21 ਅਗਸਤ ਨੂੰ ਪੰਜਾਬ ਬੰਦ ਲਈ ਸਹਿਯੋਗ ਦੀ ਅਪੀਲ 21 ਅਗਸਤ ਨੂੰ ਪੰਜਾਬ ਬੰਦ ਲਈ ਸਹਿਯੋਗ ਦੀ ਅਪੀਲ
Publish Date: Wed, 19 Aug 2026 06:36 PM (IST)
Updated Date: Wed, 19 Aug 2026 06:39 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਅਤੇ ਇਲਾਕੇ ਦੇ ਸਮੂਹ ਪੰਜਾਬੀਆਂ ਵੱਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਆਪਣੇ ਕਾਰੋਬਾਰ ਬੰਦ ਕਰਕੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ, ਸਰਪੰਚ ਜਸਪਾਲ ਸਿੰਘ ਢਾਹੇ ਮੈਂਬਰ ਜ਼ਿਲ੍ਹਾ ਪਰਿਸ਼ਦ ਰੂਪਨਗਰ, ਭੁਪਿੰਦਰ ਸਿੰਘ ਬਜਰੂੜ ਸਰਪ੍ਰਸਤ ਸਿੱਖ ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਭਾਈ ਅਮਨਦੀਪ ਸਿੰਘ ਅਬਿਆਣਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੇ ਕਿਹਾ ਕਿ ਬੰਦੀ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਜਾਰੀ ਹੈ। ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਪੱਕਾ ਮੋਰਚਾ ਵੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੀ 29 ਜੁਲਾਈ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ 15 ਅਗਸਤ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਸਮੂਹ ਪੰਜਾਬੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਉਨ੍ਹਾਂ ਐਲਾਨ ਕੀਤਾ ਕਿ 21 ਅਗਸਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਵਿੱਚੋਂ ਕਈ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਇਸ ਲਈ ਸਰਕਾਰ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਦੀ ਰਿਹਾਈ ਲਈ ਕਦਮ ਚੁੱਕਣੇ ਚਾਹੀਦੇ ਹਨ। ਇਸ ਮੋਕੇ ਮਨਜੀਤ ਸਿੰਘ ਰਾਹੀ ਸਰਕਲ ਪ੍ਰਧਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ, ਓਂਕਾਰ ਸਿੰਘ ਮਜਾਰੀ, ਹਰਮੇਸ਼ ਸਿੰਘ ਬੜੀਵਾਲ ਅਤੇ ਬਲਜੀਤ ਸਿੰਘ ਬਠਲੋਰ ਸਮੇਤ ਹੋਰ ਆਗੂ ਹਾਜ਼ਰ ਸਨ। ਆਗੂਆਂ ਨੇ ਰੂਪਨਗਰ ਜ਼ਿਲ੍ਹੇ ਸਮੇਤ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ, ਭਰਤਗੜ੍ਹ, ਘਨੌਲੀ ਅਤੇ ਨੂਰਪੁਰ ਬੇਦੀ ਦੇ ਦੁਕਾਨਦਾਰਾਂ ਅਤੇ ਸਮੂਹ ਪੰਜਾਬੀਆਂ ਨੂੰ 21 ਅਗਸਤ ਦੇ ਪੰਜਾਬ ਬੰਦ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।