ਬਲਾਕ ਤਖਤਗੜ੍ਹ ਦੀਆਂ ਬਲਾਕ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਬਲਾਕ ਤਖਤਗੜ੍ਹ ਦੀਆਂ ਬਲਾਕ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ
Publish Date: Sun, 18 Oct 2026 03:57 PM (IST)
Updated Date: Sun, 18 Oct 2026 04:00 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਬਲਾਕ ਤਖਤਗੜ੍ਹ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਬਜਰੂੜ ਵਿਖੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸੰਪੰਨ ਹੋਈਆਂ। ਇਨ੍ਹਾਂ ਖੇਡਾਂ ’ਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਉੱਘੇ ਸਮਾਜ ਸੇਵੀ ਅਤੇ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਦੇ ਸੂਬਾ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਕਮਲ ਚੌਹਾਨ ਟੇਡੇਵਾਲ ਨੇ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਲਈ ਬਲਾਕ ਟੂਰਨਾਮੈਂਟ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਜਰਸੀਆਂ ਵੀ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਬੱਚਿਆਂ ’ਚ ਅਨੁਸ਼ਾਸਨ, ਸਹਿਣਸ਼ੀਲਤਾ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਅਜਿਹੇ ਮੌਕੇ ਮਿਲਦੇ ਰਹਿਣੇ ਚਾਹੀਦੇ ਹਨ। ਉਨ੍ਹਾਂ ਖੇਡਾਂ ਦੇ ਆਯੋਜਨ ਲਈ ਅਧਿਆਪਕਾਂ ਅਤੇ ਪ੍ਰਬੰਧਕਾਂ ਦੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਬੀਪੀਈਓ ਸੰਜੀਵ ਕੁਮਾਰ ਨੇ ਪਹੁੰਚੀਆਂ ਸ਼ਖ਼ਸੀਅਤਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਖਿਡਾਰੀਆਂ ਨੂੰ ਵਧੀਆ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਦੇ ਸਫ਼ਲ ਆਯੋਜਨ ਲਈ ਇੰਦਰਜੀਤ ਸਿੰਘ ਬੰਗਾ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਗਈ, ਜਦਕਿ ਬੀਐਸਓ ਮਨਜੋਤ ਸਿੰਘ ਨੇ ਮੁਕਾਬਲਿਆਂ ਨੂੰ ਨਿਯਮਬੱਧ ਢੰਗ ਨਾਲ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਅਵਨੀਤ ਚੱਢਾ, ਕੇਸਰ ਸਿੰਘ, ਅਨਾਮਿਕਾ ਸ਼ਰਮਾ, ਪਰਮਜੀਤ ਕੌਰ, ਸੁਰਿੰਦਰਪਾਲ ਸਿੰਘ, ਨੀਰੂ ਬਾਲਾ, ਰਾਕੇਸ਼ ਰਾਣੀ, ਅਨੀਤਾ ਪਾਬਲਾ ਅਤੇ ਰਜਵੰਤ ਕੌਰ ਸਮੇਤ ਵੱਖ-ਵੱਖ ਸੈਂਟਰਾਂ ਦੇ ਇੰਚਾਰਜ, ਅਧਿਆਪਕ, ਪਤਵੰਤੇ ਅਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ’ਚ ਮੌਜੂਦ ਸਨ। ਸਮਾਗਮ ਦੌਰਾਨ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਅੱਗੇ ਵਧਣ ਅਤੇ ਭਵਿੱਖ ’ਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਗਿਆ।