ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਬਾਈਕ ਰੈਲੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਬਾਈਕ ਰੈਲੀ
Publish Date: Sun, 01 Nov 2026 03:59 PM (IST)
Updated Date: Sun, 01 Nov 2026 04:02 PM (IST)
ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਵੱਡੀ ਲੋਕ ਲਹਿਰ ਬਣਾਵਾਂਗੇ : ਵਿਧਾਇਕ ਚੱਢਾ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਤੇ ਇਸ ਨੂੰ ਲੋਕ ਲਹਿਰ ਦਾ ਰੂਪ ਦੇਣ ਦੇ ਉਦੇਸ਼ ਨਾਲ ਐਤਵਾਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਵਿਸ਼ਾਲ ਬਾਈਕ ਰੈਲੀ ਕੱਢੀ ਗਈ। ਇਸ ਰੈਲੀ ’ਚ 500 ਤੋਂ ਵੱਧ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਦਾ ਸੰਦੇਸ਼ ਦਿੱਤਾ। ਰੈਲੀ ਦੀ ਸ਼ੁਰੂਆਤ ਸ੍ਰੀ ਚਮਕੌਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਨੌਜਵਾਨਾਂ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਅਹਿਦ ਲਿਆ। ਰੈਲੀ ਦੌਰਾਨ ਵੱਖ-ਵੱਖ ਥਾਵਾਂ ਤੋਂ ਲੰਘਦਿਆਂ ਨੌਜਵਾਨਾਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਦਾ ਸੁਨੇਹਾ ਦਿੱਤਾ। ਰੈਲੀ ਦੀ ਸਮਾਪਤੀ ਮੌਕੇ ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਵਿਕਰੀ ਤੇ ਇਸ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਵਿਸ਼ਾਲ ਕਰਦਿਆਂ ਇੱਕ ਵੱਡੀ ਲੋਕ ਲਹਿਰ ਬਣਾਇਆ ਜਾਵੇਗਾ, ਜਿਸ ’ਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਜੰਗ ਸਿਰਫ਼ ਸਰਕਾਰ ਦੀ ਕੋਸ਼ਿਸ਼ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਇਸ ਲਈ ਸਮੁੱਚੇ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਹਰ ਪੰਜਾਬੀ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਉਣ ਤੇ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ’ਚ ਵੱਧ-ਚੜ੍ਹ ਕੇ ਯੋਗਦਾਨ ਪਾਵੇ। ਇਸ ਮੌਕੇ ਨਿਊਟ੍ਰੀਸ਼ਨਿਸਟ ਅੰਮ੍ਰਿਤ ਦਿਓਲ ਨੇ ਵੀ ਨੌਜਵਾਨਾਂ ਤੇ ਹਾਜ਼ਰ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਸਰੀਰਕ ਤੇ ਮਾਨਸਿਕ ਤੰਦਰੁਸਤੀ ਵੱਲ ਧਿਆਨ ਦੇਣਾ ਵੀ ਬਹੁਤ ਜ਼ਰੂਰੀ ਹੈ। ਸੰਤੁਲਿਤ ਤੇ ਪੌਸ਼ਟਿਕ ਭੋਜਨ, ਰੋਜ਼ਾਨਾ ਕਸਰਤ, ਯੋਗਾ ਤੇ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾ ਕੇ ਸਿਹਤਮੰਦ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ, ਖੇਡਾਂ ਤੇ ਸਮਾਜ ਸੇਵਾ ’ਚ ਲਗਾਉਣ ਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਸਿਹਤ ਪ੍ਰਤੀ ਜਾਗਰੂਕ ਕਰਨ। ਇਸ ਬਾਈਕ ਰੈਲੀ ਨੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦਿੰਦਿਆਂ ਇਹ ਸੁਨੇਹਾ ਦਿੱਤਾ ਕਿ ਨਸ਼ਿਆਂ ਵਿਰੁੱਧ ਲੜਾਈ ’ਚ ਲੋਕਾਂ ਦੀ ਸ਼ਮੂਲੀਅਤ ਤੇ ਨੌਜਵਾਨਾਂ ਦੀ ਸਰਗਰਮ ਭੂਮਿਕਾ ਸਭ ਤੋਂ ਅਹਿਮ ਹੈ।