ਹੈ। ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਮਨੋਜ ਤਿਵਾੜੀ ਦੇ ਪੰਜਾਬ, ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਪ੍ਰਤੀ ਪਿਆਰ ਤੇ ਸਾਂਝ ਦੀ ਭਾਵਨਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸੰਵਾਦ ਪੰਜਾਬੀ ਕਲਾ, ਸਿਨੇਮਾ ਤੇ ਸੱਭਿਆਚਾਰ ਨੂੰ ਨਵੀਆਂ ਸੰਭਾਵਨਾਵਾਂ ਨਾਲ ਜੋੜਨ ’ਚ ਸਹਾਇਕ ਸਿੱਧ ਹੋ ਸਕਦੇ ਹਨ।