ਝੋਟਾ ਕਤਲ ਮਾਮਲੇ ’ਚ ਭਾਜਪਾ ਆਗੂਆ ਵੱਲੋਂ ਸੀਬੀਆਈ ਦੀ ਜਾਂਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਭਾਜਪਾ ਆਗੂਆ ਨੇ ਮੰਗੀ ਸੀਬੀਆਈ ਦੀ ਜਾਂਚ
Publish Date: Thu, 15 Oct 2026 06:31 PM (IST)
Updated Date: Thu, 15 Oct 2026 06:33 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਬੀਤੇ ਦਿਨੀਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਬੇਰਹਿਮ ਕਤਲ ਦੇ ਵਿਰੋਧ ’ਚ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਧਰਨਾ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਸਥਾਨਕ ਐਸਡੀਐਮ ਦਫ਼ਤਰ ਦੇ ਸਾਹਮਣੇ ਦਿੱਤਾ ਗਿਆ, ਜਿਸ ਵਿਚ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਦਿਨ-ਦਿਹਾੜੇ ਵਾਪਰ ਰਹੀਆਂ ਕਤਲ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ‘ਆਪ’ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਬਹਾਲ ਰੱਖਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ ਬੇਹੱਦ ਮੰਦਭਾਗਾ ਹੈ ਅਤੇ ਪੀੜਤ ਪਰਿਵਾਰ ਅੱਜ ਦਰ-ਦਰ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ। ਧਰਨੇ ਉਪਰੰਤ ਭਾਜਪਾ ਦੇ ਇੱਕ ਵਫ਼ਦ ਨੇ ਐੱਸਡੀਐੱਮ.ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਸ ਨੂੰ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ ਅਤੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਸੀ.ਬੀ.ਆਈ. ਹਵਾਲੇ ਕੀਤੀ ਜਾਵੇ ਤਾਂ ਜੋ ਸਾਜ਼ਿਸ਼ਕਾਰਾਂ ਅਤੇ ਕਾਤਲਾਂ ਨੂੰ ਬੇਨਕਾਬ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾ ਸਕੇ।