- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਭਰੀ ਹਾਜ਼ਰੀ

ਸੰਤ ਗੋਪਾਲਾ ਨੰਦ ਜੀ ਮਹਾਰਾਜ ਪੱਸੀਵਾਲਿਆਂ ਕੋਲ ਪਹੁੰਚ ਕੇ ਲਿਆ ਆਸ਼ੀਰਵਾਦ
ਪੰਜਾਬੀ ਜਾਗਰਣ ਟੀਮ, ਨੰਗਲ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਨੰਗਲ ਤੇ ਨਯਾ ਨੰਗਲ ਵਿਖੇ ਆਯੋਜਿਤ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਗੀਤਾ ਮੰਦਿਰ ਸੈਕਟਰ-2 ਨੰਗਲ, ਸ਼ਿਵ ਸ਼ਕਤੀ ਮੰਦਿਰ ਫੇਜ਼-1ਬੀ ਨੰਗਲ, ਵਾਰਡ ਨੰ:11 ਜਵਾਹਰ ਮਾਰਕੀਟ ਅਤੇ ਸ਼ਿਵਾਲਿਕ ਐਵਨਿਊ ਨਵਾਂ ਨੰਗਲ ਵਿਖੇ ਪਹੁੰਚ ਕੇ ਸੰਗਤਾਂ ਨਾਲ ਮਿਲ ਕੇ ਜਨਮ ਅਸ਼ਟਮੀ ਦੇ ਸਮਾਗਮਾਂ ਵਿੱਚ ਭਾਗ ਲਿਆ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਧਾਰਮਿਕ ਸਮਾਗਮਾਂ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪੂਜਾ-ਅਰਚਨਾ ਕੀਤੀ ਅਤੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸਾਨੂੰ ਸੱਚ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਭਗਵਾਨ ਸ੍ਰੀ ਕ੍ਰਿਸ਼ਨ ਜੀ ਵੱਲੋਂ ਦਿੱਤਾ ਗਿਆ ਗੀਤਾ ਦਾ ਸੰਦੇਸ਼ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਸਾਨੂੰ ਆਪਣੇ ਫਰਜ਼ ਇਮਾਨਦਾਰੀ ਨਾਲ ਨਿਭਾਉਣ ਅਤੇ ਦੂਜਿਆਂ ਦੀ ਭਲਾਈ ਲਈ ਕੰਮ ਕਰਨ ਦੀ ਸਿੱਖਿਆ ਦਿੰਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਸੰਤ ਗੋਪਾਲਾ ਨੰਦ ਜੀ ਮਹਾਰਾਜ ਪੱਸੀਵਾਲਿਆਂ ਕੋਲ ਵੀ ਪਹੁੰਚੇ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਸੰਤ ਮਹਾਪੁਰਸ਼ਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾਂ ਹੀ ਸੰਤਾਂ, ਮਹਾਪੁਰਸ਼ਾਂ ਅਤੇ ਗੁਰੂਆਂ-ਪੀਰਾਂ ਦੀਆਂ ਸਿੱਖਿਆਵਾਂ ਨਾਲ ਰੌਸ਼ਨ ਰਹੀ ਹੈ। ਧਾਰਮਿਕ ਅਤੇ ਸਮਾਜਿਕ ਸਮਾਗਮ ਲੋਕਾਂ ਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਸਾਨੂੰ ਆਪਣੀ ਨਵੀਂ ਪੀੜ੍ਹੀ ਨੂੰ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਵੀ ਪ੍ਰੇਰਿਤ ਕਰਦੇ ਹਨ।
ਬੈਂਸ ਨੇ ਜਨਮ ਅਸ਼ਟਮੀ ਦੀਆਂ ਸਮੂਹ ਇਲਾਕਾ ਨਿਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਸਾਡੇ ਜੀਵਨ ਵਿੱਚ ਸੱਚਾਈ, ਨਿਆਂ, ਪਿਆਰ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ। ਉਨ੍ਹਾਂ ਕਾਮਨਾ ਕੀਤੀ ਕਿ ਇਹ ਪਵਿੱਤਰ ਤਿਉਹਾਰ ਹਰ ਪਰਿਵਾਰ ਲਈ ਖੁਸ਼ੀਆਂ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ ਅਤੇ ਸਮਾਜ ਵਿੱਚ ਆਪਸੀ ਭਾਈਚਾਰਾ ਹੋਰ ਮਜ਼ਬੂਤ ਹੋਵੇ। ਇਸ ਦੌਰਾਨ ਮੰਦਿਰਾਂ ਵਿੱਚ ਭਗਤਾਂ ਵੱਲੋਂ ਭਜਨ-ਕੀਰਤਨ, ਪੂਜਾ-ਅਰਚਨਾ ਅਤੇ ਹੋਰ ਧਾਰਮਿਕ ਸਮਾਗਮ ਵੀ ਕਰਵਾਏ ਗਏ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।