ਭਾਜਪਾ ਨੇ 47ਵਾਂ ਸਥਾਪਨਾ ਦਿਵਸ ਮਨਾਇਆ
ਭਾਜਪਾ ਨੇ 47ਵਾਂ ਸਥਾਪਨਾ ਦਿਵਸ ਮਨਾਇਆ
Publish Date: Wed, 08 Apr 2026 04:14 PM (IST)
Updated Date: Thu, 09 Apr 2026 04:00 AM (IST)

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਰੀ ਹਾਜ਼ਰੀ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਸੂਰੇਵਾਲ ਵਿਚ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਹਾਜ਼ਰੀ ਦੇਖਣ ਨੂੰ ਮਿਲੀ। ਸਮਾਗਮ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਰਤੀ ਜਾ ਰਹੀ ਭਾਸ਼ਾ ਗੈਰ-ਸੰਜੀਦਾ ਹੈ, ਜੋ ਕਿ ਸੂਬੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਦੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਮੁੱਖ ਮੁੱਦਿਆਂ ਤੋਂ ਧਿਆਨ ਹਟਾ ਰਹੀ ਹੈ। ਉਨ੍ਹਾਂ ਨਸ਼ਿਆਂ ਦੇ ਫੈਲਾਅ, ਕਾਨੂੰਨ-ਵਿਵਸਥਾ (ਲਾਅ ਐਂਡ ਆਰਡਰ) ਦੀ ਗਿਰਦੀ ਸਥਿਤੀ ਅਤੇ ਨਜਾਇਜ਼ ਮਾਈਨਿੰਗ ਦੇ ਮਾਮਲਿਆਂ ‘ਤੇ ਵੀ ਸਰਕਾਰ ਨੂੰ ਘੇਰਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਘੱਟ ਹੋਣ ਦੀ ਬਜਾਏ ਵੱਧ ਰਹੀ ਹੈ, ਜਦਕਿ ਕਾਨੂੰਨ-ਵਿਵਸਥਾ ਦੀ ਹਾਲਤ ਵੀ ਚਿੰਤਾਜਨਕ ਬਣਦੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਜਾਇਜ਼ ਮਾਈਨਿੰਗ ਦੇ ਮਾਮਲਿਆਂ ਵਿੱਚ ਵੀ ਸਰਕਾਰ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਢੰਗ ਦਾ ਕਾਨੂੰਨ ਲਾਗੂ ਨਹੀਂ ਕੀਤਾ ਗਿਆ, ਜੋ ਕਿ ਸਰਕਾਰ ਦੀ ਅਣਗਹਿਲੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਲੋੜ ਹੈ। ਆਗਾਮੀ ਚੋਣਾਂ ਨੂੰ ਲੈ ਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ “ਡਬਲ ਇੰਜਨ ਸਰਕਾਰ” ਬਣਾਉਣ ਲਈ ਤਿਆਰ ਹੈ ਅਤੇ ਪਾਰਟੀ ਸਾਰੀਆਂ ਸੀਟਾਂ ‘ਤੇ ਆਪਣੇ ਉਮੀਦਵਾਰ ਖੜੇ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਲੋਕਾਂ ਦੇ ਭਰੋਸੇ ‘ਤੇ ਖਰੀ ਉਤਰੇਗੀ ਅਤੇ ਸੂਬੇ ਵਿੱਚ ਵਿਕਾਸ ਦੀ ਨਵੀਂ ਲਹਿਰ ਲਿਆਏਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਜਪਾ ਪੰਜਾਬ ਅਤੇ ਖ਼ਾਸ ਕਰਕੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਲਾਕੇ ਦੇ ਹਰ ਵਰਗ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੋਕੇ ‘ਤੇ ਡਾਕਟਰ ਸੁਭਾਸ਼ ਸ਼ਰਮਾ, ਜ਼ਿਲ੍ਹਾਂ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ, ਸੂਬਾ ਕਾਰਜਕਾਰੀ ਮੈਂਬਰ ਜਤਿੰਦਰ ਸਿੰਘ ਅਟਵਾਲ, ਹਲਕਾ ਇੰਚਾਰਜ ਡਾਕਟਰ ਪਰਵਿੰਦਰ ਸ਼ਰਮਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਅੰਤ ਵਿਚ ਵਰਕਰਾਂ ਨੇ ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਦਰਜ ਕਰਨ ਦਾ ਸੰਕਲਪ ਲਿਆ। ਇਸ ਮੌਕੇ ਜਨਰਲ ਸੈਕਟਰੀ ਪ੍ਰਦੀਪ ਕੁਮਾਰ ਦੀਪਕ, ਐਡਵੋਕੇਟ ਨਿਪੁੰਨ ਸੋਨੀ, ਮੁਕੇਸ਼ ਨੱਡਾ ਪ੍ਰੀਤ ਭਨੂੰਪਲੀ, ਮੰਡਲ ਪ੍ਰਧਾਨ ਮੋਹਿਤ ਸ਼ਰਮਾ, ਡਾਕਟਰ ਦਿਨੇਸ਼ ਜੋਸ਼ੀ, ਹਰਮਨਜੀਤ ਸਿੰਘ, ਐਡਵੋਕੇਟ ਰਕੇਸ਼ ਮੜਕਨ, ਬਲਜਿੰਦਰ ਪਾਲ ਸੋਨੀ,ਸ਼ਾਮ ਸੁੰਦਰ ਰੰਗਾਂ, ਅਸ਼ੋਕ ਕੁਮਾਰ ਗੰਭੀਰਪੁਰ ਸਮੇਤ ਭਾਰੀ ਗਿਣਤੀ ’ਚ ਭਾਜਪਾ ਵਰਕਰ ਆਗੂ ਹਾਜ਼ਰ ਸਨ।