ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਦੀ ਕਥਿਤ ਜਾਅਲੀ ਪੀਐਚਡੀ ਡਿਗਰੀ ਮਾਮਲੇ ’ਚ ਕੇਸ ਦਰਜ
ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਸਿੱਧ ਸ੍ਰੀ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਦੀ ਪੀਐਚਡੀ ਡਿਗਰੀ ਸਬੰਧੀ ਕਥਿਤ ਜਾਅਲਸਾਜ਼ੀ ਦੇ ਮਾਮਲੇ ਵਿੱਚ ਪੁਲਿਸ ਨੇ ਕੇਸ ਦਰਜ ਕੀਤਾ ਹੈ।
Publish Date: Wed, 12 Aug 2026 05:49 PM (IST)
Updated Date: Wed, 12 Aug 2026 05:50 PM (IST)
ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਸਿੱਧ ਸ੍ਰੀ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਦੀ ਪੀਐਚਡੀ ਡਿਗਰੀ ਸਬੰਧੀ ਕਥਿਤ ਜਾਅਲਸਾਜ਼ੀ ਦੇ ਮਾਮਲੇ ਵਿੱਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਡੀਐਸਪੀ ਜਸ਼ਨਦੀਪ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਧਿਆਨ ਵਿੱਚ ਆਈ ਸ਼ਿਕਾਇਤ ਵਿੱਚ ਪ੍ਰਿੰਸੀਪਲ ਵੱਲੋਂ ਪੀਐਚਡੀ ਸਬੰਧੀ ਪੇਸ਼ ਕੀਤੇ ਦਸਤਾਵੇਜ਼ਾਂ ਨੂੰ ਕਥਿਤ ਤੌਰ ’ਤੇ ਜਾਅਲੀ ਦੱਸਿਆ ਗਿਆ ਸੀ। ਸ਼ਿਕਾਇਤ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਐਸਪੀ ਇਨਵੈਸਟੀਗੇਸ਼ਨ ਗੁਰਦੀਪ ਸਿੰਘ ਗੋਸਲ ਦੀ ਅਗਵਾਈ ਹੇਠ ਫੈਕਟ-ਫਾਈਂਡਿੰਗ ਕਮੇਟੀ ਬਣਾਈ ਗਈ। ਕਮੇਟੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਅਤੇ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਨੂੰ ਮੈਂਬਰ ਬਣਾਇਆ ਗਿਆ। ਡੀਐਸਪੀ ਅਨੁਸਾਰ ਕਮੇਟੀ ਨੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਆਪਣੀ ਰਿਪੋਰਟ ਐਸਐਸਪੀ ਰੂਪਨਗਰ ਮਨਿੰਦਰ ਸਿੰਘ ਨੂੰ ਸੌਂਪੀ। ਰਿਪੋਰਟ ਦੀ ਜਾਂਚ ਅਤੇ ਮਨਜ਼ੂਰੀ ਤੋਂ ਬਾਅਦ ਐਫਆਈਆਰ ਨੰਬਰ 140 ਦਰਜ ਕੀਤੀ ਗਈ। ਪੁਲਿਸ ਨੇ ਆਈਪੀਸੀ ਦੀਆਂ ਧਾਰਾਵਾਂ 419, 420, 465 ਅਤੇ 471 ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਦਸਤਾਵੇਜ਼ਾਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।