ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ’ਤੇ ਬੈਂਸ ਵੱਲੋਂ ਵਧਾਈਆਂ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ
Publish Date: Thu, 18 Jun 2026 06:39 PM (IST)
Updated Date: Thu, 18 Jun 2026 06:42 PM (IST)

ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਰੋਸਾਈ ,ਸਿੱਖ ਇਤਿਹਾਸ ਦੀਆਂ ਸੁਨਹਿਰੀ ਯਾਦਾਂ ਨੂੰ ਆਪਣੇ ਅੰਦਰ ਸਮੇਟਣ ਵਾਲੀ ਅਤੇ ਖਾਲਸੇ ਦੀ ਜਨਮ ਭੂਮੀ ਹੋਣ ਦਾ ਮਾਣ ਪ੍ਰਾਪਤ ਮਹਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੁੱਚੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ 19 ਜੂਨ 1665 ਈਸਵੀ ਨੂੰ ਬਾਬਾ ਗੁਰਦਿੱਤਾ ਜੀ ਤੋਂ ਇਸ ਪਵਿੱਤਰ ਨਗਰ ਦੀ ਮੋੜੀ ਗਡਵਾਈ ਗਈ ਸੀ। ਇਸ ਨਗਰ ਦਾ ਪਹਿਲਾ ਨਾਮ ‘ਚੱਕ ਮਾਤਾ ਨਾਨਕੀ’ ਰੱਖਿਆ ਗਿਆ, ਜੋ ਬਾਅਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਨਾਮ ਨਾਲ ਸੰਸਾਰ ਭਰ ਵਿੱਚ ਪ੍ਰਸਿੱਧ ਹੋਇਆ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਮਹਾਨ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਦੀ ਸੇਵਾ ਕਰਨਾ ਦੁਨੀਆ ਦਾ ਸਭ ਤੋਂ ਵੱਡਾ ਅਤੇ ਵਡਮੁੱਲਾ ਕਾਰਜ ਹੈ ਅਤੇ ਉਹ ਆਪਣਾ ਹਰ ਸਾਹ ਇਸ ਧਰਤੀ ਦੀ ਸੇਵਾ ਲਈ ਸਮਰਪਿਤ ਸਮਝਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਯਤਨ ਕੀਤੇ ਗਏ ਹਨ। ਸਭ ਤੋਂ ਪਹਿਲਾਂ 3 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਦਾਖਲੇ ‘ਤੇ ਸਥਿਤ ਪੰਜ ਪਿਆਰਾ ਪਾਰਕ ਦਾ ਨਵੀਨੀਕਰਨ ਕਰਵਾਇਆ ਗਿਆ, ਜੋ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਚੁੱਕਾ ਸੀ ਅਤੇ ਅੱਜ ਸੰਗਤਾਂ ’ਤੇ ਸ਼ਹਿਰ ਵਾਸੀਆਂ ਲਈ ਖਿੱਚ ਦਾ ਕੇਂਦਰ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਜਰਨੈਲ ਅਤੇ “ਰੰਗਰੇਟੇ ਗੁਰੂ ਕਾ ਬੇਟਾ” ਦਾ ਵਰ ਪ੍ਰਾਪਤ ਭਾਈ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਸ਼ਹਾਦਤ ਨੂੰ ਸਮਰਪਿਤ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਭਾਈ ਜੈਤਾ ਜੀ ਯਾਦਗਾਰੀ ਅਜਾਇਬ ਘਰ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੇ ਜੀਵਨ ਅਤੇ ਕੁਰਬਾਨੀ ਨੂੰ ਆਧੁਨਿਕ ਤਕਨੀਕ ਰਾਹੀਂ ਦਰਸਾਇਆ ਗਿਆ ਹੈ। ਰੋਜ਼ਾਨਾ ਸੰਗਤਾਂ ਇਹ ਅਜਾਇਬ ਘਰ ਦੇਖਣ ਲਈ ਪਹੁੰਚਦੀਆਂ ਹਨ ’ਤੇ ਵੱਡਮੁੱਲੇ ਇਤਿਹਾਸ ਤੋਂ ਜਾਣੂੰ ਹੁੰਦੀਆਂ ਹਨ। ਇਸ ਅਜਾਇਬ ਘਰ ਦੇ ਨਾਲ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਨੇਚਰ ਪਾਰਕ (ਕੁਦਰਤੀ ਪਾਰਕ) ਦਾ ਨਿਰਮਾਣ ਕਰਵਾਇਆ ਗਿਆ ਹੈ, ਜਿੱਥੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਦਰੱਖਤਾਂ ਅਤੇ ਬੂਟਿਆਂ ਨੂੰ ਵਿਸ਼ੇਸ਼ ਤੌਰ ‘ਤੇ ਲਗਾਇਆ ਗਿਆ ਹੈ। ਇਹ ਪਾਰਕ ਕੁਦਰਤ ਪ੍ਰੇਮੀਆਂ ਲਈ ਇੱਕ ਵਿਲੱਖਣ ਖਿੱਚ ਦਾ ਕੇਂਦਰ ਬਣ ਰਿਹਾ ਹੈ। ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸੈਟੇਲਾਈਟ ਅਧਾਰਿਤ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਾਈਲਡਲਾਈਫ ਸੈਂਕਚੂਰੀ ਨੂੰ 5.36 ਕਰੋੜ ਰੁਪਏ ਦੀ ਲਾਗਤ ਨਾਲ ਈਕੋ-ਟੂਰਿਜ਼ਮ ਪ੍ਰੋਜੈਕਟ ਅਧੀਨ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਇਸ ਵਿੱਚ ਲਿਓਪਾਰਡ ਸਫਾਰੀ, ਵਾਚ ਟਾਵਰ, ਨੇਚਰ ਟਰੇਲ ਅਤੇ ਹੋਰ ਆਧੁਨਿਕ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ। ਇਹ ਪੰਜਾਬ ਦੀ ਪਹਿਲੀ ਅਜਿਹੀ ਸੈਂਕਚੂਰੀ ਹੋਵੇਗੀ ਜਿੱਥੇ ਲਿਓਪਾਰਡ ਨੂੰ ਉਸਦੇ ਕੁਦਰਤੀ ਵਾਤਾਵਰਣ ਵਿੱਚ ਦੇਖਿਆ ਜਾ ਸਕੇਗਾ। ਸਰਕਾਰੀ ਆਦਰਸ਼ ਸਕੂਲ ਦਾ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਕੂਲ ਵਿੱਚ ਆਧੁਨਿਕ ਸ਼ੂਟਿੰਗ ਰੇਂਜ ਦਾ ਨਿਰਮਾਣ ਕਰਵਾਇਆ ਗਿਆ ਹੈ ਅਤੇ ਹਾਕੀ ਖਿਡਾਰੀਆਂ ਲਈ ਐਸਟਰੋਟਰਫ ਗਰਾਊਂਡ ਦਾ ਨਿਰਮਾਣ ਵੀ ਕਰਵਾਇਆ ਜਾਵੇਗਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜੋ ਕਈ ਸਾਲਾਂ ਤੋਂ ਖਸਤਾ ਹਾਲਤ ਵਿੱਚ ਸੀ, ਦਾ 5 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬਾਨਾਂ ਨਾਲ ਜੋੜਦੀਆਂ ਗਲੀਆਂ ਵਿੱਚ ਇਤਿਹਾਸਕ ਚਿੱਤਰਕਾਰੀ ਕਰਵਾਈ ਗਈ ਹੈ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਅਤੇ ਧਾਰਮਿਕ ਮਹੱਤਤਾ ਹੋਰ ਵਧੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਵੰਬਰ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਮੇਤ ਤਿੰਨ ਸ਼ਹਿਰਾਂ ਨੂੰ ਪਵਿੱਤਰ ਨਗਰੀ ਦਾ ਦਰਜਾ ਦਿੱਤਾ ਗਿਆ, ਜਿਸ ਨਾਲ ਸਿੱਖ ਸੰਗਤਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਈ। ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਫਾਇਰ ਬ੍ਰਿਗੇਡ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਹਰ ਸਾਲ ਇਸ ਧਰਤੀ ਉੱਤੇ ਖਾਲਸੇ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਅਤੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੋਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇੱਥੇ ਪਹੁੰਚਦੀਆਂ ਹਨ।