ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸੰਕਲਪ ਯਾਤਰਾ’ ਮੋਰਿੰਡਾ ਪੁੱਜੀ ਭਾਜਪਾ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਰੂ ਕੀਤੀ ਸੰਕਲਪ ਯਾਤਰਾ ਮੋਰਿੰਡਾ ਪੁਜੀ
Publish Date: Tue, 24 Nov 2026 04:25 PM (IST)
Updated Date: Tue, 24 Nov 2026 04:28 PM (IST)
ਜੋਲੀ ਸੂਦ, ਪੰਜਾਬੀ ਜਾਗਰਣ, ਮੋਰਿੰਡਾ: ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਮੋਰਿੰਡਾ ਵਿਖੇ ਪਹੁੰਚੀ । ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮੇਜਰ ਮੰਜੂ ਬਾਲਾ ਸਿੰਘ ਦੀ ਅਗਵਾਈ ’ਚ ਇਲਾਕੇ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਜ਼ਿਲਾ ਰੂਪਨਗਰ ਦੇ ਮੀਤ ਪ੍ਰਧਾਨ ਹਰਨੇਕ ਸਿੰਘ ਕਲਾਰਾਂ ਨੇ ਦੱਸਿਆ ਕਿ ਇਸ ਪਾਵਨ ਮੌਕੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਡਾ. ਵਰਿੰਦਰ ਕੁਮਾਰ ਖਟੀਕ ਤੇ ਭਾਰਤੀ ਜਨਤਾ ਪਾਰਟੀ ਐੱਸ.ਸੀ. ਮੋਰਚਾ ਦੇ ਰਾਸ਼ਟਰੀ ਪ੍ਰਧਾਨ ਸ਼ਿਵੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੇਜਰ ਅੰਜੂ ਬਾਲਾ ਸਿੰਘ ਨੇ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨਾਲ ਮਿਲ ਕੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਦੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਵੀ ਸਵਾਗਤ ਕੀਤਾ ਗਿਆ। ਪਾਰਟੀ ਵੱਲੋਂ ਨਾਲ ਆਏ ਸਾਰੇ ਮਾਣਯੋਗ ਆਗੂਆਂ ਦਾ ਵੀ ਨਿੱਘਾ ਸਵਾਗਤ ਕੀਤਾ ਗਿਆ। ਮੇਜਰ ਮੰਜੂ ਬਾਲਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਮੋਰਿੰਡਾ ਇਤਿਹਾਸਕ ਅਸਥਾਨ ਹੈ, ਜਿਸ ਨੂੰ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਚਰਨ ਛੋਹ ਪ੍ਰਾਪਤ ਹੈ ਤੇ ਜੋ ਖ਼ਾਲਸਾ ਪੰਥ ਦੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸੁਸ਼ੋਭਿਤ ਹੈ। ਅਜਿਹੇ ਪਾਵਨ ਅਸਥਾਨ ਤੋਂ ਸਮਾਜਿਕ ਏਕਤਾ ਦਾ ਸੰਕਲਪ ਲੈਣਾ ਸੰਗਤਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ ਪਾਤ ਤੇ ਊਚ-ਨੀਚ ਤੋਂ ਮੁਕਤ ਬੇਗਮਪੁਰਾ ਵਰਗੇ ਸਮਾਜ ਦਾ ਸੁਪਨਾ ਦਿੱਤਾ, ਜਿੱਥੇ ਕੋਈ ਦੁਖੀ ਨਾ ਹੋਵੇ ਤੇ ਹਰ ਮਨੁੱਖ ਨੂੰ ਬਰਾਬਰ ਮਾਣ ਸਨਮਾਨ ਮਿਲੇ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਗੁਰੂ ਜੀ ਦੇ ਬਰਾਬਰੀ, ਭਾਈਚਾਰੇ ਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣਾ ਹੀ ਸਾਡਾ ਸੰਕਲਪ ਹੈ। ਗੁਰੂ ਜੀ ਨੇ ਸਾਨੂੰ ਸਿਖਾਇਆ ਕਿ ਮਨੁੱਖ ਦੀ ਪਛਾਣ ਉਸ ਦੀ ਜਾਤ ਨਾਲ ਨਹੀਂ, ਸਗੋਂ ਉਸ ਦੇ ਕਰਮਾਂ ਨਾਲ ਹੁੰਦੀ ਹੈ। 650ਵੇਂ ਪ੍ਰਕਾਸ਼ ਪੁਰਬ ਦਾ ਇਹ ਇਤਿਹਾਸਕ ਮੌਕਾ ਸਾਨੂੰ ਸਭ ਨੂੰ ਇਕੱਠੇ ਹੋ ਕੇ ਇੱਕ ਅਜਿਹਾ ਸਮਾਜ ਬਣਾਉਣ ਦੀ ਪ੍ਰੇਰਨਾ ਦਿੰਦਾ ਹੈ, ਜਿੱਥੇ ਕਿਸੇ ਨਾਲ ਵਿਤਕਰਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸਮਰਸਤਾ ਸੰਕਲਪ ਯਾਤਰਾ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਹਲਕੇ ਦੇ ਹਰ ਪਿੰਡ ਤੇ ਹਰ ਵਰਗ ਤੱਕ ਪਹੁੰਚਾਇਆ ਜਾਵੇਗਾ। ਮੇਜਰ ਅੰਜੂ ਬਾਲਾ ਸਿੰਘ ਨੇ ਕੇਂਦਰੀ ਮੰਤਰੀ ਡਾ. ਵਰਿੰਦਰ ਕੁਮਾਰ ਖਟੀਕ, ਰਾਸ਼ਟਰੀ ਪ੍ਰਧਾਨ ਸ਼੍ਰੀ ਸ਼ਿਵੇਸ਼ ਕੁਮਾਰ ਤੇ ਇਕਬਾਲ ਸਿੰਘ ਲਾਲਪੁਰਾ ਦਾ ਹਲਕਾ ਸ੍ਰੀ ਚਮਕੌਰ ਸਾਹਿਬ ਪਹੁੰਚਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਸਹਿਯੋਗ ਤੇ ਮਾਰਗਦਰਸ਼ਨ ਲਈ ਵੀ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਹੋਰਨਾਂ ਤੋ ਇਲਾਵਾ, ਅਜੈਵੀਰ ਸਿੰਘ ਲਾਲਪੁਰਾ (ਜ਼ਿਲ੍ਹਾ ਪ੍ਰਧਾਨ, ਭਾਜਪਾ ਰੋਪੜ), ਰਵੀ ਕਾਹਲੋਂ, ਕੁੰਵਰ ਪ੍ਰਤਾਪ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਤੇ ਪਾਰਟੀ ਵਰਕਰ ਹਾਜ਼ਰ ਸਨ।