ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਚਮਕੌਰ ਸਾਹਿਬ ਤੋ ਰੋਪੜ ਤੱਕ ਬਾਈਕ ਰੈਲੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਸ੍ਰੀ ਚਮਕੌਰ ਸਾਹਿਬ ਤੋ ਰੋਪੜ ਤੱਕ ਬਾਈਕ ਰੈਲੀ ਕੱਢੀ ਗਈ
Publish Date: Sun, 01 Nov 2026 05:12 PM (IST)
Updated Date: Sun, 01 Nov 2026 05:14 PM (IST)
ਰਾਜਵੀਰ ਸਿੰਘ ਚੌਤਾਂ,ਪੰਜਾਬੀ ਜਾਗਰਣ,ਰੂਪਨਗਰ: ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਸ੍ਰੀ ਚਮਕੌਰ ਸਾਹਿਬ ਤੋ ਰੋਪੜ ਤੱਕ ਬਾਈਕ ਰੈਲੀ ਕੱਢੀ ਗਈ। ਇਸ ਰੈਲੀ ’ਚ 500 ਤੋਂ ਵੱਧ ਨੌਜਵਾਨਾਂ ਨੇ ਰੈਲੀ ਦੀ ਸ਼ੁਰੂਆਤ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਤੇ ਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਅਹਿਦ ਲਿਆ। ਰੈਲੀ ਦੇ ਸਮਾਪਤੀ ਮੌਕੇ ਵਿਧਾਇਕ ਹਲਕਾ ਰੋਪੜ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਨੂੰ ਕਿਸੇ ਵੀ ਹਾਲਤਾਂ ’ਚ ਵਿਕਣ ਨਹੀਂ ਦਿੱਤਾ ਜਾਵੇਗਾ ਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਵਿਆਪਕ ਪੱਧਰ ਉੱਤੇ ਹੋਰ ਵੱਡੀ ਲੋਕ ਲਹਿਰ ਬਣਾਵਾਂਗੇ। ਉਨ੍ਹਾਂ ਨੇ ਹਰ ਪੰਜਾਬੀ ਨੂੰ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਤੇ ਪੰਜਾਬ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਲਈ ਨਸ਼ਿਆਂ ਦੇ ਖਾਤਮੇ ਦੀ ਇਸ ਫੈਸਲਾਕੁੰਨ ਜੰਗ ’ਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇਕੱਲੀ ਸਰਕਾਰ ਨਹੀਂ ਜਿੱਤ ਸਕਦੀ, ਇਸ ਲਈ ਹਰ ਪੰਜਾਬੀ ਨੂੰ ਇਕਜੁਟ ਹੋਣ ਦੀ ਲੋੜ ਹੈ। ਸੂਬਾ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਖ਼ਤ ਮੁਹਿੰਮ ਛੇੜੀ ਹੈ ਤੇ ਮੈਂ ਜੀਵਨ ਦੇ ਹਰ ਖੇਤਰ ਦੇ ਲੋਕਾਂ ਨੂੰ ਇਸ ਮੁਹਿੰਮ ’ਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕੀਤੀ। ਰੈਲੀ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ ਚਰਨਜੀਤ ਸਿੰਘ ਨੇ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਤੇ ਖੇਡਾਂ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਇਤਿਹਾਸਕ ਧਰਤੀ ਸ੍ਰੀ ਚਮਕੌਰ ਸਾਹਿਬ ਤੋਂ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ ਜੋ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੇ ਆਖਰੀ ਪੜਾਅ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਇਕੱਲੀ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ, ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਨੂੰ ਲੋਕ ਲਹਿਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਤਸਕਰਾਂ ਵਿਰੁੱਧ ਨਹੀਂ ਹੈ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਜੀਵਨ, ਮਾਣ-ਸਤਿਕਾਰ ਤੇ ਭਵਿੱਖ ਦੀ ਰਾਖੀ ਕਰਨ ਲਈ ਹੈ।”