ਨਸ਼ਾ ਮੁਕਤੀ ਤੇ ਨੌਜਵਾਨਾਂ ਦੇ ਮੁੜ-ਵਸੇਬੇ ਲਈ ਜਾਗਰੂਕਤਾ ਤੇ ਸਮਾਜਿਕ ਸਹਿਯੋਗ ਜ਼ਰੂਰੀ : ਸੀਜੇਐੱਮ ਅਮਨਦੀਪ ਕੌਰ ਨਸ਼ਾ ਮੁਕਤੀ ਅਤੇ ਨੌਜਵਾਨਾਂ ਦੇ ਮੁੜ-ਵਸੇਬੇ ਲਈ ਜਾਗਰੂਕਤਾ ਤੇ ਸਮਾਜਿਕ ਸਹਿਯੋਗ ਜ਼ਰੂਰੀ - ਸੀਜੇਐਮ ਅਮਨਦੀਪ ਕੌਰ
Publish Date: Fri, 30 Oct 2026 04:33 PM (IST)
Updated Date: Fri, 30 Oct 2026 04:34 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ੁਰੂ ਕੀਤੀ ਗਈ ਨੌਜਵਾਨਾਂ ਦੀ ਨਸ਼ਾ ਮੁਕਤੀ, ਸਿਹਤਯਾਬੀ ਅਤੇ ਮੁੜ-ਵਸੇਬੇ ਸਬੰਧੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਇਲਾਜ, ਮੁੜ-ਵਸੇਬੇ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੇ ਨਾਲ-ਨਾਲ ਨਸ਼ਿਆਂ ਦੀ ਨਿਰਭਰਤਾ ਤੋਂ ਉੱਭਰ ਰਹੇ ਵਿਅਕਤੀਆਂ ਨੂੰ ਢੁੱਕਵਾਂ ਇਲਾਜ, ਸਲਾਹ-ਮਸ਼ਵਰਾ ਅਤੇ ਪਰਿਵਾਰਕ ਸਹਿਯੋਗ ਮੁਹੱਈਆ ਕਰਵਾਉਣ ਦੀ ਮਹੱਤਤਾ ਨੂੰ ਉਜਾਗਰ ਕਰਨਾ ਹੈ। ਨਸ਼ਾ ਮੁਕਤੀ ਅਤੇ ਮੁੜ-ਵਸੇਬੇ ਦੀ ਪ੍ਰਕਿਰਿਆ ਦੌਰਾਨ ਨੌਜਵਾਨਾਂ ਨੂੰ ਹੁਨਰ ਵਿਕਾਸ, ਕਿੱਤਾਮੁਖੀ ਸਿਖਲਾਈ, ਰੁਜ਼ਗਾਰ ਦੇ ਮੌਕਿਆਂ ਅਤੇ ਸਕਾਰਾਤਮਕ ਸਮਾਜਿਕ ਸਰਗਰਮੀਆਂ ਨਾਲ ਜੋੜਨਾ ਵੀ ਬੇਹੱਦ ਮਹੱਤਵਪੂਰਨ ਹੈ। ਸੀਜੇਐੱਮ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਸਕੱਤਰ ਅਮਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਪ੍ਰਤੀ ਹਮਦਰਦੀ ਅਤੇ ਸਹਿਯੋਗ ਵਾਲਾ ਰਵੱਈਆ ਅਪਣਾਇਆ ਜਾਵੇ। ਅਜਿਹੇ ਵਿਅਕਤੀਆਂ ਨੂੰ ਸਮਾਜ ਤੋਂ ਵੱਖ ਕਰਨ ਜਾਂ ਉਨ੍ਹਾਂ ਨਾਲ ਵਿਤਕਰਾ ਕਰਨ ਦੀ ਬਜਾਏ ਇਲਾਜ ਕਰਵਾਉਣ ਅਤੇ ਮੁੜ-ਵਸੇਬੇ ਰਾਹੀਂ ਆਮ ਜੀਵਨ ਵਿਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮਾਪਿਆਂ, ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਮੇਂ ਸਿਰ ਮਾਰਗਦਰਸ਼ਨ, ਪਰਿਵਾਰਕ ਸਹਿਯੋਗ ਅਤੇ ਸਮਾਜਿਕ ਸਾਂਝ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਨਵੀਂ ਸ਼ੁਰੂਆਤ ਕਰਨ ਦਾ ਮੌਕਾ ਦੇਣ ਵਿਚ ਸਹਾਇਕ ਸਿੱਧ ਹੋ ਸਕਦੇ ਹਨ। ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਇਲਾਜ ਤੋਂ ਬਾਅਦ ਨਿਰੰਤਰ ਸਹਿਯੋਗ, ਪਰਿਵਾਰਕ ਮਾਰਗਦਰਸ਼ਨ ਅਤੇ ਸਮਾਜਿਕ ਪੁਨਰ-ਏਕੀਕਰਨ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਆਤਮ-ਵਿਸ਼ਵਾਸ ਨਾਲ ਆਪਣੀ ਜ਼ਿੰਦਗੀ ਮੁੜ ਸ਼ੁਰੂ ਕਰ ਸਕਣ ਅਤੇ ਸਮਾਜ ਦੇ ਜ਼ਿੰਮੇਵਾਰ ਮੈਂਬਰ ਵਜੋਂ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਦੱਸਿਆ ਕਿ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੋਲ-ਫ੍ਰੀ ਹੈਲਪਲਾਈਨ 15100 ’ਤੇ ਸੰਪਰਕ ਕਰ ਸਕਦੇ ਹਨ।