ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Mon, 09 Nov 2026 02:57 PM (IST)
Updated Date: Mon, 09 Nov 2026 02:59 PM (IST)
ਗੁਰਮੁੱਖ ਸਿੰਘ ਸਲਾਹਪੁਰੀ,ਪੰਜਾਬੀ ਜਾਗਰਣ, ਬੇਲਾ ਬਹਿਰਾਮਪੁਰ : ਪ੍ਰਿੰਸੀਪਲ ਡਿੰਪਲ ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਸੰਸਥਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰ ਦੀ ਸਭਾ ਦੌਰਾਨ ਸਕੂਲ ਦੇ ਧਾਰਮਿਕ ਅਧਿਆਪਕ ਮਨਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਨਿਆਂ, ਹੱਕ-ਸੱਚ ਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਹੋਣ ਦਾ ਸੰਦੇਸ਼ ਦਿੱਤਾ। ਇਸ ਉਪਰੰਤ ਵਿਦਿਆਰਥੀਆਂ ਦੇ ਜੂਨੀਅਰ ਤੇ ਸੀਨੀਅਰ ਵਿੰਗ ਅਨੁਸਾਰ ਰੰਗੋਲੀ ਬਣਾਉਣ ਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੰਗੋਲੀ ਮੁਕਾਬਲਿਆਂ ਦੇ ਜੂਨੀਅਰ ਵਿੰਗ ’ਚ ਚੌਥੇ ਹਾਊਸ ਨੇ ਪਹਿਲਾ, ਪਹਿਲੇ ਹਾਊਸ ਨੇ ਦੂਜਾ ਤੇ ਤੀਜੇ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੀਨੀਅਰ ਵਿੰਗ ’ਚ ਦੂਜੇ ਹਾਊਸ ਨੇ ਪਹਿਲਾ, ਚੌਥੇ ਹਾਊਸ ਨੇ ਦੂਜਾ ਤੇ ਤੀਜੇ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਜਮਾਤ ਅਨੁਸਾਰ ਕਾਰਡ ਮੇਕਿੰਗ, ਕੈਂਡਲ ਡੈਕੋਰੇਸ਼ਨ ਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਬੱਚਿਆਂ ਨੇ ਆਪਣੀ ਸਿਰਜਣਾਤਮਕ ਸੋਚ ਤੇ ਕਲਾ ਦਾ ਬਹੁਤ ਹੀ ਖੂਬਸੂਰਤ ਪ੍ਰਦਰਸ਼ਨ ਕੀਤਾ। ਇਸ ਮੌਕੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾ ਵੱਲੋਂ ਸਵੈ ਤਿਆਰ ਕੀਤੇ ਖਾਣ ਪੀਣ ਦੇ ਪਦਾਰਥਾਂ ਦੇ ਵਿਸ਼ੇਸ਼ ਸਟਾਲ ਵੀ ਲਗਾਏ ਗਏ ਇਨਾਂ ਸਟਾਲਾਂ ’ਚ ਗੋਲ ਗੱਪੇ, ਬੇਲ ਪੂਰੀ, ਨੂਡਲਜ਼ ਤੇ ਪੇਸਟੀਆਂ ਤਿਆਰ ਕੀਤੀਆਂ ਗਈਆਂ, ਜਿਨਾਂ ਦਾ ਸਮੂਹ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ1 ਆਪਣੇ ਸੰਬੋਧਨ ਦੌਰਾਨ ਪ੍ਰਿੰ.ਢਿੱਲੋਂ ਨੇ ਕਿਹਾ ਕਿ ਤਿਉਹਾਰ ਸਾਡੇ ਜੀਵਨ ’ਚ ਪਿਆਰ, ਆਪਸੀ ਸਾਂਝ ਤੇ ਭਾਈਚਾਰਕ ਸਦਭਾਵਨਾ ਨੂੰ ਮਜਬੂਤ ਕਰਦੇ ਹਨ, ਇਹ ਸਾਨੂੰ ਖੁਸ਼ੀਆਂ ਸਾਂਝੀਆਂ ਕਰਨ ਦੇ ਨਾਲ ਨਾਲ ਆਪਣੀ ਅਮੀਰ ਵਿਰਾਸਤ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਵੀ ਦਿੰਦੇ ਹਨ। ਉਨਾਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ।