ਜਥੇਬੰਦੀਆਂ ਤੇ ਕਿਸਾਨ ਯੂਨੀਅਨਾਂ ਵੱਲੋਂ ਝੋਟਾ ਦੇ ਕਤਲ ਵਿਰੁੱਧ ਕੈਂਡਲ ਮਾਰਚ ਸਮਾਜ ਸੇਵੀ ਜਥੇਬੰਦੀਆਂ ਤੇ ਕਿਸਾਨ ਯੂਨੀਅਨਾਂ ਵੱਲੋਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਕੈਂਡਲ ਮਾਰਚ
Publish Date: Thu, 15 Oct 2026 06:32 PM (IST)
Updated Date: Thu, 15 Oct 2026 06:36 PM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ: ਇਲਾਕੇ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਸੰਚਾਲਕ ਅਤੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਰੋਸ ਵਜੋਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਰਿੰਡਾ ਵਿਖੇ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਹ ਮਾਰਚ ਅਨਾਜ ਮੰਡੀ ਮੋਰਿੰਡਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋ ਕੇ ਵਿਸ਼ਵਕਰਮਾ ਚੌਕ ਵਿਖੇ ਸਮਾਪਤ ਹੋਇਆ। ਇਸ ਮਾਰਚ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ, ਯੂਥ ਆਗੂ ਇਕਬਾਲ ਸਿੰਘ ਡੂਮਛੇੜੀ ਅਤੇ ਹਰਜਿੰਦਰ ਸਿੰਘ ਰਸੂਲਪੁਰ ਸਮੇਤ ਕਈ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਆਗੂਆਂ ਅਤੇ ਬੁਲਾਰਿਆਂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਇਸਨੂੰ ਸਿੱਧੇ ਤੌਰ ’ਤੇ ਪੁਲਿਸ ਪ੍ਰਸ਼ਾਸਨ ਦੀ ਨਾਕਾਮੀ ਕਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨੇ ਮੈਡੀਕਲ ਸਟੋਰ ’ਤੇ ਜਾਣ ਤੋਂ ਪਹਿਲਾਂ ਸਾਰੀ ਸਥਿਤੀ ਡੀ.ਐਸ.ਪੀ. ਦੇ ਧਿਆਨ ਵਿੱਚ ਲਿਆਂਦੀ ਸੀ, ਪਰੰਤੂ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਪ੍ਰਚਾਰ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹੈ, ਜਦਕਿ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਸੱਦਾ ਦਿੱਤਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸਮੂਹ ਵਰਗਾਂ ਨੂੰ ਇੱਕੋ ਮੰਚ ’ਤੇ ਆ ਕੇ ਸਾਂਝਾ ਸੰਘਰਸ਼ ਕਰਨਾ ਪਵੇਗਾ। ਇਸ ਮੌਕੇ ਹਰਜਿੰਦਰ ਸਿੰਘ ਘੁੰਮਣ ਨੇ ਪੋਸਤ ਦੀ ਬਿਜਾਈ ਦੀ ਵਕਾਲਤ ਕਰਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਸਦੀ ਮੰਗ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਪੋਸਤ ਦੀ ਬਿਜਾਈ ਤੋਂ ਬਿਨਾਂ ਨਸ਼ਿਆਂ ਦਾ ਮੁਕੰਮਲ ਖਾਤਮਾ ਸੰਭਵ ਨਹੀਂ ਹੈ।