ਹਮਲੇ ਦੇ ਮੁਲਜ਼ਮ 2 ਨਾਬਾਲਗ ਗ੍ਰਿਫ਼ਤਾਰ
ਅਨੰਦਪੁਰ ਸਾਹਿਬ ਵਿੱਚ ਕਿਰਪਾਨਾਂ ਨਾਲ ਹਮਲਾ, ਦੋ ਨਾਬਾਲਗ ਕਾਬੂ
Publish Date: Mon, 16 Feb 2026 06:21 PM (IST)
Updated Date: Mon, 16 Feb 2026 06:24 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਅਨੰਦਪੁਰ ਸਾਹਿਬ ਦੇ ਭਗਤ ਰਵਿਦਾਸ ਚੌਂਕ ਨੇੜੇ 12 ਫਰਵਰੀ ਨੂੰ ਵਾਪਰੇ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਨਾਬਾਲਗ ਲੜਕਿਆਂ ਨੂੰ ਕਾਬੂ ਕਰ ਲਿਆ ਹੈ। ਇਸ ਘਟਨਾ ਦੌਰਾਨ ਜਸਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਸੇੜਾ ਬਾਬਾ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਸੀ, ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਅਤੇ ਬਾਅਦ ਵਿੱਚ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ। ਥਾਣਾ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਫਰਵਰੀ ਨੂੰ ਜਸਵਿੰਦਰ ਸਿੰਘ ਆਪਣੀ ਪਤਨੀ ਨਾਲ ਅਨੰਦਪੁਰ ਸਾਹਿਬ ਆਇਆ ਹੋਇਆ ਸੀ। ਉਸ ਨੇ ਭਗਤ ਰਵਿਦਾਸ ਚੌਂਕ ਵਿਖੇ ਆਪਣੀ ਸਕੂਟਰੀ ਖੜੀ ਕੀਤੀ ਅਤੇ ਪਤਨੀ ਨੂੰ ਦੱਸ ਕੇ ਵਾਸ਼ਰੂਮ ਲਈ ਚਲਾ ਗਿਆ। ਕੁਝ ਸਮੇਂ ਬਾਅਦ ਉਥੇ ਅਚਾਨਕ ਝਗੜਾ ਹੋ ਗਿਆ। ਕੁਝ ਵਿਅਕਤੀ ਜਸਵਿੰਦਰ ’ਤੇ ਕਿਰਪਾਨਾਂ ਨਾਲ ਵਾਰ ਕਰ ਰਹੇ ਸਨ। ਹਮਲੇ ਦੌਰਾਨ ਜਸਵਿੰਦਰ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਪਰਿਵਾਰਿਕ ਮੈਂਬਰਾਂ ਵੱਲੋਂ ਤੁਰੰਤ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਸ ਸਮੇਂ ਉਸ ਦੀ ਹਾਲਤ ਬਿਆਨ ਦੇਣ ਯੋਗ ਨਹੀਂ ਸੀ। ਇਸ ਕਰਕੇ ਉਸ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 31 ਅਧੀਨ ਧਾਰਾ 118(1), 115(2) ਅਤੇ 3(5) ਬੀਐਨਐਸ ਤਹਿਤ ਕੇਸ ਦਰਜ ਕੀਤਾ ਗਿਆ। ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਮਾਮਲਾ ਪੁਲਿਸ ਦੇ ਨੋਟਿਸ ਵਿੱਚ ਆਇਆ, ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ। ਮੌਕੇ ਤੋਂ ਸਬੂਤ ਇਕੱਠੇ ਕਰਕੇ ਸ਼ੱਕੀ ਵਿਅਕਤੀਆਂ ਦੀ ਪਹਿਚਾਣ ਕਰ ਲਈ ਗਈ। ਜਾਂਚ ਦੌਰਾਨ ਪਤਾ ਲੱਗਿਆ ਕਿ ਦੋਵੇਂ ਦੋਸ਼ੀ ਨਾਬਾਲਗ ਹਨ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਨਾਬਾਲਗ ਹੋਣ ਕਰਕੇ ਮਾਮਲੇ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਜੂਵੈਨਾਈਲ ਜਸਟਿਸ ਐਕਟ ਦੇ ਤਹਿਤ ਅੱਗੇ ਵਧਾਇਆ ਜਾ ਰਿਹਾ ਹੈ। ਹਮਲੇ ਵਿੱਚ ਵਰਤੇ ਗਏ ਹਥਿਆਰਾਂ ਦੀ ਬਰਾਮਦਗੀ ਲਈ ਵੀ ਪੁਲਿਸ ਵੱਲੋਂ ਯਤਨ ਜਾਰੀ ਹਨ। ਪੁਲਿਸ ਨੇ ਦੱਸਿਆ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੰਵੇਦਨਸ਼ੀਲ ਥਾਵਾਂ ਉੱਤੇ ਨਿਗਰਾਨੀ ਵਧਾਈ ਗਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਅਣਚਾਹੀ ਘਟਨਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।