ਸਿੱਖਿਆ ਮੰਤਰੀ ਦੀ 30 ਦਿਨਾਂ ਦੀ ਜਾਂਚ ਡੈੱਡਲਾਈਨ 'ਤੇ ਭਾਜਪਾ ਨੇ ਚੁੱਕੇ ਸਵਾਲ
ਸਿੱਖਿਆ ਮੰਤਰੀ ਦੀ 30 ਦਿਨਾਂ ਦੀ ਜਾਂਚ ਡੇਡਲਾਈਨ 'ਤੇ ਭਾਜਪਾ ਨੇ ਚੁੱਕੇ ਸਵਾਲ
Publish Date: Sat, 18 Apr 2026 04:50 PM (IST)
Updated Date: Sun, 19 Apr 2026 04:04 AM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾਂ ਮੁੱਖ ਬੁਲਾਰੇ ਅਤੇ ਨੌਜਵਾਨ ਆਗੂ ਬਲਰਾਮ ਪਰਾਸ਼ਰ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇੱਕ ਵਿਦਿਅਕ ਅਦਾਰੇ ਸਬੰਧੀ 30 ਦਿਨਾਂ ਵਿੱਚ ਜਾਂਚ ਮੁਕੰਮਲ ਕਰਨ ਦੇ ਦਾਅਵੇ ਤੇ ਸਵਾਲ ਚੁੱਕਦੇ ਹੋਏ ਇਸਨੂੰ ਸਿਰਫ਼ ਸਿਆਸੀ ਜੁਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 3 ਫਰਵਰੀ ਨੂੰ ਸਿੱਖਿਆ ਮੰਤਰੀ ਵੱਲੋਂ ਟਵਿੱਟਰ ਰਾਹੀਂ 30 ਦਿਨਾਂ ਵਿੱਚ ਜਾਂਚ ਪੂਰੀ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਸੀ, ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਤਾਂ ਜਾਂਚ ਰਿਪੋਰਟ ਜਨਤਕ ਹੋਈ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕਾਰਵਾਈ ਸਾਹਮਣੇ ਆਈ ਹੈ। ਬਲਰਾਮ ਪਰਾਸ਼ਰ ਨੇ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ਤੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਪੱਧਰ ਤੇ ਹਾਲਾਤ ਵੱਖਰੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਵਿਦਿਅਕ ਅਦਾਰੇ ਵਿੱਚ ਮਾਪਿਆਂ ਨਾਲ ਬਦਸਲੂਕੀ ਅਤੇ ਅਧਿਆਪਕਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਪਰ ਪ੍ਰਸ਼ਾਸਨ ਇਸ ਮਾਮਲੇ ਵਿੱਚ ਕੋਈ ਗੰਭੀਰਤਾ ਨਹੀਂ ਦਿਖਾ ਰਿਹਾ। ਪਰਾਸ਼ਰ ਨੇ ਕਿਹਾ ਕਿ 3 ਫਰਵਰੀ ਨੂੰ ਕੀਤੇ ਵਾਅਦੇ ਅਨੁਸਾਰ 30 ਦਿਨਾਂ ਵਿੱਚ ਰਿਪੋਰਟ ਆਉਣੀ ਸੀ, ਪਰ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਰਿਪੋਰਟ ਸਿਆਸੀ ਦਬਾਅ ਹੇਠ ਦਬਾ ਦਿੱਤੀ ਗਈ ਹੈ। ਭਾਜਪਾ ਆਗੂ ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਦੇ ਪ੍ਰਬੰਧਕ ਮਾਪਿਆਂ ਅਤੇ ਅਧਿਆਪਕਾਂ ਨਾਲ ਅਪਮਾਨਜਨਕ ਵਤੀਰਾ ਕਰ ਰਹੇ ਹਨ ਤਾਂ ਸਿੱਖਿਆ ਮੰਤਰੀ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਤੁਰੰਤ ਦਖ਼ਲ ਦੇਣ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ ਵਿੱਚ ਚੁੱਪ ਨਹੀਂ ਬੈਠੇਗੀ ਅਤੇ ਜੇਕਰ ਫ਼ਰਜ਼ੀ ਡਿਗਰੀ ਅਤੇ ਦੁਰਵਿਵਹਾਰ ਦੇ ਦੋਸ਼ਾਂ ਤੇ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਪੀੜਤ ਮਾਪਿਆਂ ਅਤੇ ਅਧਿਆਪਕਾਂ ਦੇ ਹੱਕ ਵਿੱਚ ਅਦਾਰੇ ਦੇ ਗੇਟ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ 3 ਫਰਵਰੀ ਦੀ ਘੋਸ਼ਣਾ ਮੁਤਾਬਕ ਜਾਂਚ ਰਿਪੋਰਟ ਤੁਰੰਤ ਜਨਤਕ ਕੀਤੀ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।