ਧਾਰਮਿਕ ਸਮਾਗਮਾਂ ਨਾਲ ਭਾਈਚਾਰਕ ਸਾਂਝ ਹੁੰਦੀ ਹੈ ਮਜ਼ਬੂਤ : ਬੈਂਸ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਭਗਵਾਲਾ ਵਿਖੇ ਭਾਗਵਤ ਕਥਾ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ
Publish Date: Mon, 12 Oct 2026 04:09 PM (IST)
Updated Date: Mon, 12 Oct 2026 04:11 PM (IST)
ਕੈਬਨਿਟ ਮੰਤਰੀ ਨੇ ਪਿੰਡ ਭਗਵਾਲਾ ਵਿਖੇ ਭਾਗਵਤ ਕਥਾ ਦੇ ਸਮਾਗਮ ’ਚ ਕੀਤੀ ਸ਼ਿਰਕਤ ਪੰਜਾਬੀ ਜਾਗਰਣ ਟੀਮ, ਸ੍ਰੀ ਕੀਰਤਪੁਰ ਸਾਹਿਬ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਭਗਵਾਲਾ, ਵਾਰਡ ਨੰਬਰ 11 ਕੀਰਤਪੁਰ ਸਾਹਿਬ ਵਿਖੇ ਸਥਿਤ ਸ਼੍ਰੀ ਨੀਲ ਕੰਠ ਮਹਾਰਾਜ ਜੀ ਦੇ ਆਸ਼ਰਮ ਭਗਵਾਲਾ (ਬਰੋਟਾ) ਵਿਖੇ ਚੱਲ ਰਹੀ ਭਾਗਵਤ ਕਥਾ ਦੇ ਭੋਗ ਸਮਾਗਮ ’ਚ ਸ਼ਿਰਕਤ ਕੀਤੀ ਅਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮਾਗਮ ’ਚ ਹਾਜ਼ਰ ਸੰਗਤਾਂ ਨਾਲ ਮੁਲਾਕਾਤ ਕੀਤੀ ਅਤੇ ਧਾਰਮਿਕ ਸਮਾਗਮ ਦੇ ਸਫ਼ਲ ਆਯੋਜਨ ਲਈ ਪ੍ਰਬੰਧਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮਾਂ ਰਾਹੀਂ ਲੋਕਾਂ ਨੂੰ ਧਾਰਮਿਕ ਅਤੇ ਅਧਿਆਤਮਿਕ ਸਿੱਖਿਆ ਪ੍ਰਾਪਤ ਹੁੰਦੀ ਹੈ ਅਤੇ ਸਮਾਜ ’ਚ ਆਪਸੀ ਪਿਆਰ, ਸਤਿਕਾਰ ਤੇ ਭਾਈਚਾਰਕ ਸਾਂਝ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਰਾਧੇ-ਰਾਧੇ ਆਸ਼ਰਮ ਬਰੋਟਾ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਸਬੰਧੀ ਵੀ ਗੱਲਬਾਤ ਕੀਤੀ ਅਤੇ ਇਸ ਕਾਰਜ ਨੂੰ ਅੱਗੇ ਵਧਾਉਣ ਸਬੰਧੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਲਾਕੇ ’ਚ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਮਹੱਤਵਪੂਰਨ ਹੈ। ਸੜਕਾਂ ਦਾ ਨਿਰਮਾਣ ਅਤੇ ਸੁਧਾਰ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਧਾਰਮਿਕ ਸਥਾਨਾਂ ਤੱਕ ਪਹੁੰਚ ਨੂੰ ਵੀ ਆਸਾਨ ਬਣਾਉਂਦਾ ਹੈ। ਆਸ਼ਰਮ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਸਬੰਧੀ ਕੀਤੀ ਗਈ ਗੱਲਬਾਤ ਨਾਲ ਇਲਾਕੇ ਦੇ ਲੋਕਾਂ ਅਤੇ ਆਸ਼ਰਮ ਨਾਲ ਜੁੜੀਆਂ ਸੰਗਤਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਇਲਾਕਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਧਾਰਮਿਕ ਸਥਾਨ ਸਾਡੀ ਸਮਾਜਿਕ ਅਤੇ ਸੱਭਿਆਚਾਰਕ ਜ਼ਿੰਦਗੀ ਦੇ ਅਹਿਮ ਕੇਂਦਰ ਹਨ, ਜਿੱਥੇ ਲੋਕ ਇਕੱਠੇ ਹੋ ਕੇ ਸ਼ਾਂਤੀ, ਸਦਭਾਵਨਾ ਅਤੇ ਸੇਵਾ ਦਾ ਸੰਦੇਸ਼ ਗ੍ਰਹਿਣ ਕਰਦੇ ਹਨ। ਉਨ੍ਹਾਂ ਨੇ ਸਮਾਗਮ ਦੇ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣਾ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਜਗਤਾਰ ਸਿੰਘ ਸੈਣੀ ਕੌਂਸਲਰ, ਜਰਨੈਲ ਸਿੰਘ, ਮਾਨ ਸਿੰਘ, ਭੁਪਿੰਦਰ ਸਿੰਘ, ਗੁਰਮੁੱਖ ਸਿੰਘ, ਕਮਲ ਚੰਦ, ਜੀਤ ਰਾਮ ਅਤੇ ਜੋਗਿੰਦਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।