ਸਰਬਜੀਤ ਸਿੰਘ, ਰੂਪਨਗਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫੌਰੀ ਤੌਰ 'ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਰੋਪੜ ਵਿਖੇ ਮੁੱਖ ਮੰਤਰੀ ਨੇ ਸਤਲੁਜ ਦਰਿਆ 'ਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਤਲੁਜ ਦਰਿਆ ਕਿਨਾਰੇ ਵਸੇ ਗ਼ਰੀਬ ਲੋਕਾਂ ਦੇ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਉਪਰੰਤ ਪਿੰਡ ਖੈਰਾਬਾਦ ਵਿਖੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਫਸਲਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ।

ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਭਾਵਿਤ ਲੋਕਾਂ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਪੀੜਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਡਰੇਨੇਜ਼ ਵਿਭਾਗ ਦੇ ਚੀਫ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ ਪਰ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ 'ਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ 'ਤੇ ਖ਼ਤਰਾ ਮੰਡਰਾ ਰਿਹਾ ਹੈ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ ਜੋ ਮੌਜੂਦਾ ਸਮੇਂ 1681.23 ਫੁੱਟ 'ਤੇ ਵਹਿ ਰਿਹਾ ਹੈ। ਉਨ੍ਹਾਂ ਨੂੰ ਰੋਪੜ ਦੇ ਅਧਿਕਾਰੀਆਂ ਨੇ ਭਾਖੜਾ ਡੈਮ ਦੇ ਨਾਲ ਲੱਗਦੇ ਇਲਾਕੇ ਤੋਂ ਪਾਣੀ ਦੇ ਤੇਜ਼ ਵਹਾਅ ਨਾਲ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਜਾਇਦਾਦਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ।

Posted By: Seema Anand