ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਆਪਣੇ ਗ੍ਰਹਿ ਵਿਖੇ ਸੱਦੀ ਪ੍ਰਭਾਤ ਫੇਰੀ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਆਪਣੇ ਗ੍ਰਹਿ ਵਿਖੇ ਸੱਦੀ ਪ੍ਰਭਾਤ ਫੇਰੀ
Publish Date: Tue, 24 Nov 2026 04:18 PM (IST)
Updated Date: Tue, 24 Nov 2026 04:19 PM (IST)
ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ : ਹਰਜੋਤ ਬੈਂਸ ਪੰਜਾਬੀ ਜਾਗਰਣ ਟੀਮ, ਨੰਗਲ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਨੰਗਲ ਵਿਖੇ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਇਸੇ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਆਪਣੇ ਗ੍ਰਹਿ ਸੇਵਾ ਸਦਨ ਨੰਗਲ ਵਿਖੇ ਪ੍ਰਭਾਤ ਫੇਰੀ ਨੂੰ ਬੁਲਾ ਕੇ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਪ੍ਰਭਾਤ ਫੇਰੀ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਤੇ ਸ਼ਬਦ ਗਾਇਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਗੁਰਮਤਿ ਰੰਗ ’ਚ ਰੰਗਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਬੇਹੱਦ ਪਵਿੱਤਰ ਤੇ ਖੁਸ਼ੀਆਂ ਭਰਿਆ ਅਵਸਰ ਹੈ। ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੱਚਾਈ, ਇਮਾਨਦਾਰੀ, ਬਰਾਬਰਤਾ, ਆਪਸੀ ਭਾਈਚਾਰੇ ਤੇ ਨਿਮਰਤਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚੋਂ ਊਚ-ਨੀਚ, ਜਾਤ-ਪਾਤ ਤੇ ਭੇਦਭਾਵ ਵਰਗੀਆਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਦੇਸ਼-ਵਿਦੇਸ਼ ’ਚ ਵੱਸਦੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਭਾਤ ਫੇਰੀਆਂ, ਨਗਰ ਕੀਰਤਨਾਂ ਤੇ ਗੁਰਮਤਿ ਸਮਾਗਮਾਂ ’ਚ ਸੰਗਤਾਂ ਦੀ ਸ਼ਮੂਲੀਅਤ ਸਾਡੀ ਅਮੀਰ ਧਾਰਮਿਕ ਵਿਰਾਸਤ ਤੇ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ’ਚ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਕੈਬਨਿਟ ਮੰਤਰੀ ਤੇ ਪ੍ਰਭਾਤ ਫੇਰੀ ’ਚ ਸ਼ਾਮਲ ਸਮੂਹ ਸੰਗਤਾਂ ਦਾ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ ਤੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਲੋਕਾਈ ਉੱਤੇ ਮਿਹਰ ਬਣੀ ਰਹੇ, ਹਰ ਘਰ ’ਚ ਖੁਸ਼ਹਾਲੀ ਤੇ ਸ਼ਾਂਤੀ ਹੋਵੇ ਤੇ ਸਮਾਜ ’ਚ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ।