ਦੋ ਰੋਜ਼ਾ ਗੱਤਕਾ ਮੁਕਾਬਲੇ ਅਰੰਭ, ਅੱਜ ਪੰਜ ਸਖਸ਼ੀਅਤਾਂ ਦਾ ਸਨਮਾਨ
ਬੁੱਢਾ ਦਲ ਵੱਲੋਂ ਇੰਟਰਨੈਸ਼ਨਲ ਦੋ ਰੋਜ਼ਾ ਗੱਤਕਾ ਮੁਕਾਬਲੇ ਅਰੰਭ ਅੱਜ ਵਿਸ਼ੇਸ਼ ਪੰਜ ਸਖਸ਼ੀਅਤਾਂ ਦਾ ਹੋਵੇਗਾ ਸਨਮਾਨ
Publish Date: Mon, 02 Mar 2026 05:37 PM (IST)
Updated Date: Mon, 02 Mar 2026 05:37 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਬੁੱਢਾ ਦਲ ਵੱਲੋਂ ਹੋਲੇ ਮਹੱਲੇ ਦੇ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਅਰੰਭਤਾ ਅੱਜ ਖਾਲਸਾਈ ਸ਼ਾਨੋ-ਸ਼ੌਕਤ ਨਾਲ ਭਾਈ ਸੁਖਵਿੰਦਰ ਸਿੰਘ ਮੌਰ ਵੱਲੋਂ ਅਰਦਾਸ ਉਪਰੰਤ ਕੀਤੀ ਗਈ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ। ਸਿੱਖ ਪਰੰਪਰਾਵਾਂ ਨੂੰ ਰੂਪਮਾਨ ਕਰਦੀ ਇਸ ਜੰਗਜੂ ਕਲਾ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜੇਤੂ ਟੀਮਾਂ ਨੂੰ ਸਮਾਪਤੀ ਸਮੇਂ ਵਿਸ਼ੇਸ਼ ਮੈਡਲ ਸਨਮਾਨ ਨਾਲ ਨਿਵਾਜਿਆ ਜਾਵੇਗਾ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬ ਵੱਲੋਂ ਬਖਸ਼ੀ ਜੰਗਜੂ ਕਲਾ ਹੈ ਅਤੇ ਇਸ ਸ਼ਸਤਰ ਕਲਾ ਨੂੰ ਉਹੀ ਅਪਣਾਉਣ ਜੋ ਸਿੱਖੀ ਸਰੂਪ ਵਿਚ ਪ੍ਰਪੱਕ ਹੋਣ। ਉਨ੍ਹਾਂ ਨੇ ਨੌਜਵਾਨਾਂ ਨੂੰ ਗੁਰਮਤਿ ਮਾਰਗ ਨਾਲ ਜੁੜ ਕੇ ਇਸ ਵਿਰਸੇ ਨੂੰ ਸੰਭਾਲਣ ਦੀ ਅਪੀਲ ਕੀਤੀ। ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਬੁੱਢਾ ਦਲ ਵੱਲੋਂ ਪਿਛਲੇ 15 ਸਾਲਾਂ ਤੋਂ ਵੱਧ ਸਮੇਂ ਤੋਂ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਸ ਵਾਰ ਵੀ ਇਹ ਮੁਕਾਬਲੇ ਦੋ ਦਿਨ ਅੱਜ ਅਤੇ ਕੱਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਰਵਾਇਤ ਅਨੁਸਾਰ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਪੰਜ ਸਖਸ਼ੀਅਤਾਂ ਨੂੰ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਗਿਆਨੀ ਗੁਰਦੇਵ ਸਿੰਘ ਅਸਟ੍ਰੇਲੀਆ, ਸੰਤ ਗਿਆਨੀ ਹਰੀ ਸਿੰਘ ਰੰਧਾਵੇ ਵਾਲੇ ਅਤੇ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ ਬੁੱਢਾ ਦਲ ਅਮਰੀਕਾ ਸ਼ਾਮਲ ਹਨ। ਇਨ੍ਹਾਂ ਸਖਸ਼ੀਅਤਾਂ ਨੂੰ ਬੁੱਢਾ ਦਲ ਦੇ ਤੀਸਰੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਨਵਾਬ ਕਪੂਰ ਸਿੰਘ ਜੀ ਯਾਦਗਾਰੀ ਐਵਾਰਡ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਯਾਦਗਾਰੀ ਐਵਾਰਡ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਗੁਰਮੇਲ ਸਿੰਘ ਕਨੇਡਾ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਭਗਵਾਨ ਸਿੰਘ ਜੌਹਲ, ਇੰਦਰਪਾਲ ਸਿੰਘ ਫੌਜੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਸ਼ੇਰ ਸਿੰਘ, ਭਾਈ ਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਅਤੇ ਸੰਗਤਾਂ ਹਾਜ਼ਰ ਸਨ।