ਪੁਲਿਸ ਵੱਲੋਂ 886 ਗ੍ਰਾਮ ਅਫੀਮ ਸਮੇਤ 3 ਨੌਜਵਾਨ ਕਾਬੂ
ਨੂਰਪੁਰਬੇਦੀ ਪੁਲਿਸ ਦੀ ਵੱਡੀ ਕਾਮਯਾਬੀ: 886 ਗ੍ਰਾਮ ਅਫੀਮ ਸਮੇਤ 3 ਨੌਜਵਾਨ ਕਾਬੂ
Publish Date: Wed, 25 Mar 2026 04:35 PM (IST)
Updated Date: Wed, 25 Mar 2026 04:38 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਨਸ਼ੇ ਵਿਰੋਧੀ ਮੁਹਿੰਮ ਨੂੰ ਹੋਰ ਤਿੱਖਾ ਕਰਦਿਆਂ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਵਾਈ ਕਰਦਿਆਂ ਨੂਰਪੁਰਬੇਦੀ ਪੁਲਿਸ ਨੇ ਨਾਕਾਬੰਦੀ ਦੌਰਾਨ 886 ਗ੍ਰਾਮ ਅਫੀਮ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਡਰੱਗ ਸਪਲਾਈ ਚੇਨ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਪੁਲਿਸ ਮੁੱਖੀ ਮਨਿੰਦਰ ਸਿੰਘ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਗੁਰਦੀਪ ਸਿੰਘ ਗੋਸਲ ਅਤੇ ਡੀਐਸਪੀ ਸ਼੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਨੂਰਪੁਰਬੇਦੀ ਦੀ ਟੀਮ ਵੱਲੋਂ ਮੁਹਿੰਮ ਨੂੰ ਅੰਜ਼ਾਮ ਦਿੱਤਾ ਗਿਆ। ਥਾਣਾ ਮੁੱਖੀ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਐਸ.ਆਈ. ਸਰਤਾਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੇਨ ਰੋਡ ਪਿੰਡ ਬਸਾਲੀ ਨੇੜੇ ਗੁਰੂਦੁਆਰਾ ਝਿੜੀ ਸਾਹਿਬ ਕੋਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਕਰੀਬ ਦੁਪਹਿਰ 1:25 ਵਜੇ ਪਿੰਡ ਬਾਲੇਵਾਲ ਵੱਲੋਂ ਆ ਰਹੀ ਇੱਕ ਸਿਲਵਰ ਰੰਗ ਦੀ ਆਲਟੋ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ਦੀ ਪਹਿਚਾਣ ਦਿਨੇਸ਼ ਸਿੰਘ ਉਰਫ ਬੰਟੀ ਵਾਸੀ ਪਿੰਡ ਪਲਾਟਾ, ਗੁਰਪ੍ਰੀਤ ਸਿੰਘ ਉਰਫ ਗੋਲਡੀ ਵਾਸੀ ਕਾਹਨਪੁਰ ਖੂਹੀ ਅਤੇ ਰਵਿੰਦਰ ਕੁਮਾਰ ਉਰਫ ਰਵੀ ਵਾਸੀ ਪਿੰਡ ਬਾਲੇਵਾਲ ਵਜੋਂ ਹੋਈ। ਪੁਲਿਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਕਾਰ ਦੀ ਡਿੱਗੀ ਵਿੱਚੋਂ ਮੈਟ ਹੇਠ ਲੁਕਾਈ ਇੱਕ ਪਾਰਦਰਸ਼ੀ ਮੋਮੀ ਵਜ਼ਨਦਾਰ ਲਿਫਾਫੇ ਵਿਚੋਂ 886 ਗ੍ਰਾਮ ਅਫੀਮ ਬਰਾਮਦ ਹੋਈ। ਇਸ ਤੋਂ ਇਲਾਵਾ ਪੁਲਿਸ ਨੇ ਮੌਕੇ ਤੋਂ 500 ਰੁਪਏ ਦੇ 96 ਨੋਟ (ਕੁੱਲ 48,000 ਰੁਪਏ) ਡਰੱਗ ਮਨੀ ਵੀ ਬਰਾਮਦ ਕੀਤੀ, ਜੋ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਜੁੜੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਅਨੁਸਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਨਸ਼ਾ ਸਪਲਾਈ ਨੈੱਟਵਰਕ ਦੇ ਹੋਰ ਲਿੰਕਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਥਾਣਾ ਮੁੱਖੀ ਰੋਹਿਤ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੇ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਜਾਰੀ ਰਹੇਗੀ ਅਤੇ ਇਸ ਗੈਰ ਕਾਨੂੰਨੀ ਧੰਦੇ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਲਾਕੇ ਵਿਚ ਪੁਲਿਸ ਦੀ ਵਧੀ ਹੋਈ ਸਰਗਰਮੀ ਨਾਲ ਨਸ਼ਾ ਤਸਕਰਾਂ ਵਿਚ ਹੜਕੰਪ ਮਚਿਆ ਹੋਇਆ ਹੈ। ਇਲਾਕੇ ਵਿਚ ਪੁਲਿਸ ਦੀ ਕਾਰਵਾਈ ਦੀ ਪ੍ਰਸ਼ੰਸਾ ਇਸ ਕਾਰਵਾਈ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਪੁਲਿਸ ਦੀ ਤੁਰੰਤ ਕਾਰਵਾਈ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਨਾਲ ਨਸ਼ੇ ਦੀ ਸਮੱਸਿਆ ’ਤੇ ਕਾਬੂ ਪਾਇਆ ਜਾ ਸਕੇਗਾ।