ਸਾਲਾਨਾ ਧਾਰਮਿਕ ਸਮਾਗਮ ’ਚ ਕੈਬਨਿਟ ਮੰਤਰੀ ਨਤਮਸਤਕ ਸੁੱਖ ਸਾਗਰ ਸਾਹਿਬ ਵਿਖੇ ਸਲਾਨਾ ਧਾਰਮਿਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਬੈਂਸ ਹੋਏ ਨਤਮਸਤਕ
Publish Date: Mon, 17 Aug 2026 04:11 PM (IST)
Updated Date: Mon, 17 Aug 2026 04:12 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅੱਜ ਸੁੱਖ ਸਾਗਰ ਸਾਹਿਬ ਲੰਗ ਮਜਾਰੀ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇੱਥੇ ਕਰਵਾਏ ਗਏ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ ਅਤੇ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸੱਚ, ਸੇਵਾ, ਨਿਮਰਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਵੱਲੋਂ ਦਿੱਤੇ ਸਰਬ ਸਾਂਝੀਵਾਲਤਾ ਅਤੇ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਅਤੇ ਧਾਰਮਿਕ ਵਿਰਸੇ ਵਿੱਚ ਵਿਸ਼ੇਸ਼ ਸਥਾਨ ਹੈ। ਇਸ ਪਵਿੱਤਰ ਧਰਤੀ ਨਾਲ ਜੁੜੇ ਹਰ ਧਾਰਮਿਕ ਅਸਥਾਨ ਦੀ ਆਪਣੀ ਵਿਲੱਖਣ ਮਹੱਤਤਾ ਹੈ ਅਤੇ ਇੱਥੇ ਹੋਣ ਵਾਲੇ ਸਮਾਗਮ ਸੰਗਤਾਂ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਵਿਰਸੇ ਦੀ ਸੰਭਾਲ ਅਤੇ ਇਸ ਨਾਲ ਸਬੰਧਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਪ੍ਰਬੰਧਕਾਂ ਅਤੇ ਸੰਗਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਸਨਮਾਨ ਵੀ ਕੀਤਾ ਗਿਆ। ਬੈਂਸ ਨੇ ਸਮਾਗਮ ਦੇ ਪ੍ਰਬੰਧਕਾਂ ਨੂੰ ਸਲਾਨਾ ਧਾਰਮਿਕ ਸਮਾਗਮ ਸਫਲਤਾਪੂਰਵਕ ਕਰਵਾਉਣ ਲਈ ਵਧਾਈ ਦਿੱਤੀ ਅਤੇ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਸੇਵਾ ਅਤੇ ਸਿਮਰਨ ਨਾਲ ਜੁੜਨਾ ਹਮੇਸ਼ਾ ਮਨ ਨੂੰ ਸਕੂਨ ਦਿੰਦਾ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਤ ਬਾਬਾ ਦਰਸ਼ਨ ਸਿੰਘ, ਗੁਰਨਾਮ ਸਿੰਘ ਬਿੰਦਰਾ, ਕਰਤਾਰ ਸਿੰਘ ਬਰੋਟੂ, ਸਰਪੰਚ ਮਹਿਸ਼ਾ ਆਨੰਦ, ਕੁਲਵਿੰਦਰ ਸਿੰਘ ਬਿੰਦਰਾ, ਸ਼ਸ਼ੀ ਬਾਲਾ ਆਦਿ ਹਾਜ਼ਰ ਸਨ।