ਘਨੌਲੀ ਤੋਂ ਵ੍ਰਿੰਦਾਵਨ ਲਈ ਤੀਰਥ ਯਾਤਰਾ ਬੱਸ ਰਵਾਨਾ ਘਨੌਲੀ ਤੋਂ ਵ੍ਰਿੰਦਾਵਨ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਰਵਾਨਾ
Publish Date: Fri, 20 Nov 2026 06:04 PM (IST)
Updated Date: Fri, 20 Nov 2026 06:07 PM (IST)
ਵਿਧਾਇਕ ਦਿਨੇਸ਼ ਚੱਢਾ ਨੇ ਦਿਖਾਈ ਹਰੀ ਝੰਡੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਘਨੌਲੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਘਨੌਲੀ ਤੋਂ ਵ੍ਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾਈ। ਇਸ ਦੌਰਾਨ ਯਾਤਰੀਆਂ ’ਚ ਧਾਰਮਿਕ ਯਾਤਰਾ ਨੂੰ ਲੈ ਕੇ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਪਵਿੱਤਰ ਧਾਮ ਦੇ ਦਰਸ਼ਨਾਂ ਦੀ ਖੁਸ਼ੀ ਸਾਫ਼ ਝਲਕ ਰਹੀ ਸੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ ਲਈ ਇੱਕ ਸ਼ਲਾਘਾਯੋਗ ਤੇ ਲੋਕ-ਪੱਖੀ ਉਪਰਾਲਾ ਹੈ। ਇਸ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੌਰ ’ਤੇ ਕਮਜ਼ੋਰ ਤੇ ਬਜ਼ੁਰਗ ਸ਼ਰਧਾਲੂ ਵੀ ਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਕਈ ਵਾਰ ਆਰਥਿਕ ਮਜਬੂਰੀਆਂ ਕਾਰਨ ਲੋਕ ਆਪਣੀ ਧਾਰਮਿਕ ਇੱਛਾ ਪੂਰੀ ਨਹੀਂ ਕਰ ਪਾਉਂਦੇ, ਪਰ ਅਜਿਹੀਆਂ ਯੋਜਨਾਵਾਂ ਉਨ੍ਹਾਂ ਲਈ ਆਸ ਦੀ ਨਵੀਂ ਕਿਰਨ ਬਣ ਕੇ ਸਾਹਮਣੇ ਆ ਰਹੀਆਂ ਹਨ। ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਸਦਕਾ ਉਨ੍ਹਾਂ ਨੂੰ ਵ੍ਰਿੰਦਾਵਨ ਵਰਗੇ ਪਵਿੱਤਰ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।