ਗੁਲਜਾਰ ਸਿੰਘ ਦੀ ਮੌਤ ’ਤੇ ਮੋਹਨਜੀਤ ਸਿੰਘ ਸ਼ੇਰੋ ਨਾਲ ਕਥਿਤ ਤਸ਼ੱਦਦ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ : ਮਿੱਤਲ ਗੁਲਜਾਰ ਸਿੰਘ ਦੀ ਮੌਤ ’ਤੇ ਮੋਹਨਜੀਤ ਸਿੰਘ ਸ਼ੇਰੋ ਨਾਲ ਕਥਿਤ ਤਸ਼ੱਦਦ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ : ਮਿੱਤਲ
Publish Date: Wed, 09 Sep 2026 04:36 PM (IST)
Updated Date: Wed, 09 Sep 2026 04:37 PM (IST)
ਗੁਲਜਾਰ ਸਿੰਘ ਦੀ ਮੌਤ ’ਤੇ ਮੋਹਨਜੀਤ ਸਿੰਘ ਸ਼ੇਰੋ ਨਾਲ ਕਥਿਤ ਤਸ਼ੱਦਦ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ : ਮਿੱਤਲ ਪੰਜਾਬੀ ਜਾਗਰਣ ਟੀਮ, ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਤੇ ਸੀਨੀਅਰ ਐਡਵੋਕੇਟ ਅਰਵਿੰਦ ਮਿੱਤਲ ਨੇ ਗੁਲਜਾਰ ਸਿੰਘ ਦੀ ਮੌਤ ਤੇ ਮੋਹਨਜੀਤ ਸਿੰਘ ਸ਼ੇਰੋ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲਿਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸਾਰੇ ਤੱਥ ਸਾਹਮਣੇ ਆ ਸਕਣ ਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਵੇ। ਮੀਡੀਆ ਨੂੰ ਜਾਰੀ ਬਿਆਨ ’ਚ ਅਰਵਿੰਦ ਮਿੱਤਲ ਨੇ ਕਿਹਾ ਕਿ ਗੁਲਜਾਰ ਸਿੰਘ ਦੀ ਮੌਤ ਨਾਲ ਸਬੰਧਤ ਮਾਮਲੇ ’ਚ ਕਈ ਗੰਭੀਰ ਸਵਾਲ ਉੱਠ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਗੁਲਜਾਰ ਸਿੰਘ ਵੱਲੋਂ ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ’ਚ ਨਸ਼ਿਆਂ ਦੇ ਮੁੱਦੇ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਇਕ ਸਭਾ ’ਚ ਹੋਈ ਗੱਲਬਾਤ ਦਾ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਇਸ ਪੱਖ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਮਿੱਤਲ ਨੇ ਗੁਲਜਾਰ ਸਿੰਘ ਮਾਮਲੇ ’ਚ ਰਾਜਨੀਤਿਕ ਦਬਾਅ ਦੇ ਕਥਿਤ ਦੋਸ਼ਾਂ ਦੀ ਵੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸੇ ਕਿਸਮ ਦਾ ਦਖ਼ਲ ਨਹੀਂ ਹੈ ਤਾਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣੀ ਚਾਹੀਦੀ ਹੈ। ਉਨ੍ਹਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਤੋਂ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਵੀ ਕੀਤੀ। ਮੋਹਨਜੀਤ ਸਿੰਘ ਸ਼ੇਰੋ ਦੇ ਮਾਮਲੇ ਬਾਰੇ ਮਿੱਤਲ ਨੇ ਦੋਸ਼ ਲਗਾਇਆ ਕਿ ਉਸ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਵੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਪੁਲਿਸ ਅਧਿਕਾਰੀ ਜਾਂ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਉਠਾਏ। ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਵਾਪਰੀ ਕਥਿਤ ਬੇਅਦਬੀ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦਾ ਜ਼ਿਕਰ ਕਰਦਿਆਂ ਸਰਕਾਰ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਮੰਗ ਕੀਤੀ।