ਭੱਠਾ ਸਾਹਿਬ ਖੇਤਰ ਦੇ ਸ਼ਰਧਾਲੂਆਂ ਦੀ ਤੀਰਥ ਯਾਤਰਾ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਭੱਠਾ ਸਾਹਿਬ ਖੇਤਰ ਦੇ ਸ਼ਰਧਾਲੂਆਂ ਦੀ ਬੱਸ ਰਵਾਨਾ
Publish Date: Wed, 28 Oct 2026 03:48 PM (IST)
Updated Date: Wed, 28 Oct 2026 03:49 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਭੱਠਾ ਸਾਹਿਬ ਖੇਤਰ ਦੇ ਵੱਖ-ਵੱਖ ਵਸਨੀਕਾਂ ਨੂੰ ਤੀਰਥ ਯਾਤਰਾ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਮੁੱਖ ਮਕਸਦ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਸ਼ਰਧਾ ਅਨੁਸਾਰ ਤੀਰਥ ਯਾਤਰਾ ਕਰ ਸਕਣ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਅਜਿਹੇ ਲੋਕਾਂ ਲਈ ਇਹ ਸਕੀਮ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਤੀਰਥ ਯਾਤਰਾ ਸਕੀਮ ਵੀ ਇਸੇ ਦਿਸ਼ਾ ’ਚ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਨਾਲ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਮਿਲਣ ਦੇ ਨਾਲ-ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਸਨਮਾਨ ਮਿਲਦਾ ਹੈ। ਇਸ ਮੌਕੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ’ਚ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਇਸ ਸਹੂਲਤ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਬੱਸ ਦੀ ਰਵਾਨਗੀ ਮੌਕੇ ਇਲਾਕੇ ਦੇ ਲੋਕ ਵੀ ਮੌਜੂਦ ਸਨ।