ਸਾਲ ਵਿੱਚ ਕਈ ਵੱਡੇ ਸਮਾਗਮ ਇਸ ਧਰਤੀ ਤੇ ਹੁੰਦੇ ਹਨ ਪ੍ਰੰਤੂ ਫਿਰ ਵੀ ਅਜੇ ਤੱਕ ਸ਼ਹਿਰ ਫਾਇਰ ਬ੍ਰਿਗੇਡ ਦੀ ਸਹੂਲਤ ਤੋਂ ਵਾਂਝਾ ਸੀ ਪ੍ਰੰਤੂ ਸਾਡੇ ਵੱਲੋਂ ਵਿਸ਼ੇਸ਼ ਤੋਰ ਤੇ ਫਾਇਰ ਬ੍ਰਿਗੇਡ ਦੀ ਸਹੂਲਤ ਯਕੀਨੀ ਬਣਾਈ ਗਈ। ਇਸ ਤੋਂ ਇਲਾਵਾ 20 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸ਼ਹਿਰ ਦੀਆਂ ਸੜਕਾਂ ਦਾ ਨਵੀਨੀਕਰਨ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੀ ਵੀ.ਆਈ.ਪੀ ਰੋਡ ਦਾ ਨਾਮ ਬਦਲ ਕੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ ਅਤੇ ਇਸ ਦੇ ਸੁੰਦਰੀਕਰਨ ਲਈ ਵਿਸ਼ੇਸ਼ ਯਤਨ ਕੀਤੇ ਗਏ। ਲੰਮੇ ਸਮੇਂ ਤੋਂ ਖਸਤਾ ਹਾਲਤ ਵਿੱਚ ਪਏ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਲਈ ਕੇਂਦਰੀ ਰੇਲ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਪੱਤਰ ਲਿਖਿਆ ਗਿਆ, ਜਿਸ ਦੇ ਨਤੀਜੇ ਵਜੋਂ ਅੱਜ ਰੇਲਵੇ ਸਟੇਸ਼ਨ ਦਾ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ–ਸ੍ਰੀ ਅਨੰਦਪੁਰ ਸਾਹਿਬ–ਨੰਗਲ ਮਾਰਗ ‘ਤੇ ਵੱਧ ਰਹੀ ਆਵਾਜਾਈ ਅਤੇ ਹਾਦਸਿਆਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਦਿਨ ਰਾਤ ਇਸ ਪ੍ਰੋਜੈਕਟ ਲਈ ਮਿਹਨਤ ਕੀਤੀ ਅਤੇ ਚਾਰ ਮਾਰਗੀ ਸੜਕ ਅਤੇ ਬਾਈਪਾਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾਈ ਗਈ ਹੈ, ਜਿਸ ਦਾ ਕੰਮ ਜਲਦ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਚਾਰ ਮਾਰਗੀ ’ਤੇ ਬਾਈਪਾਸ ਨਾਲ ਹੁਣ ਹੋਲੇ ਮਹੱਲੇ ਅਤੇ ਵਿਸਾਖੀ ਮੋਕੇ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ ’ਤੇ ਰੋਜਾਨਾ ਹੁੰਦੇ ਹਾਦਸਿਆਂ ’ਤੇ ਵੀ ਠੱਲ ਪਵੇਗੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਜਾਇਬ ਘਰ ਦਾ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਗਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰੋੜਾਂ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ, ਜੋ ਸਿੱਖ ਇਤਿਹਾਸ, ਵਿਰਾਸਤ ਅਤੇ ਆਧੁਨਿਕ ਸਿੱਖਿਆ ਦਾ ਵਿਲੱਖਣ ਕੇਂਦਰ ਬਣੇਗੀ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੋਰਾਨ ਯੂਨੀਵਰਸਿਟੀ ਬਿਲ 2026 ਪਾਸ ਸਰਬਸੰਮਤੀ ਨਾਲ ਪਾਸ ਹੋ ਚੁੱਕਿਆ ਹੈ ’ਤੇ ਇਹ ਪ੍ਰੋਜੈਕਟ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਆਸ-ਸੁਆਸ ਇਸ ਮਹਾਨ ਪਵਿੱਤਰ ਧਰਤੀ ਲਈ ਸਮਰਪਿਤ ਹੈ ਅਤੇ ਉਹ ਹਮੇਸ਼ਾ ਦਿਨ-ਰਾਤ ਇੱਕ ਕਰਕੇ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।