ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੜੀ ਹਵੇਲੀ ਤੋਂ ਸੰਗਤਾਂ ਦੀ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੜੀ ਹਵੇਲੀ ਤੋਂ ਸੰਗਤਾਂ ਦੀ ਬੱਸ ਰਵਾਨਾ
Publish Date: Thu, 17 Sep 2026 03:54 PM (IST)
Updated Date: Thu, 17 Sep 2026 03:56 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰੂਪਨਗਰ ਦੇ ਬੜੀ ਹਵੇਲੀ ਵਾਰਡ ਨੰਬਰ 17 ਤੋਂ ਸੰਗਤਾਂ ਦੀ ਬੱਸ ਧਾਰਮਿਕ ਯਾਤਰਾ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਲੋਕਾਂ ਦੀ ਆਸਥਾ ਨਾਲ ਜੁੜੀ ਹੋਈ ਹੈ ਅਤੇ ਇਸ ਤਰ੍ਹਾਂ ਦੀਆਂ ਯਾਤਰਾਵਾਂ ਸੰਗਤਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਦੌਰਾਨ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨੂੰ ਸੁਖਦ ਅਤੇ ਸਫ਼ਲ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਰੇ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਸੁਰੱਖਿਅਤ ਵਾਪਸ ਪਰਤਣ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਲਈ ਆਵਾਜਾਈ, ਭੋਜਨ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਦੇਣਾ ਹੈ, ਤਾਂ ਜੋ ਆਰਥਿਕ ਕਾਰਨਾਂ ਕਰਕੇ ਕੋਈ ਵੀ ਵਿਅਕਤੀ ਇਸ ਸੁਵਿਧਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਅਨੁਸ਼ਾਸਨ ਬਣਾਈ ਰੱਖਣ ਅਤੇ ਪ੍ਰਬੰਧਕਾਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਇਸ ਮੌਕੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਕੌਸਲਰ ਅਵਤਾਰ ਸਿੰਘ, ਸਰਪੰਚ ਪਰਵਿੰਦਰ ਬਾਲਾ, ਚੇਅਰਮੈਨ ਮਲਕੀਤ ਸਿੰਘ ਭੰਗੂ, ਸਰਪੰਚ ਵਿਕਰਾਂਤ ਚੌਧਰੀ, ਵਾਰਡ ਦੇ ਵਸਨੀਕਾਂ ਅਤੇ ਸੰਗਤਾਂ ਵੱਲੋਂ ਵੀ ਸਰਕਾਰ ਦੀ ਇਸ ਯਾਤਰਾ ਯੋਜਨਾ ਦੀ ਸ਼ਲਾਘਾ ਕੀਤੀ ਗਈ। ਸੰਗਤਾਂ ਵਿਚ ਧਾਰਮਿਕ ਯਾਤਰਾ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਬੱਸ ਰਵਾਨਾ ਹੋਣ ਸਮੇਂ ਸੰਗਤਾਂ ਵੱਲੋਂ ਧਾਰਮਿਕ ਜੈਕਾਰਿਆਂ ਨਾਲ ਮਾਹੌਲ ਨੂੰ ਆਸਥਾਮਈ ਬਣਾ ਦਿੱਤਾ ਗਿਆ।