ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪੁਸਤਕ ਪ੍ਰਦਰਸ਼ਨੀ ਨੂੰ ਮਿਲਿਆ ਭਰਵਾਂ ਹੁੰਗਾਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪੁਸਤਕ ਪ੍ਰਦਰਸ਼ਨੀ ਨੂੰ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ
Publish Date: Tue, 27 Oct 2026 04:37 PM (IST)
Updated Date: Tue, 27 Oct 2026 04:40 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਪ੍ਰਦਰਸ਼ਨੀ ’ਚ ਲੋਕਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕਰਦਿਆਂ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਸਬੰਧਤ ਪੁਸਤਕਾਂ ਪ੍ਰਤੀ ਡੂੰਘੀ ਦਿਲਚਸਪੀ ਦਿਖਾਈ। ਇਸ ਮੌਕੇ ਅਧਿਆਪਕ ਵਰਗ ਵੱਲੋਂ ਵੀ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪ੍ਰਦਰਸ਼ਨੀ ਦੌਰਾਨ ਇੱਕ ਸਾਇੰਸ ਅਧਿਆਪਕ ਨੇ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਵੱਲੋਂ ਪ੍ਰਕਾਸ਼ਿਤ ‘ਬਨਸਪਤੀ ਵਿਗਿਆਨ’ ਦੀ ਪੁਸਤਕ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੀ ਸੇਵਾਮੁਕਤੀ ਦੇ ਨੇੜੇ ਪਹੁੰਚ ਚੁੱਕੇ ਹਨ, ਪਰ ਅੱਜ ਉਨ੍ਹਾਂ ਨੂੰ ਅਜਿਹੀ ਪੁਸਤਕ ਦੇਖਣ ਦਾ ਮੌਕਾ ਮਿਲਿਆ ਹੈ, ਜਿਸ ’ਚ ਵਿਗਿਆਨ ਵਰਗੇ ਵਿਸ਼ੇ ਨੂੰ ਪੰਜਾਬੀ ਭਾਸ਼ਾ ’ਚ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਇਹ ਪੁਸਤਕ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ’ਚ ਵਿਗਿਆਨਕ ਗਿਆਨ ਪ੍ਰਾਪਤ ਕਰਨ ਦਾ ਵਧੀਆ ਮੌਕਾ ਪ੍ਰਦਾਨ ਕਰਦੀ ਹੈ। ਇਸ ਮੌਕੇ ਹਲਕਾ ਰੂਪਨਗਰ ਦੇ ਟਰੇਡ ਕਮਿਸ਼ਨ ਦੇ ਚੇਅਰਮੈਨ ਅਮਨਦੀਪ ਸਿੰਘ ਨੇ ਵੀ ਪੁਸਤਕ ਪ੍ਰਦਰਸ਼ਨੀ ’ਚ ਸ਼ਿਰਕਤ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਅਤੇ ਲੋਕਾਂ ਤੱਕ ਗਿਆਨ ਪਹੁੰਚਾਉਣ ਲਈ ਭਾਸ਼ਾ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਪ੍ਰਦਰਸ਼ਨੀ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਤ-ਭਾਸ਼ਾ ਕੇਵਲ ਵਿਚਾਰਾਂ ਦੇ ਪ੍ਰਗਟਾਵੇ ਦਾ ਸਾਧਨ ਹੀ ਨਹੀਂ, ਸਗੋਂ ਵਿਗਿਆਨ, ਸਿੱਖਿਆ ਅਤੇ ਗਿਆਨ ਦੇ ਹਰ ਖੇਤਰ ’ਚ ਅੱਗੇ ਵਧਣ ਦਾ ਮਜ਼ਬੂਤ ਆਧਾਰ ਵੀ ਹੈ। ਭਾਸ਼ਾ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਦੀਆਂ ਪੁਸਤਕਾਂ ਰਾਹੀਂ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਪਾਠਕਾਂ ਨੂੰ ਪੰਜਾਬੀ ਨਾਲ ਜੋੜਨ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ।