- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਤਾ ਨੂੰ ਜਨਗਣਨਾ 2027 ਲਈ ਸਵੈ-ਗਣਨਾ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਨੇ ਆਮ ਲੋਕਾਂ ਨੂੰ ਜਨਗਣਨਾ 2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਨਾਲ ਸਬੰਧਤ ਵੇਰਵੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਆਨਲਾਈਨ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ, ਜਿਸ ਰਾਹੀਂ ਪਰਿਵਾਰ ਘਰ ਬੈਠੇ ਹੀ ਆਪਣੀ ਜਾਣਕਾਰੀ ਆਸਾਨੀ ਨਾਲ ਦਰਜ ਕਰਵਾ ਸਕਦੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜਨਗਣਨਾ ਦੇ ਅੰਕੜਿਆਂ ਨੂੰ ਸਹੀ ਅਤੇ ਵਿਆਪਕ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਸਵੈ-ਗਣਨਾ ਦੀ ਇਹ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਜ਼ਿਲ੍ਹਾ ਨਿਵਾਸੀ ਅਧਿਕਾਰਤ ਪੋਰਟਲ https://se.census.gov.in ’ਤੇ ਜਾ ਕੇ ਆਪਣੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਸਫ਼ਲਤਾਪੂਰਵਕ ਜਾਣਕਾਰੀ ਜਮ੍ਹਾਂ ਕਰਵਾਉਣ ਉਪਰੰਤ ਇੱਕ ਵਿਲੱਖਣ ਸਵੈ-ਗਣਨਾ ਆਈਡੀ. ਜਾਰੀ ਕੀਤੀ ਜਾਵੇਗੀ, ਜਿਸ ਨੂੰ ਬਾਅਦ ਵਿਚ ਘਰ-ਘਰ ਆਉਣ ਵਾਲੇ ਜਨਗਣਨਾ ਕਰਮਚਾਰੀ ਨਾਲ ਸਾਂਝਾ ਕਰਨਾ ਲਾਜ਼ਮੀ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਨ ਅਤੇ ਜਨਗਣਨਾ 2027 ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜਨਗਣਨਾ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ। ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਮਹੱਤਵਪੂਰਨ ਕੌਮੀ ਅਭਿਆਸ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਜਨਗਣਨਾ 2027 ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ ਹੈ।