ਪਵਨ ਕੁਮਾਰ, ਨੂਰਪੁਰ ਬੇਦੀ : ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਇਕਲੌਤੇ ਸ਼੍ਰੋਮਣੀ ਕਮੇਟੀ ਮੈਂਬਰ ਦਿਲਜੀਤ ਸਿੰਘ ਭਿੰਡਰ ਖਿਲਾਫ ਨਾਜਾਇਜ਼ ਮਾਈਨਿੰਗ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਸ੍ਰੋਮਣੀ ਕਮੇਟੀ ਮੈਂਬਰ ਪਿਛਲੇ ਤਕਰੀਬਨ ਪੰਦਰਾਂ ਸਾਲਾਂ ਤੋਂ ਨਾਜਾਇਜ਼ ਮਾਈਨਿੰਗ ਦੇ ਧੰਦੇ ਚ ਸ਼ਾਮਲ ਹੋਣ ਦੇ ਕਾਰਨ ਕਾਫ਼ੀ ਚਰਚਿਤ ਰਿਹਾ ਹੈ।

ਜਾਣਕਾਰੀ ਦਿੰਦਿਆਂ ਕਲਮਾਂ ਪੁਲਸ ਚੌਕੀ ਇੰਚਾਰਜ ਗੁਰਮੁਖ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਸਵਾਂ ਨਦੀ ਐਲਗਰਾਂ ’ਤੇ ਨਾਜਾਇਜ਼ ਮਾਈਨਿੰਗ ਕਰਦਿਆਂ ਇੱਕ ਪੋਕਲੇਨ ਮਸ਼ੀਨ ਨੂੰ ਕਾਬੂ ਕੀਤਾ ਗਿਆ ਸੀ। ਭਾਵੇਂ ਕਿ ਮੌਕੇ ’ਤੇ ਮੁਲਜ਼ਮ ਭੱਜਣ ਵਿਚ ਸਫਲ ਹੋ ਗਏ ਸਨ ਪਰ ਬਾਅਦ ’ਚ ਕੀਤੀ ਤਫਤੀਸ਼ ਦੌਰਾਨ ਕਰੱਸ਼ਰ ਮਾਲਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਤੋਂ ਇਲਾਵਾ ਜ਼ਮੀਨ ਦੇ ਮਾਲਕ ਦਲਜੀਤ ਸਿੰਘ, ਜਸਪ੍ਰੀਤ ਸਿੰਘ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਕੇਸ ਸਬੰਧੀ ਦੋ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ ਜਦੋਂਕਿ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਅਜੇ ਪੁਲਸ ਦੀ ਗਿ੍ਫਤ ਤੋਂ ਬਾਹਰ ਹੈ, ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਜੇਕਰ ਕੋਈ ਨਾਜਾਇਜ਼ ਮਾਈਨਿੰਗ ਕਰਦਾ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇ। ਉਸ ਨਾਲ ਕੋਈ ਵੀ ਢਿੱਲ ਵਰਤੀ ਨਾ ਜਾਵੇ।

Posted By: Jagjit Singh