ਹੁਕਮਨਾਮੇ ਦੀ ਪਾਲਣਾ ਲਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਮੀਟਿੰਗ
ਹੁਕਮਨਾਮੇ ਦੀ ਪਾਲਣਾ ਲਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਮੀਟਿੰਗ
Publish Date: Sat, 20 Jun 2026 07:40 PM (IST)
Updated Date: Sun, 21 Jun 2026 04:10 AM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਅਹਿਮ ਮੀਟਿੰਗ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ, ਵਿਦਿਅਕ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਹੁਕਮਨਾਮੇ ਦੀ ਪਾਲਣਾ ਯਕੀਨੀ ਬਣਾਉਣ ਲਈ ਅਗਲੀ ਰਣਨੀਤੀ ਉਲੀਕੀ ਗਈ। ਇਸ ਤੋਂ ਪਹਿਲਾਂ ਪੰਜ ਮੈਂਬਰੀ ਕਮੇਟੀ ਅਤੇ ਸਮੂਹ ਲੀਡਰਸ਼ਿਪ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤ ਹੋਈ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ। ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਮੇਟੀ ਦੇ ਮੈਂਬਰ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਇਲਾਕੇ ਦੀਆਂ ਸਿੱਖ ਸੰਗਤਾਂ, ਧਾਰਮਿਕ, ਸਮਾਜਿਕ ਤੇ ਵਿਦਿਅਕ ਸੰਸਥਾਵਾਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਮੀਟਿੰਗ ਵਿੱਚ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਬਾਰੇ ਜਾਗਰੂਕ ਕਰਨ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਵਧਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਮਸਲਾ ਕਿਸੇ ਇੱਕ ਸਿਆਸੀ ਪਾਰਟੀ ਨਾਲ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨਾਲ-ਨਾਲ ਹੋਰ ਸਿਆਸੀ ਧਿਰਾਂ ਨਾਲ ਵੀ ਸੰਪਰਕ ਕਰ ਕੇ ਇਸ ਮੁਹਿੰਮ ਨੂੰ ਹੋਰ ਵਿਆਪਕ ਬਣਾਇਆ ਜਾਵੇਗਾ, ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਇਆ ਜਾ ਸਕੇ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ ਬੱਜਰ ਗੁਨਾਹ ਕੀਤਾ ਗਿਆ ਹੈ ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਮਹਾਨਤਾ ’ਤੇ ਕਿਸੇ ਤਰ੍ਹਾਂ ਦਾ ਕਿੰਤੂ-ਪ੍ਰੰਤੂ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਗਲਤੀ ਲਈ ਮਾਫ਼ੀ ਮੰਗਣੀ ਚਾਹੀਦੀ ਸੀ ਪਰ ਉਹ ਇਸ ਦੀ ਥਾਂ ਨਵੇਂ ਸਵਾਲ ਖੜ੍ਹੇ ਕਰ ਰਹੇ ਹਨ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਣੌਤੀ ਦੇ ਰਹੇ ਹਨ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ’ਤੇ ਇਕਜੁੱਟ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਲਈ ਅੱਗੇ ਆਉਣ। ਡਾ. ਦਲਜੀਤ ਸਿੰਘ ਚੀਮਾ ਨੇ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੇ ਵੱਡੇ ਪੋਸਟਰ ਗੁਰਦੁਆਰਿਆਂ ਵਿੱਚ ਲਗਾਏ ਜਾਣ ਅਤੇ ਸੰਗਤਾਂ ਨੂੰ ਸਵੇਰੇ-ਸ਼ਾਮ ਇਸ ਬਾਰੇ ਜਾਣੂ ਕਰਵਾਇਆ ਜਾਵੇ, ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਇਸ ਮੁੱਦੇ ’ਤੇ ਸਮੂਹ ਸੰਗਤ ਇਕਜੁਟ ਹੋ ਕੇ ਇਹ ਲੜਾਈ ਲੜੇ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ,ਬਾਬਾ ਸੁਰਜਨ ਸਿੰਘ ਭੇਵੇ ਵਾਲੇ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਚਰਨ ਸਿੰਘ ਬੇਈਹਾਰਾ, ਕੁਲਬੀਰ ਸਿੰਘ ਅਸਮਾਨਪੁਰ, ਬੀਬੀ ਕੁਲਵਿੰਦਰ ਕੌਰ, ਪਰਮਜੀਤ ਸਿੰਘ, ਭਾਰਤ ਭੂਸ਼ਣ ਹੈਪੀ, ਸਤਨਾਮ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਲੋਕ ਮੋਜਦ ਸਨ।