ਭਾਜਪਾ ਵਲੋਂ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ
ਭਾਜਪਾ ਵਲੋਂ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ
Publish Date: Fri, 12 Jun 2026 05:30 PM (IST)
Updated Date: Fri, 12 Jun 2026 05:32 PM (IST)

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ ਨੰਗਲ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਸੰਗਠਿਤ ਧਰਮ ਪਰਿਵਰਤਨ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।ਡਾ. ਸ਼ਰਮਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਇਸ ਸਮੇਂ ਪੂਰਾ ਦੇਸ਼ ਖਾਸ ਕਰਕੇ ਪੰਜਾਬੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ਼ ਮਨਾ ਰਹੇ ਹਨ। ਸ਼੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਧਾਰਮਿਕ ਆਜ਼ਾਦੀ ਅਤੇ ਸੱਭਿਆਚਾਰਕ ਮੁੱਲਾਂ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਅਜਿਹੀਆਂ ਤਾਕਤਾਂ ਵੱਲੋਂ ਆਰਥਿਕ ਲਾਲਚ, ਗਲਤ ਜਾਣਕਾਰੀ ਅਤੇ ਸਮਾਜਿਕ ਦਬਾਅ ਦੇ ਜ਼ਰੀਏ ਲੋਕਾਂ ਨੂੰ ਧਰਮ ਪਰਿਵਰਤਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜੋ ਸਮਾਜਿਕ ਸਦਭਾਵਨਾ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਸਰਕਾਰ ਨੂੰ ਇਸ ਸਬੰਧੀ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਿਆਉਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਡਰ, ਦਬਾਅ ਜਾਂ ਲਾਲਚ ਦੇ ਆਧਾਰ `ਤੇ ਆਪਣਾ ਧਰਮ ਬਦਲਣ ਲਈ ਮਜਬੂਰ ਨਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਰੱਖਿਆ ਕਰਨਾ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮੁੱਦੇ `ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਡਾ. ਸ਼ਰਮਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਜੇਕਰ ਧਰਮ ਪਰਿਵਰਤਨ ਕਿਸੇ ਵਿਅਕਤੀ ਦੀ ਆਪਣੀ ਇੱਛਾ ਨਾਲ ਹੋਵੇ ਤਾਂ ਇਸ `ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋ ਸਕਦਾ, ਪਰ ਜੇਕਰ ਇਹ ਡਰ, ਧਮਕੀ, ਲਾਲਚ ਜਾਂ ਧੋਖਾਧੜੀ ਰਾਹੀਂ ਕਰਵਾਇਆ ਜਾ ਰਿਹਾ ਹੋਵੇ ਤਾਂ ਇਸ ਨੂੰ ਰੋਕਣਾ ਸਰਕਾਰ ਦੀ ਜਿਮੇਵਾਰੀ ਬਣਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸਾਂਝੀਵਾਲਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਬਣਾਈ ਰੱਖਣ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ `ਤੇ ਨਜ਼ਰ ਰੱਖਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਲਾਗੂ ਹਨ ਅਤੇ ਪੰਜਾਬ ਸਰਕਾਰ ਨੂੰ ਵੀ ਇਸ ਦਿਸ਼ਾ ਵਿੱਚ ਕਦਮ ਚੁੱਕਣੇ ਚਾਹੀਦੇ ਹਨ। ਡਾ. ਸ਼ਰਮਾ ਨੇ ਮੁੱਖ ਮੰਤਰੀ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਡਰ, ਧੋਖੇ ਜਾਂ ਲਾਲਚ ਦੇ ਆਧਾਰ `ਤੇ ਹੋਣ ਵਾਲੇ ਧਰਮ ਪਰਿਵਰਤਨ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇ। ਧਰਮ ਪਰਿਵਰਤਨ ਨਾਲ ਜੁੜੇ ਮਾਮਲਿਆਂ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ।ਸੰਸਥਾਵਾਂ ਵਿਰੁੱਧ ਸਖ਼ਤ ਪ੍ਰਬੰਧ ਕੀਤੇ ਜਾਣ।ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਸੂਬੇ ਦੀ ਸਮਾਜਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਰੱਖਿਆ ਲਈ ਸਰਕਾਰ ਨੂੰ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਡਾ. ਸੁਭਾਸ਼ ਸ਼ਰਮਾ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੋੜੀਂਦੇ ਕਦਮ ਚੁੱਕੇਗੀ, ਤਾਂ ਜੋ ਸੂਬੇ ਵਿੱਚ ਆਪਸੀ ਭਾਈਚਾਰਾ ਅਤੇ ਸਮਾਜਿਕ ਸਦਭਾਵਨਾ ਬਰਕਰਾਰ ਰਹੇ।