ਯਾਤਰੀ ਨਿਵਾਸ ’ਤੇ ਹਮਲੇ ਸਬੰਧੀ ਅਣਪਛਾਤਿਆਂ ਖਿਲਾਫ ਮਾਮਲਾ ਦਰਜ
ਯਾਤਰੀ ਨਿਵਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਮਲੇ ਦੇ ਮਾਮਲੇ ਵਿਚ ਦੋ ਨਾਮਜ਼ਦ ਸਮੇਤ ਹੋਰਾਂ ਖਿਲਾਫ ਮਾਮਲਾ ਦਰਜ
Publish Date: Sat, 07 Mar 2026 05:10 PM (IST)
Updated Date: Sat, 07 Mar 2026 05:12 PM (IST)

ਪੰਜਾਬੀ ਜਾਗਰਣ ਟੀਮ, ਸ਼੍ਰੀ ਅਨੰਦਪੁਰ ਸਾਹਿਬ : ਸ਼੍ਰੀ ਅਨੰਦਪੁਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੇ ਦੋ ਨਾਮਜ਼ਦ ਵਿਅਕਤੀਆਂ ਸਮੇਤ 15 ਤੋਂ 20 ਅਣਪਛਾਤੇ ਵਿਅਕਤੀਆਂ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਪਹਿਲੀ ਜਾਣਕਾਰੀ ਰਿਪੋਰਟ ਮੁਤਾਬਕ ਸ਼ਿਕਾਇਤਕਰਤਾ ਗੁਰਤੇਜ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਰੱਤਾ ਖੇੜਾ ਜਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ 6 ਮਾਰਚ 2026 ਨੂੰ ਸ਼ਾਮ ਕਰੀਬ 7 ਵਜੇ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁਝ ਵਿਅਕਤੀਆਂ ਵੱਲੋਂ ਹੰਗਾਮਾ ਕਰਦੇ ਹੋਏ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਦੋਸ਼ੀਆਂ ਨੇ ਇਕੱਠੇ ਹੋ ਕੇ ਝਗੜਾ ਕੀਤਾ ਅਤੇ ਉੱਥੇ ਮੌਜੂਦ ਲੋਕਾਂ ਨਾਲ ਧੱਕਾ ਮੁੱਕੀ ਅਤੇ ਮਾਰ ਕੁਟਾਈ ਕੀਤੀ। ਸ਼ਿਕਾਇਤ ਵਿਚ ਦੱਸਿਆ ਗਿਆ ਕਿ ਇਸ ਘਟਨਾ ਵਿਚ ਹਰੀ ਸਿੰਘ ਪੁੱਤਰ ਮਨਨ ਸਿੰਘ ਅਤੇ ਸਾਹਿਬ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਮਰੜੀਆਂਵਾਲਾ ਥਾਣਾ ਕਾਹਨੂਵਾਂ ਜਿਲ੍ਹਾ ਗੁਰਦਾਸਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ 15 ਤੋਂ 20 ਹੋਰ ਅਣਪਛਾਤੇ ਵਿਅਕਤੀ ਵੀ ਇਸ ਘਟਨਾ ਵਿਚ ਸ਼ਾਮਲ ਦੱਸੇ ਗਏ ਹਨ। ਇਸ ਸਬੰਧੀ ਜਾਣਕਾਰੀ ਥਾਣਾ ਮੁੱਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਭਾਰਤੀ ਨਿਆਇ ਸੰਹਿਤਾ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਧਰ ਇਸ ਸਬੰਧੀ ਜਦੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਫੋਨ ਬੰਦ ਆਇਆ।