ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਅਸਤੀਫ਼ੇ ਦਾ ਐਲਾਨ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਅਕਾਲੀ ਦਲ ’ਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ
Publish Date: Wed, 16 Sep 2026 04:56 PM (IST)
Updated Date: Wed, 16 Sep 2026 04:59 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਨੂੰ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਭਾਈ ਚਾਵਲਾ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜ ਦਿੱਤਾ ਹੈ। ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਇਕ ਵੱਡੀ ਸਾਜ਼ਿਸ਼ ਤਹਿਤ ਕਥਿਤ ਤੌਰ ’ਤੇ ਮਾੜੀ ਕਾਰਵਾਈ ਕਰ ਕੇ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਉਨ੍ਹਾਂ ਖ਼ਿਲਾਫ਼ ਝੂਠੀ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਉੱਪਰ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਨੈਤਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ ਤੇ ਜਦੋਂ ਤੱਕ ਉਹ ਇਨ੍ਹਾਂ ਦੋਸ਼ਾਂ ਤੋਂ ਮੁਕਤ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸੇ ਅਹੁਦੇ ’ਤੇ ਸੇਵਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਦੋਸ਼ ਮੁਕਤ ਹੋਣ ਤੋਂ ਬਾਅਦ ਹੀ ਉਹ ਮੁੜ ਸੇਵਾ ਕਰਨਗੇ। ਭਾਈ ਚਾਵਲਾ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਜੀਵਨ ਸੰਘਰਸ਼ਮਈ ਰਿਹਾ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੀ ਸੇਵਾ ਨੂੰ ਉਨ੍ਹਾਂ ਨੇ ਹਮੇਸ਼ਾ ਤਨਦੇਹੀ ਨਾਲ ਨਿਭਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਦੋਸ਼ਾਂ ਦਾ ਕੋਈ ਸਿਰ-ਪੈਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਦੀ ਅਸਲੀਅਤ ਉਹ ਜਲਦੀ ਹੀ ਲੋਕਾਂ ਦੇ ਸਾਹਮਣੇ ਲਿਆਉਣਗੇ। ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਅਸਤੀਫ਼ਾ ਦੇਣ ਦੇ ਫ਼ੈਸਲੇ ਨੂੰ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਦੌਰਾਨ ਆਪਣੇ ਆਪ ਨੂੰ ਸਾਰੇ ਸਿਆਸੀ ਤੇ ਧਾਰਮਿਕ ਅਹੁਦਿਆਂ ਤੋਂ ਵੱਖ ਰੱਖਣ ਦੇ ਕਦਮ ਵਜੋਂ ਦੱਸਿਆ ਗਿਆ ਹੈ।