ਰੋਟਰੀ ਕਲੱਬ ਵੱਲੋਂ ਖ਼ਾਲਸਾ ਕਾਲਜ ’ਚ ਲਗਾਇਆ ਗਿਆ ਖੂਨਦਾਨ ਕੈਂਪ ਰੋਟਰੀ ਕਲੱਬ ਵੱਲੋਂ ਖਾਲਸਾ ਕਾਲਜ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ
Publish Date: Fri, 25 Sep 2026 05:03 PM (IST)
Updated Date: Fri, 25 Sep 2026 05:06 PM (IST)
ਪੰਜਾਬੀ ਜਾਗਰਣ ਟੀਮ, ਸ੍ਰੀ ਆਨੰਦਪੁਰ ਸਾਹਿਬ: ਰੋਟਰੀ ਕਲੱਬ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਤੇ ਹੋਰ ਖੂਨਦਾਨੀਆਂ ਵੱਲੋਂ ਉਤਸ਼ਾਹ ਨਾਲ ਖੂਨਦਾਨ ਕੀਤਾ ਗਿਆ। ਇਸ ਮੌਕੇ ਕੁੱਲ 60 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਖੂਨਦਾਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਵਿਚ ਯੋਗਦਾਨ ਪਾਉਣਾ ਸੀ। ਇਸ ਮੌਕੇ ਰੋਟਰੀ ਕਲੱਬ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਸੀ.ਏ. ਗੁਰਜਿੰਦਰ ਸਿੰਘ ਨੇ ਕਿਹਾ ਕਿ ਖੂਨਦਾਨ ਇਕ ਅਜਿਹਾ ਮਹਾਨ ਸਮਾਜ ਸੇਵੀ ਕਾਰਜ ਹੈ ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿੱਚ ਸਿੱਧਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਦਸਿਆਂ, ਗੰਭੀਰ ਬਿਮਾਰੀਆਂ, ਜਣੇਪੇ ਅਤੇ ਹੋਰ ਐਮਰਜੈਂਸੀ ਹਾਲਾਤਾਂ ਵਿਚ ਮਰੀਜ਼ਾਂ ਨੂੰ ਤੁਰੰਤ ਖੂਨ ਦੀ ਲੋੜ ਪੈਂਦੀ ਹੈ, ਇਸ ਲਈ ਖੂਨਦਾਨ ਕਰਨ ਵਾਲਿਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਜੇਕਰ ਨੌਜਵਾਨ ਵਰਗ ਸਮਾਜ ਸੇਵਾ ਦੇ ਕੰਮਾਂ ਨਾਲ ਜੁੜੇ ਤਾਂ ਸਮਾਜ ਵਿਚ ਵੱਡੀ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਵੱਲੋਂ ਖੂਨਦਾਨ ਲਈ ਦਿਖਾਏ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਭਾਵਨਾ ਹੋਰਨਾਂ ਨੌਜਵਾਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀ ਹੈ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਵੱਲੋਂ ਭਵਿੱਖ ਵਿੱਚ ਵੀ ਲੋਕ ਭਲਾਈ ਨਾਲ ਸਬੰਧਤ ਅਜਿਹੇ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ। ਇਸ ਮੌਕੇ ਰੋਟਰੀ ਕਲੱਬ ਵੱਲੋਂ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਵਜੋਂ ਪ੍ਰਮਾਣ-ਪੱਤਰ ਅਤੇ ਤਗਮੇ ਦਿੱਤੇ ਗਏ। ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਰੋਟਰੀ ਕਲੱਬ ਦੇ ਮੈਂਬਰ ਸੁਖਵਿੰਦਰ ਪਾਲ ਸਿੰਘ, ਮੋਹਿੰਦਰ ਸਿੰਘ ਰਾਣਾ, ਡਾਕਟਰ ਰਣਬੀਰ ਸਿੰਘ, ਅਰੁਣਜੀਤ ਸਿੰਘ ਅਲੇਕਸੀ, ਤਰੁਨਪ੍ਰੀਤ ਸਿੰਘ ਕੈਮੀ, ਜਤਿਨ ਕੋਸ਼ਲ,ਸੁਖਦੀਪ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਗੋਲਡੀ, ਜਸਪ੍ਰੀਤ ਸਿੰਘ ਅਰੋਡ਼ਾ, ਨਵਜੀਤ ਸਿੰਘ ਕੱਥੂਰੀਆ,ਜਸਬੀਰ ਸਿੰਘ ਜੱਸਾ,ਸੁਖਵਿੰਦਰ ਸਿੰਘ ਰਾਜੂ, ਹਰਸ਼ਿਤ ਜੋਸ਼ੀ, ਡਾ. ਸੁਰਿੰਦਰ ਸ਼ਰਮਾ, ਐਨਐਸਐਸ ਅਫਸਰ ਜੇਪੀ ਸਿੰਘ, ਪ੍ਰੋਫੈਸਰ ਦਿਲਸ਼ੇਰਬੀਰ ਸਿੰਘ, ਡਾ. ਰਵਿੰਦਰ ਸਿੰਘ, ਡਾਕਟਰ ਵੀਰਪਾਲ ਸਿੰਘ, ਪ੍ਰੋਫੈਸਰ ਸੁਖਵਿੰਦਰ ਸਿੰਘ, ਡਾਕਟਰ ਅਮਨਦੀਪ ਕੌਰ ਤੇ ਕਾਲਜ ਦਾ ਵੱਡੀ ਗਿਣਤੀ ਸਟਾਫ ਇਸ ਮੌਕੇ ਮੌਜੂਦ ਸੀ।