ਰੈਲੀ ਨੂੰ ਹਰੀ ਝੰਡੀ ਦਿੰਦਿਆਂਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚ ਵੱਡੀ ਗਿਣਤੀ ਚ ਨੌਜਵਾਨਾਂ ਨਾਲ ਜੁੜਨ ਨਾਲ ਮੁਹਿੰਮ ਸਫਲ ਹੋਈ ਹੈ। ਇਸ ਰੈਲੀ ਦਾ ਉਦੇਸ਼ ਪਿੰਡਾਂ ਤੇ ਸ਼ਹਿਰਾਂ ’ਚ ਜਾਣਾ, ਨਸ਼ਾਖ਼ੋਰੀ ਬਾਰੇ ਜਾਗਰੂਕਤਾ ਪੈਦਾ ਕਰਨਾ ਤੇ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਹਿੱਸਾ ਲੈਣ ਵਾਲੇ ਬਾਈਕਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਬੈਂਸਡਰ ਹਨ, ਜੋ ਇਸ ਨੇਕ ਉਪਰਾਲੇ ਰਾਹੀਂ ਸਮਾਜ ਦੀ ਸੇਵਾ ਕਰ ਰਹੇ ਹਨ।” ਉਨ੍ਹਾਂ ਕਿਹਾ, “ਬਾਈਕਰਾਂ ਦੀ ਇਹ ਰੈਲੀ ਦਾ ਪਿੰਡਾਂ ਤੇ ਸ਼ਹਿਰਾਂ ਤੱਕ ਨਸ਼ਿਆਂ ਵਿਰੁੱਧ ਸੁਨੇਹਾ ਪਹੁੰਚਾਏਗੀ। ਇਹ ਪਹਿਲਕਦਮੀ ਲੋਕਾਂ ਦੀ ਭਾਈਵਾਲੀ ਨੂੰ ਮਜ਼ਬੂਤ ਕਰੇਗੀ ਤੇ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਫੈਲਾਏਗੀ, ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਲੋਕ ਲਹਿਰ ਬਣ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ, “ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਣ ਵਾਲੇ ਡਰੋਨਾਂ ਦਾ ਪਤਾ ਲਾਉਣ ਤੇ ਉਨ੍ਹਾਂ ਨੂੰ ਰੋਕਣ ਲਈ ਸਰਹੱਦਾਂ ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਗਿਆ ਹੈ। ਸਰਕਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਰੋਕਣ ਤੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਯਤਨਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ।” ਨਿਊਟ੍ਰੀਸ਼ਨਿਸਟ ਅੰਮ੍ਰਿਤ ਦਿਓਲ ਨੇ ਲੋਕਾਂ ਨੂੰ ਸਿਹਤਮੰਦ ਤੇ ਬਿਹਤਰ ਜੀਵਨਸ਼ੈਲੀ ਅਪਣਾਉਣ ਲਈ ਪੌਸ਼ਟਿਕ ਭੋਜਨ ਖਾਣ ਤੇ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ’ਚ ਸਿਹਤ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਖਾਣ-ਪੀਣ ਦੀਆਂ ਆਦਤਾਂ ’ਚ ਸੁਧਾਰ ਲਿਆਉਣਾ ਪਹਿਲਾ ਕਦਮ ਹੈ। ਭੋਜਨ ’ਚ ਹਰੀਆਂ ਸਬਜ਼ੀਆਂ, ਮੌਸਮੀ ਫਲ, ਦਾਲਾਂ, ਸਾਬਤ ਅਨਾਜ ਤੇ ਪ੍ਰੋਟੀਨ ਯੁਕਤ ਖੁਰਾਕ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਜ਼ਿਆਦਾ ਤੇਲ, ਨਮਕ, ਖੰਡ ਤੇ ਜੰਕ ਫੂਡ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਇਸ ਮੌਕੇ ਐਸਡੀਐਮ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐਸਡੀਐਮ ਸੁਖਪਾਲ ਸਿੰਘ, ਡੀਐਸਪੀ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਡੀਐਸਪੀ ਰੂਪਨਗਰ ਦੀਪਿੰਦਰ ਸਿੰਘ, ਤਹਿਸੀਲਦਾਰ ਰੂਪਨਗਰ ਸੁਰਿੰਦਰਪਾਲ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਭਾਗ ਸਿੰਘ ਮਦਾਨ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਅਮਨਦੀਪ ਸਿੰਘ ਮਾਂਗਟ, ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਵਿਸ਼ਾਲ ਕਸ਼ਯਪ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਸ੍ਰੀ ਚਮਕੌਰ ਸਾਹਿਬ ਤੋਂ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਐਸਐਚਓ ਸ੍ਰੀ ਚਮਕੌਰ ਸਾਹਿਬ ਸ਼ਵਿੰਦਰ ਸਿੰਘ, ਐਸਐਚਓ ਰੂਪਨਗਰ ਸਿਟੀ ਪਵਨ ਚੌਧਰੀ, ਅਮਰ ਸਿੰਘ ਸੋਲਖੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਤੇ ਨੌਜ਼ਵਾਨ ਵੱਡੀ ਗਿਣਤੀ ’ਚ ਹਾਜ਼ਰ ਸਨ।