
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ ਸਬਸਿਡੀ ’ਤੇ ਮੁੜ ਅਰਜ਼ੀਆਂ ਦੀ ਮੰਗ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ 33 ਫ਼ੀਸਦੀ, ਵੱਧ ਤੋਂ ਵੱਧ 9 ਲੱਖ 90 ਹਜ਼ਾਰ ਰੁਪਏ ਤੱਕ ਦੀ ਸਬਸਿਡੀ ’ਤੇ ਰੋਜ਼ਾਨਾ 10 ਟਨ ਸਮਰੱਥਾ ਵਾਲੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ ਮੁੜ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਿਰਫ਼ ਤੇਲ ਕੱਢਣ ਵਾਲੇ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਲਾਗਤ ’ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਤਾਂ ਪੂਰੀਆਂ ਕਰਨ ਵਾਲੇ ਯੋਗ ਕਿਸਾਨ, ਕਿਸਾਨ ਉਤਪਾਦਕ ਸੰਸਥਾਵਾਂ, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉਦਮੀ ਇਸ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੱਛੁਕ ਬਿਨੈਕਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ 26 ਅਗਸਤ ਤੱਕ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਜਮ੍ਹਾਂ ਕਰਵਾ ਸਕਦੇ ਹਨ।