- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਲ ਬੀਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਚੰਦਪੁਰ ਬੇਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਰੋਪੜ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਚੰਦਪੁਰ ਬੇਲਾ ਵਿਖੇ ਤੇਲ ਬੀਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਪੀਏਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਸਰ੍ਹੋਂ ਦੀਆਂ ਕਿਸਮਾਂ ਨੂੰ ਵਧੇਰੇ ਅਪਣਾਉਣ ਦੇ ਉਦੇਸ਼ ਨਾਲ ਜਾਗਰੂਕਤਾ ਕੈਂਪ ਲਾਇਆ ਗਿਆ।
ਇਸ ਮੌਕੇ ਡੀਈਐੱਸ. (ਫਲ ਵਿਗਿਆਨ) ਡਾ. ਅਵਨੀਤ ਕੌਰ ਨੇ ਕਿਸਾਨਾਂ ਦਾ ਸਵਾਗਤ ਕਰਦਿਆਂ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨ ਦੇ ਨਾਲ-ਨਾਲ ਖਾਣ ਵਾਲੇ ਤੇਲ ਦੇ ਉਤਪਾਦਨ ’ਚ ਸਵੈ-ਨਿਰਭਰਤਾ ਹਾਸਲ ਕਰਨ ਲਈ ਤੇਲ ਬੀਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐੱਸ.ਈ.ਐੱਸ. (ਫ਼ਸਲ ਵਿਗਿਆਨ) ਡਾ. ਆਰ.ਐੱਸ. ਘੁੰਮਣ ਨੇ ਕਿਸਾਨਾਂ ਨੂੰ ਜੀ.ਐੱਸ.ਸੀ.-7 ਵਰਗੀਆਂ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਸਰ੍ਹੋਂ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਤੇ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਰ੍ਹੋਂ ਦੀ ਫ਼ਸਲ ਦੀ ਸਮੇਂ ਸਿਰ ਬਿਜਾਈ, ਬੀਜ ਦੀ ਢੁਕਵੀਂ ਮਾਤਰਾ, ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਫ਼ਸਲ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਫ਼ਾਰਸ਼ਾਂ ਨੂੰ ਅਪਣਾ ਕੇ ਫ਼ਸਲ ਦਾ ਝਾੜ ਵਧਾਉਣ, ਕਾਸ਼ਤ ਖਰਚੇ ਘਟਾਉਣ ਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨ ’ਚ ਮਦਦ ਮਿਲ ਸਕਦੀ ਹੈ।
ਇਸ ਕੈਂਪ ਦੌਰਾਨ ਪਿੰਡ ਦੇ 46 ਕਿਸਾਨਾਂ ਨੂੰ ਸਰ੍ਹੋਂ ਦੀ ਜੀ.ਐੱਸ.ਸੀ.-7 ਕਿਸਮ ਦਾ ਬੀਜ ਮੁਹੱਈਆ ਕਰਵਾਇਆ ਗਿਆ ਤਾਂ ਜੋ ਪਿੰਡ ਪੱਧਰ ’ਤੇ ਇਸ ਕਿਸਮ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਮਾਹਿਰਾਂ ਨੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ ਦੀ ਵਰਤੋਂ ਕਰਨ ਤੇ ਫ਼ਸਲ ਦੇ ਵਧੀਆ ਝਾੜ ਲਈ ਸਿਫ਼ਾਰਸ਼ ਕੀਤੀਆਂ ਖੇਤੀ ਤਕਨੀਕਾਂ ਅਪਣਾਉਣ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ। ਇਸ ਕੈਂਪ ਦਾ ਮੁੱਖ ਉਦੇਸ਼ ਤੇਲ ਬੀਜਾਂ ਦੀ ਕਾਸ਼ਤ ਸਬੰਧੀ ਸੁਧਰੀਆਂ ਖੇਤੀ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣਾ, ਸਰ੍ਹੋਂ ਦੀ ਜੀ.ਐੱਸ.ਸੀ.-7 ਕਿਸਮ ਨੂੰ ਵਧੇਰੇ ਅਪਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਇਲਾਕੇ ’ਚ ਫ਼ਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨਾ ਸੀ। ਕੈਂਪ ’ਚ ਕਿਸਾਨਾਂ ਦੇ ਨਾਲ-ਨਾਲ ਕਿਸਾਨ ਬੀਬੀਆਂ ਦੀ ਸ਼ਮੂਲੀਅਤ ਨੇ ਟਿਕਾਊ ਅਤੇ ਲਾਹੇਵੰਦ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਯਤਨਾਂ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।